ਖੇਤੀ ਕਾਨੂੰਨਾਂ ਖ਼ਿਲਾਫ਼ ਬਾਦਲ ਨੇ ‘ਪਦਮ ਵਿਭੂਸ਼ਨ’ ਅਤੇ ਢੀਂਡਸਾ ਨੇ ‘ਪਦਮ ਭੂਸ਼ਣ’ ਵਾਪਸ ਮੋੜੇ

ਚੰਡੀਗੜ੍ਹ, 4 ਦਸੰਬਰ – ਦਿੱਲੀ ਸਰਹੱਦ ਉੱਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ, 3 ਦਸੰਬਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ‘ਪਦਮ ਵਿਭੂਸ਼ਨ’ ਵਾਪਸ ਕਰਨ ਦਾ ਐਲਾਨ ਕੀਤਾ। ਇਨ੍ਹਾਂ ਤੋਂ ਬਾਅਦ ਹੁਣ ਕਈ ਖਿਡਾਰੀਆਂ ਤੇ ਹੋਰ ਸ਼ਖ਼ਸੀਅਤਾਂ ਨੇ ਅਜਿਹੇ ਸਨਮਾਨ ਵਾਪਸ ਕਰਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦੇਸ਼ ਦੇ ਰਾਸ਼ਟਰਪਤੀ ਵੱਲੋਂ ਇਸ ਸਨਮਾਨ ਨਾਲ ਨਿਵਾਜਿਆ ਗਿਆ ਸੀ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਨਮਾਨ ਵਾਪਸ ਕਰਦਿਆਂ ਰਾਸ਼ਟਰਪਤੀ ਨੂੰ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਖੇਤਰ ਲਈ ਲਿਆਂਦੇ ਗਏ ਤਿੰਨ ਕਾਨੂੰਨ ਕਿਸਾਨੀ ਨਾਲ ਧੋਖਾ ਹਨ ਜਿਸ ਕਰਕੇ ਇਹ ਸਨਮਾਨ ਵਾਪਸ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਤਾ ਗਿਆ ਸਨਮਾਨ ਕਿਸਾਨਾਂ ਦਾ ਹੀ ਸਨਮਾਨ ਸੀ ਕਿਉਂਕਿ ਉਹ ਖ਼ੁਦ ਸਿਆਸਤਦਾਨ ਤੋਂ ਪਹਿਲਾਂ ਇੱਕ ਕਿਸਾਨ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਇਸ ਸਮੇਂ ਕਿਸਾਨ ਸੜਕਾਂ ‘ਤੇ ਹਨ, ਪੁਲੀਸ ਦੀਆਂ ਡਾਂਗਾਂ ਖਾ ਰਹੇ ਹਨ, ਹੰਝੂ ਗੈੱਸ ਦੇ ਗੋਲੇ ਝੱਲ ਰਹੇ ਹਨ ਤੇ ਜਲ ਤੋਪਾਂ ਦਾ ਸਾਹਮਣਾ ਵੀ ਕਰ ਰਹੇ ਹਨ। ਉਨ੍ਹਾਂ ਭਾਜਪਾ ਦੇ ਆਈਟੀ ਸੈੱਲ ਵੱਲੋਂ ਕਿਸਾਨੀ ਅੰਦੋਲਨ ਨੂੰ ਵੱਖਵਾਦੀ ਕਰਾਰ ਦੇਣ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸ਼ਾਂਤੀਪੂਰਨ ਤੇ ਲੋਕਤੰਤਰੀ ਤਰੀਕੇ ਨਾਲ ਰੋਸ ਪ੍ਰਗਟ ਰਹੇ ਕਿਸਾਨਾਂ ਪ੍ਰਤੀ ਵਰਤੇ ਜਾ ਰਹੇ ਫ਼ਿਰਕੂ ਫ਼ਿਕਰਿਆਂ ਤੋਂ ਬਹੁਤ ਪੀੜਾ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਘਰਸ਼ਾਂ ਦੌਰਾਨ ਉਨ੍ਹਾਂ ਲੰਮਾ ਸਮਾਂ ਜੇਲ੍ਹਾਂ ਕੱਟੀਆਂ ਹਨ ਜੋ ਆਜ਼ਾਦ ਭਾਰਤ ਵਿੱਚ ਕਿਸੇ ਵੀ ਸਿਆਸੀ ਹਸਤੀ ਵੱਲੋਂ ਕੱਟੀਆਂ ਜੇਲ੍ਹਾਂ ਨਾਲੋਂ ਲੰਮੇ ਸਮੇਂ ਵਾਲੀਆਂ ਸਨ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ‘ਪਦਮ ਭੂਸ਼ਣ’ ਸਨਮਾਨ ਵਾਪਸ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਦੇਸ਼ ਦਾ ਅੰਨਦਾਤਾ ਅੰਦੋਲਨ ਕਰ ਰਿਹਾ ਹੈ ਜਿਸ ਵਿੱਚ ਪੰਜਾਬ ਦੀ ਸਭ ਤੋਂ ਵੱਡੀ ਸ਼ਮੂਲੀਅਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਇਨ੍ਹਾਂ ਕਾਲੇ ਕਾਨੂੰਨਾਂ ਕਰਕੇ ਸਮੁੱਚਾ ਪੰਜਾਬ ਦੁਖੀ ਹੈ। ਅਜਿਹੇ ਵਿੱਚ ਦੇਸ਼ ਦੀ ਸਰਕਾਰ ਵੱਲੋਂ ਦਿੱਤੇ ਗਏ ਇਸ ਸਨਮਾਨ ਨੂੰ ਰੱਖਣਾ ਉਨ੍ਹਾਂ ਦੀ ਜ਼ਮੀਰ ਦੇ ਖ਼ਿਲਾਫ਼ ਹੈ। ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਸੁਖਦੇਵ ਸਿੰਘ ਢੀਂਡਸਾ ਨੂੰ ਦੇਸ਼ ਦੇ ਰਾਸ਼ਟਰਪਤੀ ਵੱਲੋਂ ਇਸ ਸਨਮਾਨ ਨਾਲ ਨਿਵਾਜਿਆ ਗਿਆ ਸੀ।