ਮੁੱਖ ਮੰਤਰੀ ਵਲੋਂ ਗਦਰ ਲਹਿਰ ਬਾਰੇ ਪੁਸਤਕ ਰਿਲੀਜ਼

ਤਿੰਨ ਉੱਘੇ ਇਤਿਹਾਸਕਾਰਾਂ ਵੱਲੋਂ ਸੰਪਾਦਿਤ ਪੁਸਤਕ ਵਿੱਚ ਗਦਰ ਲਹਿਰ ਦਾ ਪਿਛੋਕੜ, ਵਿਚਾਰਧਾਰਾ, ਸਰਗਰਮੀਆਂ ਤੇ ਵਿਰਾਸਤ ਦੀ ਪੇਸ਼ਕਾਰੀ
ਚੰਡੀਗੜ੍ਹ, 16 ਅਗਸਤ – ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਬੀਤੀ ਸ਼ਾਮ ਇੱਥੇ ਮੁੱਖ ਮੰਤਰੀ ਨਿਵਾਸ ‘ਤੇ ਗਦਰ ਲਹਿਰ ਬਾਰੇ ਪੁਸਤਕ ‘ਦੀ ਗਦਰਮੂਵਮੈਂਟ-ਬੈਕਗਰਾਊਂਡ, ਆਈਡਿਆਲੋਜੀ, ਐਕਸ਼ਨ ਐਂਡ ਲੀਗੇਸੀ’ ਰਿਲੀਜ਼ ਕੀਤੀ। ਇਹ ਕਿਤਾਬ ਉੱਘੇ ਇਤਿਹਾਸਕਾਰ ਪ੍ਰੋ. ਜੇ. ਐਸ. ਗਰੇਵਾਲ, ਪ੍ਰੋ. ਹਰੀਸ਼ ਕੇ. ਪੁਰੀ ਅਤੇ ਪ੍ਰੋ. ਇੰਦੂ ਬੰਗਾ ਵਲੋਂ ਸੰਪਾਦਿਤ ਕੀਤੀ ਗਈ ਹੈ।
ਕਿਤਾਬ ਨੂੰ ਰਿਲੀਜ਼ ਕਰਦੇ ਹੋਏ ਮੁੱਖ ਮੰਤਰੀ ਨੇ ਸੰਪਾਦਕੀ ਬੋਰਡ ਨੂੰ ਇਸ ਵਿਸ਼ਾਲ ਕਾਰਜ ਲਈ ਵਧਾਈ ਦਿੱਤੀ। ਜਿਸ ਵਿੱਚ ਭਾਰਤੀ ਆਜ਼ਾਦੀ ਸੰਘਰਸ਼ ਨਾਲ ਸਬੰਧਤ ਇਸ ਲਹਿਰ ਤੋਂ ਇਲਾਵਾ ਸਮੁੱਚੀ ਆਜ਼ਾਦੀ ਲਹਿਰ ਬਾਰੇ ਚਾਨਣਾ ਪਾਇਆ ਗਿਆ ਹੈ ਜਿਸ ਨੇ ਮਾਤਰ-ਭੂਮੀ ਦੀ ਆਜ਼ਾਦੀ ਲਈ ਅੰਗਰੇਜ਼ ਸਾਮਰਾਜ….. ਦੀਆਂ ਜੜ੍ਹਾਂ ਪੁੱਟ ਸੁੱਟੀਆਂ। ਉਨ੍ਹਾਂ ਕਿਹਾ ਕਿ ਇਹ ਪੁਸਤਕ ਆਜ਼ਾਦੀ ਸੰਘਰਸ਼ ਦੀਆਂ ਵੱਖ ਵੱਖ ਲਹਿਰਾਂ ਲਈ ਦੇਸ਼ ਤੇ ਵਿਦੇਸ਼ ਵਿੱਚ ਪੰਜਾਬੀਆਂ ਵਲੋਂ ਨਿਭਾਈ ਗਈ ਭੂਮਿਕਾ ਨੂੰ ਪਾਠਕਾਂ ਅੱਗੇ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀ ਆਬਾਦੀ ਦੇਸ਼ ਦੀ ਆਬਾਦੀ ਦੇ ਮੁਕਾਬਲੇ ਸਿਰਫ ਦੋ ਫੀਸਦੀ ਹੋਣ ਦੇ ਬਾਵਜੂਦ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ।
ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਨੂੰ ਇਹ ਪੁਸਤਕ ਪ੍ਰਕਾਸ਼ਿਤ ਕਰਵਾਉਣ ਲਈ ਕੀਤੇ ਗਏ ਠੋਸ ਉਪਰਾਲਿਆਂ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਿਤਾਬ ਇਤਿਹਾਸਕਾਰਾਂ ਤੇ ਵਿਦਿਆਰਥੀਆਂ ਲਈ ਭਾਰਤੀ ਇਤਿਹਾਸ ਦਾ ਗਿਆਨ ਪ੍ਰਾਪਤ ਕਰਨ ਵਾਸਤੇ ਬਹੁਤ ਜ਼ਿਆਦਾ ਸਹਾਈ ਹੋਵੇਗੀ।
ਇਸ ਤੋਂ ਪਹਿਲਾਂ ਉਪ ਕੁਲਪਤੀ ਡਾ. ਜਸਪਾਲ ਸਿੰਘ ਨੇ ਮੁੱਖਮੰਤਰੀ ਨੂੰ ਇਸ ਪੁਸਤਕ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪੁਸਤਕ ਭਾਰਤ ਦੇ ਆਜ਼ਾਦੀ ਸੰਘਰਸ਼ ਨਾਲ ਸਬੰਧਤ ਹੈ ਜਿਸ ਵਿੱਚ ਗਦਰ ਲਹਿਰ ਦਾ ਨਵੇਂ ਸਿਰੇ ਤੋਂ ਵਿਸ਼ਲੇਸ਼ਣ ਤੇ ਮੁਲਾਂਕਣ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪੁਸਤਕ ਪ੍ਰਸਿੱਧ ਲੇਖਕਾਂ ਦਾਨਿਯਮਬੱਧ ਲੇਖਾਂ ਦਾ ਸੰਗ੍ਰਹਿ ਹੈ ਜਿਨ੍ਹਾਂ ਨੇ ਆਜ਼ਾਦੀ ਦੇ ਸੰਘਰਸ਼ ਅਤੇ ਗ਼ਦਰ ਲਹਿਰ ਦੀ ਭੂਮਿਕਾ ਦਾ ਵਿਸਥਾਰ ਵਿੱਚ ਵਰਨਣ ਕੀਤਾ ਹੈ। ਉਨ੍ਹਾਂ ਨਾਲ ਹੀ ਆਖਿਆ ਕਿ ਇਸ ਪੁਸਤਕ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਪ੍ਰਕਾਸ਼ਤ ਕੀਤਾ ਗਿਆ ਹੈ ਅਤੇ ਅਗਲੇ ਸਾਲ ਇਸ ਦਾ ਪੰਜਾਬੀ ਅਨੁਵਾਦ ਵੀ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਪੁਸਤਕ ਗ਼ਦਰ ਲਹਿਰ ਦੇ 100 ਵਰ੍ਹੇ ਪੂਰੇ ਹੋਣ ‘ਤੇ ਅਮਰੀਕਾ ਵਿੱਚ ਹੋਏ ਸਮਾਗਮ ਮੌਕੇ ਵੀ ਜਾਰੀ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਜੇ. ਐਸ. ਗਰੇਵਾਲ, ਸਾਬਕਾ ਪ੍ਰੋ. ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਡਾ. ਪ੍ਰਿਥੀਪਾਲ ਸਿੰਘ ਕਪੂਰ, ਪ੍ਰੋ. ਇੰਦੂ ਬੰਗਾ, ਪੰਜਾਬੀ ਯੂਨੀਵਰਸਿਟੀ ਦੇ ਡੀਨ ਰਿਸਰਚ ਡਾ. ਜਸਵਿੰਦਰ ਸਿੰਘ, ਡਾਇਰੈਕਟਰ ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ ਡਾ. ਧਨਵੰਤ ਕੌਰ ਅਤੇ ਪੰਜਾਬ ਵਿਭਾਗ ਦੇ ਮੁਖੀ ਡਾ. ਜਸਬੀਰ ਕੌਰ ਵੀ ਹਾਜ਼ਰ ਸਨ।