ਕਿਸਾਨਾਂ ਨੇ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ

ਨਵੀਂ ਦਿੱਲੀ, 14 ਜਨਵਰੀ – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ 47 ਦਿਨਾਂ ਤੋਂ ਅਤਿ ਦੀ ਠੰਢ ‘ਚ ਦਿੱਲੀ ਦੀਆਂ ਸਰਹੱਦਾਂ ਉੱਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਤੇ ਕਿਸਾਨਾਂ ਨੇ 13 ਜਨਵਰੀ ਦਿਨ ਬੁੱਧਵਾਰ ਨੂੰ ਲੋਹੜੀ ਵਾਲੇ ਦਿਨ ਵਿਵਾਦਿਤ ਖੇਤੀ ਕਾਨੂੰਨਾਂ ਦੀ ਕਾਪੀਆਂ ਦਾ ‘ਭੁੱਗਾ’ ਬਾਲ ਕੇ ਲੋਹੜੀ ਦਾ ਤਿਉਹਾਰ ਮਨਾਇਆ। ਲੋਹੜੀ ਦੇ ਰਵਾਇਤੀ ਗੀਤਾਂ ਨੂੰ ਵਿਅੰਗਮਈ ਪਾਣ ਚਾੜ੍ਹ ਕੇ ਖੇਤੀ ਕਾਨੂੰਨਾਂ ਵੀ ਵਾਪਸੀ ਤੱਕ ਇਸੇ ਤਰ੍ਹਾਂ ਸ਼ਾਂਤਮਈ ਅੰਦੋਲਨ ਜਾਰੀ ਰੱਖਣ ਦਾ ਅਹਿਦ ਲਿਆ। ਦਿੱਲੀ ਵਿੱਚ ਸਿੰਘੂ, ਟਿੱਕਰੀ, ਗਾਜ਼ੀਪੁਰ ਤੇ ਦਿੱਲੀ ਦੀਆ ਹੋਰ ਸਰਹੱਦਾਂ ‘ਤੇ ਜਿੱਥੇ ਕਿਸਾਨਾਂ ਨੇ ਮੋਰਚਿਆਂ ਲਾਏ ਹਨ, ਉਨ੍ਹਾਂ ਥਾਵਾਂ ‘ਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਦਿਆਂ ਗਈਆਂ, ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’, ‘ਜੈ ਜਵਾਨ, ਜੈ ਕਿਸਾਨ’, ‘ਸਾਡਾ ਹੱਕ-ਇੱਥੇ ਰੱਖ’ ਦੇ ਨਾਅਰੇ ਲਾਏ ਗਾਏ। ‘ਯੂਥ ਫ਼ਾਰ ਸੁਸਾਇਟੀ’ ਦੇ ਕਾਰਕੁਨਾਂ ਨੇ ਮੋਦੀ ਸਰਕਾਰ ਦੀਆਂ ਨੀਤੀਆਂ ‘ਤੇ ਤਨਜ਼ ਕਸਦਿਆਂ ਲੋਹੜੀ ਦੇ ਰਵਾਇਤੀ ਗਾਣੇ ‘ਸੁੰਦਰ-ਮੁੰਦਰੀਏ’ ਨੂੰ ਵਿਅੰਗਮਈ ਤਰੀਕੇ ਨਾਲ ਗਾਇਆ। ਸਿੰਘੂ ਵਿਖੇ ਪ੍ਰੈੱਸ ਕਾਨਫ਼ਰੰਸ ਵਾਲੀ ਥਾਂ ਉੱਪਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਖੇਤੀ ਕਾਨੂੰਨਾਂ ਨੂੰ ਲੋਹੜੀ ਦੀ ਧੂਣੀ ਵਿੱਚ ਸਾੜਨ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਵਿਰੋਧ ਪ੍ਰਦਰਸ਼ਨ ਹੋਏ।
ਸੰਯੁਕਤ ਕਿਸਾਨ ਮੋਰਚੇ ਨੇ ਅੱਜ ਸਿੰਘੂ ਸਰਹੱਦ ‘ਤੇ ਮੀਟਿੰਗ ਕੀਤੀ, ਜਿਸ ਵਿੱਚ ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਦੇ ਆਗੂਆਂ ਤੇ ਮੋਰਚੇ ਦੇ ਆਗੂ ਯੋਗੇਂਦਰ ਯਾਦਵ, ਡਾ. ਦਰਸ਼ਨ ਪਾਲ, ਜਗਮੋਹਨ ਸਿੰਘ, ਰੁਲਦੂ ਸਿੰਘ ਮਾਨਸਾ, ਹਰਜੀਤ ਰਵੀ ਤੇ ਮੇਧਾ ਪਾਟੇਕਰ ਸਮੇਤ ਹੋਰ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਸੁਪਰੀਮ ਕੋਰਟ ਵੱਲੋਂ ਲੰਘੇ ਦਿਨ ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ਦੇ ਅਮਲ ‘ਤੇ ਰੋਕ ਤੇ ਚਾਰ ਮੈਂਬਰੀ ਕਮੇਟੀ ਗਠਿਤ ਕਰਨ ਮਗਰੋਂ ਬਣੇ ਹਾਲਾਤ ‘ਤੇ ਨਜ਼ਰਸਾਨੀ ਕਰਦਿਆਂ ਭਵਿੱਖੀ ਰਣਨੀਤੀ ‘ਤੇ ਵਿਚਾਰ ਚਰਚਾ ਕੀਤੀ ਗਈ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਕੌਮੀ ਪੱਧਰ ‘ਤੇ ਵਿਰੋਧ ਹੋ ਰਿਹਾ ਹੈ। ਆਗੂਆਂ ਨੇ ਸਾਫ਼ ਕਰ ਦਿੱਤਾ ਕਿ ਉਹ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਤੇ ਐੱਮਐੱਸਪੀ ਦੀ ਲਿਖਤੀ/ਕਾਨੂੰਨੀ ਗਾਰੰਟੀ ਦੀ ਆਪਣੀ ਮੰਗ ‘ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਹ ਇਨ੍ਹਾਂ ਮੰਗਾਂ ਤੋਂ ਬਿਨਾਂ ਆਪਣਾ ਅੰਦੋਲਨ ਵਾਪਸ ਨਹੀਂ ਲੈਣਗੇ।