ਮਾਮਲਾ ਸਨਾਵਰ ਸਕੂਲ ਨੂੰ ਇਕ ਕਰੋੜ ਰੁਪਏ ਦੇਣ ਦਾ

ਇੰਡੀਅਨ ਨੈਸ਼ਨਲ ਕਾਂਗਰਸ ਆਪਣਾ ਸਟੈਂਡ ਸਪਸ਼ਟ ਕਰੇ – ਅਕਾਲੀ ਦਲ
ਚੰਡੀਗੜ੍ਹ, 4 ਅਕਤੂਬਰ (ਏਜੰਸੀ) – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਕਾਂਗਰਸ ਦੇ ਬੁਲਾਰੇ ਸ੍ਰੀ ਸੁਖਪਾਲ ਸਿੰਘ ਖਹਿਰਾ ਵੱਲੋਂ ਹਿਮਾਚਲ ਪ੍ਰਦੇਸ਼ ਵਿਚਲੇ ਰਾਸ਼ਟਰੀ ਵਿਰਾਸਤੀ ਮਹੱਤਤਾ ਵਾਲੇ ਸਕੂਲ ਨੂੰ ਇਕ ਕਰੋੜ ਰੁਪਏ ਦੇਣ ਵਿਰੁੱਧ ਦਿੱਤੇ ਬਿਆਨ ਦਾ ਗੰਭੀਰ ਨੋਟਿਸ ਲਿਆ ਅਤੇ ਆਖਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ, ਜੋ ਕਿ ਇਕ ਰਾਸ਼ਟਰੀ……. ਪਾਰਟੀ ਹੈ, ਦੇਸ਼ ਨੂੰ ਖੇਤਰੀ ਲੀਹਾਂ ‘ਤੇ ਵੰਡਣਾ ਚਾਹੁੰਦੀ ਹੈ।
ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਇਹ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਜਿਹੜੀ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇਸ਼ ਵਿਚ ਰਾਸ਼ਟਰਵਾਦ ਦੀ ਪ੍ਰਚਾਰਕ ਹੋਣ ਦਾ ਢੋਂਗ ਰਚਦੀ ਹੈ, ਸੌੜੇ ਸਿਆਸੀ ਹਿਤਾਂ ਦੀ ਖਾਤਰ ਇਸਦੇ ਉਲਟ ਵਿਵਹਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਬੁਲਾਰੇ ਦੇ ਬਿਆਨ ਦਾ ਉਦੇਸ਼ ਦੇਸ਼ ਨੂੰ ਖੇਤਰਵਾਦ ਦੀਆਂ ਲੀਹਾਂ ‘ਤੇ ਵੰਡਣਾ ਅਤੇ ਦੋਹਾਂ ਗਵਾਂਢੀ ਰਾਜਾਂ ਦੇ ਲੋਕਾਂ ਦੇ ਮਨਾਂ ਵਿਚ ਨਫਰਤ ਦੀ ਭਾਵਨਾ ਪੈਦਾ ਕਰਨਾ ਹੈ।
ਡਾ. ਚੀਮਾ ਨੇ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਅਤੇ ਹਿਮਾਚਲ ਪ੍ਰਦੇਸ ਕਾਂਗਰਸ ਪਾਰਟੀ ਨੂੰ ਆਖਿਆ ਕਿ ਉਹ ਇਸ ਮਾਮਲੇ ‘ਤੇ ਆਪਣਾ ਸਟੈਂਡ ਸਪਸ਼ਟ ਕਰਨ ਅਤੇ ਉਹਨਾਂ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਮਾੜੇ ਮਨਸੂਬਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਉਹਨਾਂ ਨੂੰ ਪੰਜਾਬ ਵਾਂਗ ਹੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸਬਕ ਸਿਖਾਉਣ ਦਾ ਸੱਦਾ ਦਿੱਤਾ।
ਡਾ. ਚੀਮਾ ਨੇ ਕਾਂਗਰਸ ਹਾਈ ਕਮਾਂਡ ਨੂੰ ਪੁਛਿਆ ਕਿ ਜੇਕਰ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੇ ਮਹੱਤਵਪੂਰਨ ਸਕੂਲ ਨੂੰ ਮਿਆਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਇਕ ਕਰੋੜ ਰੁਪਏ ਸਦਭਾਵਨਾ ਨਾਲ ਦਿੱਤੇ ਹਨ ਤਾਂ ਇਸ ਕੀ ਬੁਰਾਈ ਹੈ? ਉਹਨਾਂ ਕਿਹਾ ਕਿ ਇਸ ਸਕੂਲ ਨੇ ਦੇਸ਼ ਨੂੰ ਕਈ ਨਾਮੀ ਸ਼ਖਸੀਅਤਾਂ ਦਿੱਤੀਆਂ ਹਨ ਅਤੇ ਹੁਣ ਵੀ ਪੰਜਾਬ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਸਕੂਲ ਵਿਚ ਪੜ੍ਹ ਰਹੇ ਹਨ। ਕਾਂਗਰਸ ਪਾਰਟੀ ਦੀ ਇਸ ਸ਼ਰਾਰਤ ਨਾਲ ਇਹਨਾਂ ਵਿਦਿਆਰਥੀਆਂ ਨੂੰ ਹਿਮਾਚਲ ਪ੍ਰਦੇਸ਼ ਤੇ ਹੋਰ ਰਾਜਾਂ ਦੇ ਵਿਦਿਆਰਥੀਆਂ ਦੀ ਨਫਰਤ ਦਾ ਸਾਹਮਣਾ ਕਰਨ ਦਾ ਖ਼ਤਰਾ ਪੈਦਾ ਹੋ ਗਿਆ ਹੈ। ਉਹਨਾਂ ਕਿਹਾ ਕਿ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕੀਤੇ ਯਤਨ ਦਾ ਉਦੇਸ਼ ਦੋਹਾਂ ਗਵਾਂਢੀ ਰਾਜਾਂ ਦੇ ਲੋਕਾਂ ਦਰਮਿਆਨ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ।