ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ ਕਮਿਊਨਿਟੀ ‘ਚੋਂ 7 ਨਵੇਂ ਕੇਸ ਸਾਹਮਣੇ ਆਏ

ਵੈਲਿੰਗਟਨ, 15 ਅਗਸਤ (ਕੂਕ ਪੰਜਾਬੀ ਸਮਾਚਾਰ) – ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ ਐਸ਼ਲੇ ਬਲੂਮਫੀਲਡ ਨੇ ਅੱਜ ਮੀਡੀਆ ਨੂੰ ਦੱਸਿਆ ਕਿ ਨਿਊਜ਼ੀਲੈਂਡ ‘ਚ ਕੋਵਿਡ-19 ਦੇ ਅੱਜ ਕਮਿਊਨਿਟੀ ‘ਚੋਂ 7 ਨਵੇਂ ਹੋਰ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 6 ਕੰਨਫ਼ਰਮ ਅਤੇ 1 ਕੇਸ ਪ੍ਰੋਵੈਬਲੀ ਹੈ। ਉਨ੍ਹਾਂ ਨੇ ਕਿਹਾ ਅੱਜ ਦੇ 6 ਕੇਸਾਂ ਦਾ ਸੰਬੰਧ ਆਕਲੈਂਡ ਕਮਿਊਨਿਟੀ ਕਲੱਸਟਰ ਨਾਲ ਜੁੜਿਆ ਹੋਇਆ ਹੈ ਅਤੇ 1 ਕੇਸ ਜਾਂਚ ਅਧੀਨ ਹੈ। ਜਦ ਕਿ ਅੱਜ ਮੈਨੇਜਡ ਆਈਸੋਲੇਸ਼ਨ ‘ਚੋਂ ਕੋਈ ਵੀ ਨਵਾਂ ਕੇਸ ਨਹੀਂ ਆਇਆ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹੁਣ ਨਵੇਂ ਐਕਟਿਵ ਕੇਸਾਂ ਦੀ ਗਿਣਤੀ 56 ਹੋ ਗਈ ਹੈ। ਜਿਨ੍ਹਾਂ ਵਿੱਚੋਂ 37 ਕੇਸਾਂ ਦਾ ਸੰਬੰਧ ਕਮਿਊਨਿਟੀ ਟਰਾਂਸਮਿਸ਼ਨ ਨਾਲ ਹੈ। ਇਨ੍ਹਾਂ ਵਿੱਚੋਂ 35 ਐਕਟਿਵ ਕੇਸਾਂ ਦਾ ਸਿੱਧਾ ਸੰਬੰਧ ਆਕਲੈਂਡ ਕਮਿਊਨਿਟੀ ਕਲੱਸਟਰ ਨਾਲ ਹੈ ਜਦੋਂ ਕਿ 2 ਕੇਸਾਂ ਦੀ ਜਾਂਚ ਚੱਲ ਰਹਿ ਹੈ ਪਰ ਉਨ੍ਹਾਂ ਦੇ ਵੀ ਆਕਲੈਂਡ ਕਲੱਸਟਰ ਨਾਲ ਸੰਬੰਧ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 48 ਘੰਟਿਆਂ ਵਿੱਚ 86% ਨੇੜਲੇ ਸੰਪਰਕ ਪਾਜ਼ੇਟਿਵ ਆਏ ਹਨ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1609 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹੀ ਹਨ। ਜਿਨ੍ਹਾਂ ਵਿੱਚੋਂ 1,257 ਕੰਨਫ਼ਰਮ ਤੇ 352 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 1531 ਹੀ ਹੈ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਹੁਣ 56 ਹੋ ਗਈ ਹੈ, ਜਿਨ੍ਹਾਂ ਵਿੱਚੋਂ 37 ਕੇਸਾਂ ਦਾ ਸੰਬੰਧ ਕਮਿਊਨਿਟੀ ਟਰਾਂਸਮਿਸ਼ਨ ਨਾਲ ਹੈ। ਨਿਊਜ਼ੀਲੈਂਡ ਵਿੱਚ 2 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਜਾਂਚ ਅਧੀਨ ਦਾਖ਼ਲ ਹੈ। ਮੌਤਾਂ ਦੀ ਗਿਣਤੀ 22 ਹੀ ਹੈ।