ਜਿੰਨ ਪਹਾੜੋਂ ਲੱਭਾ 

ਪੁਰਾਣੇ ਸਮੇਂ ‘ਚ ਗੱਲ ਸੁਣਦੇ ਹੁੰਦੇ ਸੀ, ਇਕ ਸਾਧੂ, ਜੰਗਲਾਂ, ਪਹਾੜਾਂ ‘ਚ ਘੁੰਮਦਾ ਫਿਰਦਾ ਸੀ। ਇਕ ਦਿਨ ਉਹ ਥੱਕ ਗਿਆ ਤੇ ਇਕ ਵੱਡੇ ਰੁੱਖ ਨਾਲ ਢਾਸਣਾ ਲਾ ਕਿ ਬਹਿ ਗਿਆ। ਜਦੋਂ ਉਸ ਨੂੰ ਜਾਗ ਆਈ ਤਾਂ ਕੀ ਵੇਖਦਾ ਹੈ ਕਿ ਮਿੱਟੀ ਨਾਲ ਲਿਬੜਿਆ ਇਕ ਭਾਂਡਾ ਥੋੜੀ ਦੂਰ ਪਿਆ ਸੀ। ਉਸ ਨੇ ਉਹ ਭਾਂਡਾ ਚੱਕ ਲਿਆ ਤੇ ਸੋਚਣ ਲੱਗ ਪਿਆ ਕਿ ਹੁਣ ਨਦੀ ਤੋਂ ਪਾਣੀ ਨਾਲ ਭਰ ਕਿ ਕੋਲ਼ ਰਖਿਆ ਕਰਾਂਗਾ। ਥੋੜੀ ਦੂਰ ਹੀ ਨਦੀ ਆ ਗਈ। ਉਹ ਪਾਣੀ ਭਰਨ ਤੋਂ ਪਹਿਲੋਂ, ਭਾਂਡੇ ਨੂੰ ਮਾਂਜਣ ਲੱਗ ਪਿਆ। ਜਿਉਂ ਹੀ ਉਸ ਨੇ ਹੱਥ ਫੇਰਿਆ, ਤਦੇ ਹੀ ਇਕ ਜਿੰਨ ਪ੍ਰਗਟ ਹੋ ਗਿਆ। ਜਿੰਨ ਕਹਿੰਦਾ ਕਿ ਅੱਜ ਤੋਂ ਤੂੰ ਮੇਰਾ ਮਾਲਕ, ਜੋ ਮਰਜ਼ੀ ਕੰਮ ਕਰਾ, ਬਸ ਵਿਹਲਾ ਨਾ ਛੱਡੀ, ਨਹੀਂ ਤੇ ਮੈ ਤੈਨੂੰ ਖਾ ਜਾਊਂ। ਕੁੱਝ ਸਮਾਂ ਤਾਂ ਚੰਗਾ ਲੰਘ ਗਿਆ, ਤੇ ਫੇਰ ਇਕ ਦਿਨ ਉਹ ਜਿੰਨ ਦਾ ਭੋਜਨ ਬਣ ਗਿਆ। ਅੱਜ ਫੇਰ ਲੋਕਾਂ ਨੂੰ ਇਕ ਜਿੰਨ ਮਿਲ ਗਿਆ ਹੈ, ਜੋ ਸਭ ਕੁੱਝ ਖਾ ਚੁੱਕਾ ਹੈ। ਸਿਨਮਾ, ਨਾਟਕ, ਨਾਚ, ਕੰਮਪੀਊਟਰ, ਟੀਵੀ, ਫ਼ੋਨ, ਰਿਸ਼ਤੇ ਨਾਤੇ ਆਦਿ ਆਦਿ। ਕੀ ਪਿੰਡ, ਕੀ ਸ਼ਹਿਰ ਇਹ ਹਰ ਇਕ ਦੇ ਹੱਥ ਬੰਨੀ ਬੈਠਾ ਹੈ। ਦਿਨ ਹੈ ਜਾਂ ਰਾਤ, ਬੱਚਾ ਹੈ ਜਾਂ ਬਜ਼ੁਰਗ ਸਭ ਆਪਣੇ ਆਪ ਨੂੰ ਮਾਲਕ ਸਮਝ ਰਹੇ ਹਨ। ਹਾਲੇ ਜਿੰਨ ਵੀ ਬਹੁਤ ਰੁਝਿਆ ਹੋਇਆ ਹੈ। ਪਰ ਜਲਦੀ ਹੀ ਇਸ ਨੂੰ ਮਨੁਖੱਤਾ ਦਾ ਮਾਸ ਮਿਲਣ ਵਾਲਾ ਹੈ। ਕਾਸ਼ ਕੋਈ ਇਸ ਤਕਨੋਲਜੀ ਦੇ ਪੈਦਾ ਕੀਤੇ ਜਿੰਨ ਨੂੰ ਵਾਪਸ ਪਹਾੜਾਂ ਵਿੱਚ ਦੱਬ ਆਵੇ।

– ਜਨਮੇਜਾ ਸਿੰਘ ਜੌਹਲ
E-mail : janmeja@gmail.com