ਵਿਸ਼ੇਸ਼ ਜਾਂਚ ਟੀਮ ਵੱਲੋਂ ਬਹਿਬਲ ਗੋਲੀ ਕਾਂਡ ‘ਚ ਸੁਮੇਧ ਸੈਣੀ ਤੇ ਉਮਰਾਨੰਗਲ ਦੋਸ਼ੀਆਂ ਵਜੋਂ ਨਾਮਜ਼ਦ

ਫ਼ਰੀਦਕੋਟ, 28 ਸਤੰਬਰ – ਵਿਸ਼ੇਸ਼ ਜਾਂਚ ਟੀਮ ਨੇ ਸਾਲ 2015 ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ 2015 ਨੂੰ ਵਾਪਰੇ ਬਹਿਬਲ ਗੋਲੀ ਕਾਂਡ ‘ਚ ਅੱਜ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਦੋਸ਼ੀਆਂ ਵਜੋਂ ਨਾਮਜ਼ਦ ਕੀਤਾ ਗਿਆ ਹੈ। ਖ਼ਬਰਾਂ ਹਨ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਉਕਤ ਦੋਹਾਂ ਅਫ਼ਸਰਾਂ ਨੂੰ ਥਾਣਾ ਬਾਜਾਖਾਨਾ ਜ਼ਿਲ੍ਹਾ ਫ਼ਰੀਦਕੋਟ ‘ਚ ਮੁਕੱਦਮਾ ਨੰਬਰ: 130 ਮਿਤੀ 21 ਅਕਤੂਬਰ 2015 ‘ਚ ਦੋਸ਼ੀ ਵਜੋਂ ਨਾਮਜ਼ਦ ਕਰਨ ਲਈ 26 ਸਤੰਬਰ 2020 ਨੂੰ ਥਾਣਾ ਮੁਖੀ ਨੂੰ ਪੱਤਰ ਲਿਖਿਆ ਗਿਆ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸਿੰਘ ਸ਼ਰਮਾ, ਐੱਸਪੀ ਬਿਕਰਮ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ, ਥਾਣਾ ਬਾਜਾਖਾਨਾ ਦੇ ਸਾਬਕਾ ਐੱਸਐੱਚਓ ਅਮਰਜੀਤ ਸਿੰਘ ਕੁਲਾਰ, ਕਾਰੋਬਾਰੀ ਪੰਕਜ ਬਾਂਸਲ ਤੇ ਸੁਹੇਲ ਸਿੰਘ ਬਰਾੜ ਮੁਲਜ਼ਮ ਵਜੋਂ ਨਾਮਜ਼ਦ ਹੋ ਚੁੱਕੇ ਹਨ। ਇਸ ਵਿੱਚ ਇੰਸਪੈਕਟਰ ਪਰਦੀਪ ਸਿੰਘ ਇਸ ਮਾਮਲੇ ‘ਚ ਵਾਅਦਾ ਮੁਆਫ਼ ਗਵਾਹ ਬਣ ਗਏ ਹਨ। ਜ਼ਿਕਰਯੋਗ ਹੈ ਕਿ ਮੁਲਤਾਨੀ ਅਗਵਾ ਕਾਂਡ ਤੋਂ ਬਾਅਦ ਹੁਣ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।