ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ‘ਭਾਰਤ ਬੰਦ’

ਨਵੀਂ ਦਿੱਲੀ, 8 ਦਸੰਬਰ – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੀਆਂ ਕਿਸਾਨ ਜਥੇਬੰਦੀਆਂ ਨੇ ਵੱਲੋਂ ਅੱਜ ਮੁਕੰਮਲ ‘ਭਾਰਤ ਬੰਦ’ ਕੀਤਾ ਜਾ ਰਿਹਾ ਹੈ ਪਰ ਕਿਸਾਨ ਆਗੂਆਂ ਨੇ ਆਪਣੇ ਨਾਲ ਜੁੜੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਬੰਦ ਨੂੰ ਅਮਲ ਵਿੱਚ ਲਿਆਉਣ ਲਈ ਕੋਈ ਜ਼ੋਰ-ਜ਼ਬਰਦਸਤੀ ਨਾ ਕਰਨ। ਆਗੂਆਂ ਨੇ ਕਿਹਾ ਕਿ ‘ਭਾਰਤ ਬੰਦ’ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਪੂਰੀ ਖੁੱਲ੍ਹ ਦਿੱਤੀ ਜਾਵੇਗੀ। ਕਿਸਾਨ ਆਗੂਆਂ ਨੇ ਸਾਰਿਆਂ ਨੂੰ ‘ਸੰਕੇਤਕ’ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ 8 ਦਸੰਬਰ ਨੂੰ ਸਵੇਰੇ 11 ਵਜੇ ਤੋਂ 3 ਵਜੇ ਤਕ ‘ਚੱਕਾ ਜਾਮ’ ਕਰਨਗੇ। ‘ਭਾਰਤ ਬੰਦ’ ਨੂੰ ਦੇਸ਼ ਦੀਆਂ ਵੱਖ ਵੱਖ ਟਰੇਡ ਯੂਨੀਅਨਾਂ ਵੱਲੋਂ ਹਮਾਇਤ ਮਿਲ ਰਹੀ ਹੈ, ਜਿਸ ਨਾਲ ਉੱਤਰੀ ਭਾਰਤ ਵਿੱਚ ਬੰਦ ਦਾ ਵੱਡਾ ਅਸਰ ਵੇਖਣ ਨੂੰ ਮਿਲ ਸਕਦਾ ਹੈ। ‘ਭਾਰਤ ਬੰਦ’ ਦੌਰਾਨ ਦਿੱਲੀ ਪੁਲੀਸ ਨੇ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਹਨ। ਪੁਲੀਸ ਨੇ ਚੇਤਾਵਨੀ ਦਿੱਤੀ ਕਿ ਲੋਕਾਂ ਦੀ ਆਵਾਜਾਈ ‘ਚ ਅੜਿੱਕਾ ਪਾਉਣ ਵਾਲਿਆਂ ਜਾਂ ਜਬਰੀ ਦੁਕਾਨਾਂ ਬੰਦ ਕਰਵਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।