ਡਾ. ਮਨਮੋਹਨ ਸਿੰਘ ਦੇਸ਼ ਦੇ ਸਭ ਤੋਂ ਵੱਧ ਕਮਜ਼ੋਰ ਪ੍ਰਧਾਨ ਮੰਤਰੀ ਸਾਬਤ ਹੋਏ – ਸੁਖਬੀਰ ਬਾਦਲ

ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦਾ ਸਫ਼ਾਇਆ ਹੋ ਜਾਵੇਗਾ
ਐਸ. ਏ. ਐਸ. ਨਗਰ, 7 ਅਗਸਤ – ਭਾਰਤ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇਸ਼ ਦੇ ਸਭ ਤੋਂ ਵੱਧ ਕਮਜ਼ੋਰ ਪ੍ਰਧਾਨ ਮੰਤਰੀ ਸਾਬਤ ਹੋਏ ਹਨ ਜਿਸ ਕਾਰਨ ਸਾਡੇ ਗੁਆਂਢੀ ਮੁਲਕ ਵੱਲੋਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਕੇਂਦਰ ਵਿਚਲੀ ਮੌਜੂਦਾ ਸਰਕਾਰ ਦੇਸ਼ ਦੇ ਹਿੱਤ ਅਤੇ ਸੁਰੱਖਿਆ ਲਈ ਠੋਸ ਫੈਸਲਾ ਲੈਣ ਤੋਂ ਵੀ ਅਸਮਰੱਥ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਨਵੀਂ ਸਬਜ਼ੀ ਮੰਡੀ ਵਿਖੇ ਜ਼ਿਲ੍ਹੇ ਦੇ 354 ਸਰਪੰਚਾਂ ਅਤੇ 2102 ਪੰਚਾਂ ਨੂੰ ਸਹੁੰ ਚੁਕਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪੱਤਰਕਾਰਾਂ ਵੱਲੋਂ ਪਾਕਿ ਫੌਜ ਵੱਲੋਂ ਦੇਸ਼ ਦੀ ਸਰਹੱਦ ਅੰਦਰ ਦਾਖਲ ਹੋ ਕੇ 5 ਜਵਾਨ ਸ਼ਹੀਦ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ…….. ਵਿੱਚ ਉਹਨਾਂ ਕਿਹਾ ਕਿ ਇਹ ਵੀ ਦੇਸ਼ ਦੇ ਪ੍ਰਧਾਨ ਮੰਤਰੀ ਦੇ ਕਮਜ਼ੋਰ ਹੋਣ ਦੀ ਹੀ ਨਿਸ਼ਾਨੀ ਹੈ ਅੱਜ ਦੇਸ਼ ਵੀ ਪੂਰੀ ਤਰ੍ਹਾਂ ਸੁਰੱਖਿਅਤ ਨਹੀਂ ਹੈ। ਉਹਨਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸਫ਼ਾਇਆ ਹੋ ਜਾਵੇਗਾ ਅਤੇ ਦੇਸ਼ ਨੂੰ ਇੱਕ ਮਜ਼ਬੂਤ ਪ੍ਰਧਾਨ ਮੰਤਰੀ ਮਿਲੇਗਾ।
ਪੱਤਰਕਾਰਾਂ ਵੱਲੋਂ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕਾਂਗਰਸ ਪਾਰਟੀ ਨਾਲ ਸਬੰਧਿਤ ਸੰਸਦ ਮੈਂਬਰਾਂ ਨੂੰ ਨਾਲ ਲੈ ਕੇ ਗੁਜਰਾਤ ‘ਚ ਸਿੱਖ ਕਿਸਾਨਾਂ ਦੇ ਹੋ ਰਹੇ ਉਜਾੜੇ ਸਬੰਧੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਕਾਂਗਰਸ ਦੀ ਇਹ ਰਿਵਾਇਤ ਹੈ ਕਿ ਜੋ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਕਰਦਾ ਹੈ ਕਾਂਗਰਸ ਉਸਦੀ ਨਕਲ ਕਰਦੀ ਹੈ । ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਇਸ ਮਸਲੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ। ਉਹਨਾਂ ਕਿਹਾ ਕਿ ਇਹ ਐਕਟ ਕਾਂਗਰਸ ਸਰਕਾਰ ਨੇ ਬਣਾਇਆ ਸੀ । ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਦੇਣ ਦਾ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ  ਅਤੇ ਉਹਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।
ਉਪ ਮੁੱਖ ਮੰਤਰੀ ਪੰਜਾਬ ਨੇ ਦੱਸਿਆ ਕਿ ਆਉਣ ਵਾਲੇ ਤਿੰਨ ਸਾਲਾਂ ਵਿੱਚ ਸੂਬੇ ਦੀ ਕਾਇਆ ਕਲਪ ਹੋ ਜਾਵੇਗੀ ਅਤੇ ਪੰਜਾਬ ਦੇਸ਼ ਦਾ ਹਰ ਪੱਖੋਂ ਮੋਹਰੀ ਸੂਬਾ ਬਣ ਜਾਵੇਗਾ। ਉਹਨਾਂ ਦੱਸਿਆ ਕਿ ਪੰਜਾਬ ‘ਚ 40 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਥਰਮਲ ਪਲਾਂਟ ਮੁਕੰਮਲ ਹੋਣ ਨਾਲ ਛੇ ਮਹੀਨੇ ਬਾਅਦ  ਪੰਜਾਬ ਵਾਧੂ ਬਿਜਲੀ ਦੀ ਪੈਦਾਵਾਰ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ। ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਸ਼ਹਿਰਾਂ ਨੂੰ ਜੋੜਨ ਵਾਲੀਆ ਮੁੱਖ ਸੜਕਾਂ ਨੂੰ ਚਹੁੰ ਮਾਰਗੀ ਤੇ ਛੇ ਮਾਰਗੀ ਕਰਨ ਲਈ 12 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ । ਇਸ ਤੋਂ ਇਲਾਵਾ ਸੂਬੇ ਵਿੱਚ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਤੇ ਅਗਲੇ 4 ਮਹੀਨਿਆਂ ਦੌਰਾਨ 1700 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸ੍ਰ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਪੰਜਾਬ ਦੇ ਕੰਢੀ ਏਰੀਏ ਵਿੱਚ ਕਿਸਾਨਾਂ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰਨ ਲਈ 300 ਕਰੋੜ ਰੁਪਏ ਦੀ ਲਾਗਤ ਨਾਲ 280 ਡੂੰਘੇ ਟਿਊਬਵੈੱਲ ਲਗਾਏ ਜਾਣਗੇ। ਉਪ ਮੁੱਖ ਮੰਤਰੀ ਪੰਜਾਬ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਉਦਯੋਗਿਕ ਨੀਤੀ ਲਿਆਉਣ ਨਾਲ ਰਾਜ ਵਿੱਚ ਨਵੀਂ ਉਦਯੋਗਿਕ ਕ੍ਰਾਂਤੀ ਆਵੇਗੀ। ਉਹਨਾਂ ਦੱਸਿਆ ਕਿ ਐਸ. ਏ. ਐਸ ਨਗਰ ਵਿਖੇ 1500 ਏਕੜ ਵਿੱਚ ਬੰਗਲੌਰ ਅਤੇ ਹੈਦਰਾਬਾਦ ਦੀ ਤਰਜ਼ ਤੇ ਆਈ .ਟੀ. ਹੱਬ ਬਣਾਇਆ ਜਾਵੇਗਾ। ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਉਪ ਮੁੱਖ ਮੰਤਰੀ ਪੰਜਾਬ ਨੇ ਦੱਸਿਆ ਕਿ ਪੰਜਾਬ ਵਿੱਚ ਬੱਚਿਆਂ ਨੂੰ ਮਿਆਰੀ ਸਿੱਖਿਆ ਉਪਲਬਧ ਕਰਵਾਉਣ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਦਸਵੀਂ ਜਮਾਤ ਵਿੱਚ 80% ਤੋਂ ਵੱਧ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੀ ਪੜ੍ਹਾਈ ਕਰਨ ਲਈ  30 ਹਜ਼ਾਰ ਰੁਪਏ ਪ੍ਰਤੀ ਸਾਲ ਵਜ਼ੀਫੇ ਵੱਜੋਂ ਦਿੱਤੇ ਜਾਣਗੇ। ਉਪ ਮੁੱਖ ਮੰਤਰੀ ਨੇ ਹੋਰ ਦੱਸਿਆ ਕਿ ਸਕੂਲਾਂ ਵਿੱਚ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਅਗਲੇ ਮਹੀਨੇ ਤੋਂ ਸਾਈਕਲ ਵੰਡਣ ਦੀ ਸਕੀਮ ਮੁੜ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਹਨਾਂ ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ ਨੂੰ ਜ਼ਿਲ੍ਹੇ ਦੀਆਂ ਨਵੀਂਆਂ ਚੁਣੀਆਂ ਪੰਚਾਇਤਾਂ ਨੂੰ  ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਲਈ 12 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ ।
ਸਮਾਗਮ ਨੂੰ ਸੰਬੋਧਨ ਕਰਦਿਆਂ  ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ੍ਰ ਸੁਰਜੀਤ ਸਿੰਘ ਰਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਧਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਇਸ ਮੌਕੇ ਜੁੜੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਰਾਏ ਨਾਲ ਆਪਣੇ ਪਿੰਡਾਂ ਦੇ ਵਿਕਾਸ ਕੰਮ ਬਿਨਾਂ ਕਿਸੇ ਭੇਦ ਭਾਵ ਤੋਂ ਕਰਨ ਅਤੇ ਪਿੰਡਾਂ ਦਾ ਨਵਾਂ ਮਹੌਲ ਸਿਰਜਿਆ ਜਾਵੇ। ਉਹਨਾਂ ਦੱਸਿਆ ਕਿ ਪੰਜਾਬ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਤੇ 10 ਹਜ਼ਾਰ ਕਰੋੜ ਖਰਚ ਕਰਕੇ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸਮਾਗਮ ਨੂੰ ਮੁੱਖ ਸੰਸਦੀ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸ੍ਰੀ ਮਨਤਾਰ ਸਿੰਘ ਬਰਾੜ , ਮੁੱਖ ਸੰਸਦੀ ਸਕੱਤਰ  ਉਦਯੋਗ ਤੇ ਵਣਜ ਵਿਭਾਗ ਪੰਜਾਬ ਸ੍ਰੀ ਐਨ .ਕੇ. ਸ਼ਰਮਾ, ਸਾਬਕਾ ਕੇਂਦਰੀ ਮੰਤਰੀ ਤੇ ਹਲਕਾ ਇੰਚਾਰਜ ਐਸ .ਏ. ਐਸ. ਨਗਰ ਸ੍ਰ ਬਲਵੰਤ ਸਿੰਘ ਰਾਮੂਵਾਲੀਆ, ਜਥੇਦਾਰ ਉਜਾਗਰ ਸਿੰਘ ਬਡਾਲੀ ਹਲਕਾ ਇੰਚਾਰਜ ਖਰੜ ਨੇ ਵੀ ਸੰਬੋਧਨ ਕੀਤਾ।
ਸਮਾਗਮ ਵਿੱਚ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ, ਸ੍ਰ ਦੀਪਇੰਦਰ ਸਿੰਘ ਢਿੱਲੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ, ਜਥੇਦਾਰ ਅਮਰੀਕ ਸਿੰਘ ਮੋਹਾਲੀ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ, ਸ੍ਰ ਅਜਮੇਰ ਸਿੰਘ ਖੇੜਾ, ਸ੍ਰ ਚਰਨਜੀਤ ਸਿੰਘ ਕਾਲੇਵਾਲ ਦੋਵੇਂ ਮੈਂਬਰ ਐਸ. ਜੀ. ਪੀ. ਸੀ, ਸ੍ਰ ਹਰਸੁੱਖਇੰਦਰ ਸਿੰਘ ਬੱਬੀ ਬਾਦਲ ਸੀਨੀਅਰ ਅਕਾਲੀ ਆਗੂ, ਸ੍ਰ ਜੋਗਿੰਦਰ ਸਿੰਘ ਸਲੈਚ ਪ੍ਰਧਾਨ ਅਕਾਲੀ ਜਥਾ ਸ਼ਹਿਰੀ, ਸ੍ਰ ਹਰਮਨਪ੍ਰੀਤ ਸਿੰਘ ਪ੍ਰਿੰਸ ਪ੍ਰਧਾਨ ਯੂਥ ਅਕਾਲੀ ਦਲ ਸ਼ਹਿਰੀ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸ੍ਰ ਪਰਮਿੰਦਰ ਸਿੰਘ ਸੋਹਾਣਾ, ਸ੍ਰ ਪਰਮਜੀਤ ਸਿੰਘ ਕਾਹਲੋਂ , ਰਾਜਾ ਕੰਵਰਜੋਤ ਸਿੰਘ ਮੋਹਾਲੀ, ਸ੍ਰੀ ਅਸ਼ਵਨੀ ਕੁਮਾਰ ਸੰਭਾਲਕੀ, ਸ੍ਰ ਜੇ. ਪੀ. ਸਿੰਘ, ਸ੍ਰ ਮੇਜਰ ਸਿੰਘ ਸੰਗਤਪੁਰਾ, ਬੀਬੀ ਸਤਵੰਤ ਕੌਰ ਜੋਹਲ, ਸ੍ਰੀ ਨਰਿੰਦਰ ਸਿੰਘ ਲਾਂਬਾ, ਸ੍ਰ ਸੁਰਜੀਤ ਸਿੰਘ ਅਬਲੋਵਾਲ ਸਾਬਕਾ ਚੇਅਰਮੈਨ ਪਨਸੀਡ, ਸ੍ਰ ਸੁਰਿੰਦਰ ਸਿੰਘ ਧਰਮਗੜ੍ਹ, ਡੀ. ਆਈ. ਜੀ ਰੂਪਨਗਰ ਰੇਂਜ ਸ੍ਰੀ ਆਰ. ਕੇ. ਜੈਸਵਾਲ, ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪੁਨੀਤ ਗੋਇਲ, ਐਸ. ਡੀ. ਐਮ. ਸ੍ਰੀ ਲਖਮੀਰ ਸਿੰਘ, ਡੀ. ਡੀ. ਪੀ. ਓ ਸ੍ਰੀ ਗੁਰਵਿੰਦਰ ਸਿੰਘ ਸਰਾਓ, ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਸੰਜੀਵ ਕੁਮਾਰ , ਸਮੂਹ ਬਲਾਕ ਸੰਮਤੀਆਂ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਅਤੇ ਬਲਾਕ ਸੰਮਤੀਆਂ ਦੇ ਮੈਂਬਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।