ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬੀ ‘ਚ ਦਿੱਤਾ ਪੇਪਰ ਰੱਦ ਕਰਨ ਦਾ ਮਾਮਲਾ

ਸਿਕੰਦਰ ਸਿੰਘ ਮਲੂਕਾ ਨੇ ਉਪ ਰਾਸ਼ਟਰਪਤੀ ਦਾ ਦਖਲ ਮੰਗਿਆ
ਚੰਡੀਗੜ੍ਹ (ਏਜੰਸੀ) – ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਮ. ਫਿਲ ਵਿੱਚ ਦਾਖਲਾ ਲੈਣ ਲਈ ਪੰਜਾਬੀ ਭਾਸ਼ਾ ਵਿੱਚ ਦਿੱਤੇ ਪੇਪਰ ਰੱਦ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਸਿੱਖਿਆ ਤੇ ਭਾਸ਼ਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਇਸ ਮਾਮਲੇ ਵਿੱਚ ਯੂਨੀਵਰਸਿਟੀ ਦੇ ਕੁਲਪਤੀ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਹਾਮਿਦ ਅਨਸਾਰੀ ਦਾ ਦਖਲ ਮੰਗਿਆ ਹੈ।
ਸ. ਮਲੂਕਾ ਨੇ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਹ ਪੰਜਾਬ ਤੇ ਪੰਜਾਬੀ ਭਾਸ਼ਾ ਲਈ ਬਹੁਤ ਹੀ ਘਾਤਕ ਫੈਸਲਾ ਹੈ ਅਤੇ ਪੰਜਾਬ ਸਰਕਾਰ ਦੀ 60 ਫੀਸਦੀ ਸਹਾਇਤਾ ਨਾਲ ਚੱਲ ਰਹੀ, ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਅਣਗੌਲਿਆ ਕਰਨ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ‘ਤੇ ਪੰਜਾਬ ਦਾ ਪੂਰਾ ਹੱਕ ਹੈ ਅਤੇ ਪੰਜਾਬ ਅਤੇ ਪੰਜਾਬੀ….. ਭਾਸ਼ਾ ਦੇ ਹਿੱਤਾਂ ਦੀ ਰਾਖੀ ਕਰਨਾ ਯੂਨੀਵਰਸਿਟੀ ਪ੍ਰਸ਼ਾਸਨ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਦੇਸ਼ ਦੀ ਸਭ ਤੋਂ ਉਚ ਪ੍ਰਸ਼ਾਸਕੀ ਪ੍ਰੀਖਿਆ ਪੰਜਾਬੀ ਮਾਧਿਅਮ ਵਿਚ ਦੇਣ ਦੀ ਆਗਿਆ ਹੈ ਅਤੇ ਦੂਸਰੇ ਪਾਸੇ ਪੰਜਾਬ ਦੀ ਰਾਜਧਾਨੀ ‘ਚ ਹੀ ਪੰਜਾਬੀ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ‘ਚ ਪੇਪਰ ਨਹੀਂ ਦੇਣ ਦਿੱਤੇ ਜਾ ਰਹੇ।
ਸਿੱਖਿਆ ਮੰਤਰੀ ਨੇ ਇਸ ਮਾਮਲੇ ਵਿੱਚ ਯੂਨੀਵਰਸਿਟੀ ਦੇ ਕੁਲਪਤੀ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਹਾਮਿਦ ਅਨਸਾਰੀ ਨੂੰ ਦਖਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਨਾਲ ਹੁੰਦੇ ਵਿਤਕਰੇ ਨੂੰ ਸਹਿਣ ਨਹੀਂ ਕਰੇਗਾ ਅਤੇ ਇਹ ਫੈਸਲਾ ਹਰ ਹਾਲ ਵਿੱਚ ਵਾਪਸ ਲੈਣਾ ਪਵੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਇਹ ਪੂਰਾ ਹੱਕ ਹੈ ਕਿ ਉਹ ਦਾਖ਼ਲੇ ਲਈ ਪ੍ਰੀਖਿਆ ਆਪਣੀ ਮਾਤਾ ਭਾਸ਼ਾ ਪੰਜਾਬੀ ਵਿੱਚ ਦੇਣ।
ਸਿੱਖਿਆ ਮੰਤਰੀ ਸ. ਮਲੂਕਾ ਨੇ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਦਾ ਵਫ਼ਦ ਪ੍ਰਧਾਨ ਮੰਤਰੀ ਨੂੰ ਜਲਦ ਮਿਲੇਗਾ ਅਤੇ ਇਹ ਮਸਲਾ ਹੱਲ ਕਰਵਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਬਣੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਦੇ ਰੁਤਬਾ ਕਿਸੇ ਵੀ ਕੀਮਤ ‘ਤੇ ਡਿੱਗਣ ਨਹੀਂ ਦਿੱਤਾ ਜਾਵੇਗਾ।