ਭਾਜਪਾ ਨੇ ਮੋਦੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 13 ਸਤੰਬਰ – ਭਾਰਤੀ ਜਨਤਾ ਪਾਰਟੀ ਨੇ ਆਪਣੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੇ ਵਿਰੋਧ ਦੇ ਬਾਵਜੂਦ 2014 ਦੀਆਂ ਚੋਣਾਂ ਲਈ ਗੁਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ। 13 ਸਤੰਬਰ ਦਿਨ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਨੇ ਦੇਰ ਸ਼ਾਮ ਦਿੱਲੀ ਵਿਖੇ ਹੋਈ ਬੈਠਕ ਵਿੱਚ ਮੋਦੀ ਦੇ ਨਾਂ ‘ਤੇ ਮੋਹਰ ਲਗਾ ਦਿੱਤੀ। ਇਸ ਬੈਠਕ ਵਿੱਚ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨਹੀਂ ਪੁੱਜੇ। ਪਰ ਇਸ ਦੇ ਬਾਵਜੂਦ ਭਾਜਪਾ ਨੇ ਮੋਦੀ ਦੇ ਨਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਪ੍ਰਧਾਨ ਰਾਜਨਾਥ ਸਿੰਘ ਨੇ ਮੋਦੀ ਦੇ ਨਾਂ ਦਾ ਐਲਾਨ ਬੈਠਕ ਤੋਂ ਬਾਅਦ ਪੱਤਰਕਾਰ ਮਿਲਣੀ ਵਿੱਚ ਕੀਤਾ। ਇਸ ਨਾਲ ਹੁਣ ਇਹ ਸਾਫ ਹੋ ਗਿਆ ਹੈ ਕਿ 2014 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਮੋਦੀ ਹੀ ਪਾਰਟੀ ਦੀ ਕਮਾਨ ਸੰਭਾਲਣਗੇ ਅਤੇ ਜੇ ਪਾਰਟੀ ਚੋਣਾਂ ਵਿੱਚ ਜਿੱਤ ਜਾਂਦੀ ਹੈ ਤਾਂ ਮੋਦੀ ਹੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ।