ਨਿਰੰਕਾਰੀ ਭਵਨ ‘ਤੇ ਗ੍ਰਨੇਡ ਹਮਲਾ 3 ਵਿਅਕਤੀਆਂ ਦੀ ਮੌਤ

ਅੰਮ੍ਰਿਤਸਰ, 18 ਨਵੰਬਰ – ਇੱਥੇ 18 ਨਵੰਬਰ ਦਿਨ ਐਤਵਾਰ ਨੂੰ ਰਾਜਾਸਾਂਸੀ ਹਲਕੇ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਭਵਨ ਵਿੱਚ ਚੱਲ ਰਹੇ ਸਤਿਸੰਗ ਦੌਰਾਨ ਮੋਟਰਸਾਈਕਲ ‘ਤੇ ਸਵਾਰ ਨੌਜਵਾਨਾਂ ਵੱਲੋਂ ਕੀਤੇ ਗ੍ਰਨੇਡ ਹਮਲੇ ‘ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 22 ਦੇ ਲਗਭਗ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਗ੍ਰਨੇਡ ਧਮਾਕੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਸ਼ਨਾਖ਼ਤ ਸੰਦੀਪ ਸਿੰਘ ਵਾਸੀ ਰਾਜਾਸਾਂਸੀ, ਸੁਖਦੇਵ ਸਿੰਘ ਵਾਸੀ ਪਿੰਡ ਮੀਰਾਂਕੋਟ ਅਤੇ ਕੁਲਦੀਪ ਸਿੰਘ ਵਾਸੀ ਪਿੰਡ ਬੱਗਾ ਕਲਾਂ ਵਜੋਂ ਹੋਈ ਹੈ। ਜ਼ਖ਼ਮੀਆਂ ਵਿੱਚ 9 ਔਰਤਾਂ ਵੀ ਸ਼ਾਮਲ ਹਨ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਅਤੇ ਹੋਰ ਸੁਰੱਖਿਆ ਟੀਮਾਂ ਵੱਲੋਂ ਹਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਖ਼ਬਰਾਂ ਮੁਤਾਬਕ ਇਹ ਘਟਨਾ ਲਗਭਗ 12.00 ਵਜੇ ਵਾਪਰੀ। ਜਦੋਂ ਮੋਟਰਸਾਈਕਲ ‘ਤੇ ਸਵਾਰ ਦੋ ਹਥਿਆਰਬੰਦ ਨੌਜਵਾਨ ਆਏ ਜਿਨ੍ਹਾਂ ਨੇ ਮੂੰਹ ਢੱਕੇ ਹੋਏ ਸਨ। ਉਨ੍ਹਾਂ ‘ਚੋਂ ਇਕ ਨੌਜਵਾਨ ਨੇ ਹਾਲ ਵਿੱਚ ਬੈਠੀ ਸੰਗਤ ‘ਤੇ ਹੈਂਡ ਗ੍ਰਨੇਡ ਸੁੱਟਿਆ। ਧਮਾਕੇ ਨਾਲ ਉੱਥੇ ਭੱਜ-ਨੱਠ ਮੱਚ ਗਈ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਸਫਲ ਰਹੇ। ਮੌਕੇ ‘ਤੇ ਪੁੱਜੀ ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ ਤੇ ਪੰਜਾਬ ਭਰ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਸੀਨੀਅਰ ਪੁਲੀਸ ਅਤੇ ਜ਼ਿਲ੍ਹਾ ਅਧਿਕਾਰੀ ਘਟਨਾ ਸਥਾਨ ‘ਤੇ ਪੁੱਜ ਗਏ ਸਨ। ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਹਮਲੇ ਦੀ ਜਾਂਚ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਲ ਵਿੱਚ ਧਮਾਕੇ ਸਮੇਂ ਲਗਭਗ 200 ਸ਼ਰਧਾਲੂ ਹਾਜ਼ਰ ਸਨ। ਇਸ ਕੰਪਲੈਕਸ ਵਿੱਚ ਕਿਸੇ ਵੀ ਥਾਂ ‘ਤੇ ਸੀਸੀਟੀਵੀ ਕੈਮਰੇ ਨਹੀਂ ਲੱਗੇ ਹੋਏ ਹਨ। ਜਿਸ ਦਾ ਲਾਭ ਹਮਲਾਵਰਾਂ ਨੂੰ ਪੁੱਜ ਰਿਹਾ ਹੈ ਧਮਾਕੇ ਨਾਲ ਜ਼ਮੀਨ ‘ਤੇ ਤਿੰਨ ਇੰਚ ਦੇ ਘੇਰੇ ‘ਚ ਛੋਟਾ ਟੋਆ ਪੈ ਗਿਆ ਜਿਸ ਦੀ ਜਾਂਚ ਫੋਰੈਂਸਿਕ ਟੀਮ ਵੱਲੋਂ ਕੀਤੀ ਜਾ ਰਹੀ ਹੈ। ਜਦੋਂ ਕਿ ਡੇਰੇ ਦੇ ਪ੍ਰਬੰਧਕਾਂ ਤੇ ਸ਼ਰਧਾਲੂਆਂ ਨੇ ਦੋਸ਼ ਲਾਇਆ ਕਿ ਹਮਲਾ ਪ੍ਰਸ਼ਾਸਨ ਦੀ ਢਿੱਲ ਅਤੇ ਲਾਪਰਵਾਹੀ ਦਾ ਸਿੱਟਾ ਹੈ। ਪਰ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਹੈ।
ਨਿਰੰਕਾਰੀ ਭਵਨ ‘ਚ ਹੋਏ ਬੰਬ ਧਮਾਕੇ ਤੋਂ ਬਾਅਦ ਅੰਮ੍ਰਿਤਸਰ ਸਮੇਤ ਗੁਰਦਾਸਪੁਰ, ਜਲੰਧਰ, ਪਠਾਨਕੋਟ, ਲੁਧਿਆਣਾ, ਫ਼ਿਰੋਜ਼ਪੁਰ, ਹੁਸ਼ਿਆਰਪੁਰ ਸਮੇਤ ਪੂਰੇ ਪੰਜਾਬ ਅਤੇ ਨਵੀਂ ਦਿੱਲੀ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਦਿੱਲੀ ਵਿਖੇ ਨਿਰੰਕਾਰੀਆਂ ਦਾ ਹੈੱਡ ਆਫ਼ਿਸ ਹੈ, ਜਿੱਥੇ ਭਾਰੀ ਗਿਣਤੀ ‘ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਪੰਜਾਬ ਪੁਲਸ ਵੱਲੋਂ ਸੰਵੇਦਨਸ਼ੀਲ ਇਲਾਕਿਆਂ ‘ਚ ਚੱਪੇ-ਚੱਪੇ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਪੰਜਾਬ ‘ਚ 7 ਦੇ ਕਰੀਬ ਅਤਿਵਾਦੀਆਂ ਦੇ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਭਰ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਸੀ।