‘ਆਪ’ ਨੂੰ ਮਿਲਦੇ ਫ਼ੰਡਾਂ ਦੀ ਕੇਂਦਰ ਸਰਕਾਰ ਜਾਂਚ ਕਰੇ – ਸੁਖਬੀਰ ਸਿੰਘ ਬਾਦਲ

11– ਬਾਹਰਲੇ ਸੂਬਿਆਂ ਦੇ ਆਗੂ ਪੰਜਾਬ ਬਾਰੇ ਕੁੱਝ ਨਹੀਂ ਜਾਣਦੇ
– ਕੰਡੀ ਕਨਾਲ ਨਾਲ 218 ਪਿੰਡਾਂ ਨੂੰ ਹੋਵੇਗਾ ਫ਼ਾਇਦਾ
– ਬਲਾਚੌਰ ਵਿਚ ਸਥਾਪਿਤ ਹੋਵੇਗੀ ਵਾਲੀਬਾਲ ਅਕੈਡਮੀ
– ਬਲਾਚੌਰ ਹਲਕੇ ਦੇ ਦੋ ਦਿਨਾਂ ਸੰਗਤ ਦਰਸ਼ਨ ਦੌਰਾਨ 22 ਕਰੋੜ ਰੁਪਏ ਦੀਆਂ ਵਿਕਾਸ ਗਰਾਂਟਾਂ ਤਕਸੀਮ
ਬਲਾਚੌਰ, 6 ਅਗਸਤ – ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਚਹੁੰਮੁਖੀ ਵਿਕਾਸ ਵਿੱਚ ਅਕਾਲੀ-ਭਾਜਪਾ ਸਰਕਾਰ ਦਾ ਬਹੁਤ ਅਹਿਮ ਯੋਗਦਾਨ ਹੈ ਅਤੇ ਪ੍ਰਣ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਨੂੰ ਆਰਥਿਕ ਤੇ ਸਮਾਜਿਕ ਤਰੱਕੀ ਦੇ ਨਾਲ-ਨਾਲ ਪੰਜਾਬ ਵਾਸੀਆਂ ਦੀ ਖ਼ੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਹਮੇਸ਼ਾ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਿੰਨੀ ਚਿੰਤਾ ਅਕਾਲੀ-ਭਾਜਪਾ ਗੱਠਜੋੜ ਨੂੰ ਹੈ ਓਨੀ ਹੋਰ ਕਿਸੇ ਪਾਰਟੀ ਨੂੰ ਨਹੀਂ ਹੈ।
5 (1)ਬਲਾਚੌਰ ਹਲਕੇ ਦੇ ਸੰਗਤ ਦਰਸ਼ਨ ਦੇ ਦੂਜੇ ਤੇ ਆਖ਼ਰੀ ਦਿਨ ਸ. ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਬਾਹਰਲੇ ਸੂਬਿਆਂ ਦੇ ਅਜਿਹੇ ਵਿਅਕਤੀਆਂ ਦਾ ਟੋਲਾ ਹੈ ਜਿਸ ਨੂੰ ਪੰਜਾਬ ਦੇ ਸਭਿਆਚਾਰ, ਵਿਰਸੇ ਅਤੇ ਮਾਹੌਲ ਬਾਰੇ ਭੋਰਾ ਜਾਣਕਾਰੀ ਨਹੀਂ ਹੈ ਅਤੇ ਇਨ੍ਹਾਂ ਆਗੂਆਂ ਨੂੰ ਜਜ਼ਬਾਤੀ ਤੌਰ ‘ਤੇ ਪੰਜਾਬੀਆਂ ਨਾਲ ਵੀ ਭੋਰਾ ਮੋਹ ਨਹੀਂ ਹੈ। ਆਮ ਆਦਮੀ ਪਾਰਟੀ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਇਸ ਪਾਰਟੀ ਦੇ ਸਬੰਧ ਗਰਮ-ਖ਼ਿਆਲੀ ਆਗੂਆਂ ਨਾਲ ਹਨ ਅਤੇ ਇਸ ਪਾਰਟੀ ਨੂੰ ਮਿਲਦੇ ਫ਼ੰਡਾਂ ਦੀ ਕੇਂਦਰ ਸਰਕਾਰ ਵੱਲੋਂ ਗਹਿਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਹਾਲ ਪੀਪੀਪੀ ਨਾਲੋਂ ਵੀ ਭੈੜਾ ਹੋਵੇਗਾ।
ਸ. ਬਾਦਲ ਨੇ ਅੱਗੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਅੱਗੇ ਪਾਟੋਧਾੜ ਹੋਈ ਆਮ ਆਦਮੀ ਪਾਰਟੀ ਅਤੇ ਪੂਰੀ ਤਰ੍ਹਾਂ ਨਾਲ ਨਿਰਾਸ਼ਾ ਦੇ ਆਲਮ ਵਿਚ ਡੁੱਬ ਚੁੱਕੀ ਕਾਂਗਰਸ ਪਾਰਟੀ ਟਿਕ ਨਹੀਂ ਸਕਦੀਆਂ। ਉਨ੍ਹਾਂ ਕੈਪਟਨ…. ਅਮਰਿੰਦਰ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਹੁੰਦਿਆਂ ਕੈਪਟਨ ਨੇ ਪੰਜਾਬ ਲਈ ਇਕ ਵੀ ਅਜਿਹਾ ਕੰਮ ਨਹੀਂ ਕੀਤਾ ਜਿਸ ਨੂੰ ਉਹ ਆਪਣੀ ਪ੍ਰਾਪਤੀ ਵਜੋਂ ਗਿਣਾ ਸਕਦਾ ਹੋਵੇ।
ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ਼ ਉਦੋਂ ਹੀ ਹੋਇਆ ਹੈ ਜਦੋਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਗੱਠਜੋੜ ਨੇ ਸੇਵਾ ਸੰਭਾਲੀ ਹੈ। ਉਨ੍ਹਾਂ ਕਿਹਾ ਕਿ ਹਰ ਖੇਤਰ ਵਿੱਚ ਪੰਜਾਬ ਦਾ ਰਿਕਾਰਡ ਵਿਕਾਸ ਕਰਵਾਇਆ ਗਿਆ ਹੈ ਅਤੇ ਗ਼ਰੀਬਾਂ, ਕਿਸਾਨਾਂ ਤੇ ਹਰ ਤਬਕੇ ਲਈ ਬਹੁਤ ਸਾਰੀਆਂ ਭਲਾਈ ਸਕੀਮਾਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਚਲਾਈਆਂ ਜਾ ਰਹੀਆਂ ਹਨ।
ਕੰਡੀ ਕਨਾਲ ਬਾਰੇ ਜਾਣਕਾਰੀ ਦਿੰਦਿਆਂ ਸ. ਬਾਦਲ ਨੇ ਕਿਹਾ ਕਿ 540.24 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਬਹੁਤ ਜਲਦ ਮੁਕੰਮਲ ਹੋ ਜਾਵੇਗਾ ਜਿਸ ਨਾਲ ਕਿ 60,000 ਏਕੜ ਜ਼ਮੀਨ ਨੂੰ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ 218 ਪਿੰਡਾਂ ਨੂੰ ਲਾਭ ਪੁੱਜੇਗਾ। ਉਨ੍ਹਾਂ ਐਲਾਨ ਕੀਤਾ ਕਿ ਬਲਾਚੌਰ ਇਲਾਕੇ ਵਿੱਚ 100 ਫੀਸਦੀ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ 50 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉੱਪ ਮੁੱਖ ਮੰਤਰੀ ਨੇ ਬਲਾਚੌਰ ਵਿਚ ਵਾਲੀਬਾਲ ਅਕੈਡਮੀ ਸਥਾਪਿਤ ਕਰਨ ਦਾ ਵੀ ਐਲਾਨ ਕੀਤਾ ਅਤੇ ਕਿਹਾ ਕਿ ਹਰ ਬਲਾਕ ਵਿੱਚ ਇਕ ਸਕਿੱਲ ਸੈਂਟਰ ਵੀ ਖੋਲ੍ਹਿਆ ਜਾਵੇਗਾ।
ਇਸ ਤੋਂ ਪਹਿਲਾਂ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਸ. ਬਾਦਲ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ‘ਤੇ ਹਾਜ਼ਰ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਤੁਰੰਤ ਹੱਲ ਨਹੀਂ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਬਲਾਚੌਰ ਹਲਕੇ ਦੇ ਦੋ ਦਿਨਾਂ ਸੰਗਤ ਦਰਸ਼ਨ ਦੌਰਾਨ ਕਰੀਬ 22 ਕਰੋੜ ਰੁਪਏ ਦੀਆਂ ਵਿਕਾਸ ਗਰਾਂਟਾਂ ਵੀ ਵੰਡੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ, ਗੜ੍ਹਸ਼ੰਕਰ ਦੇ ਵਿਧਾਇਕ ਜੱਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡੀਆਈਜੀ ਐੱਸ.ਕੇ. ਕਾਲੀਆ ਅਤੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਆਦਿ ਹਾਜ਼ਰ ਸਨ।