ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦਾ ਦੇਹਾਂਤ

ਅੰਮ੍ਰਿਤਸਰ, 2 ਅਪ੍ਰੈਲ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਤੇ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਅੱਜ ਤੜਕੇ ਲਗਭਗ ਸਵੇਰੇ 4:30 ਵਜੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਅਕਾਲ ਚਲਾਣਾ ਕਰ ਗਏ। ਉਹ ਕੋਰੋਨਾਵਾਇਰਸ ਤੋਂ ਪੀੜਤ ਸਨ, ਬੀਤੇ ਦਿਨੀਂ ਉਨ੍ਹਾਂ ਦੀ ਕੋਰੋਨਾਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਸੀ। ਉਨ੍ਹਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਸੀ ਤੇ ਕੱਲ੍ਹ ਰਾਤ ਤੋਂ ਉਹ ਵੈਂਟੀਲੇਟਰ ‘ਤੇ ਸਨ। ਭਾਈ ਸਾਹਿਬ ਨਿਰਮਲ ਸਿੰਘ ਖਾਲਸਾ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਸਨ, ਜੋ ਰਾਗਾਂ ਅਧਾਰਿਤ ਕੀਰਤਨ ਕਰਦੇ ਸਨ। ਖ਼ਬਰਾਂ ਮੁਤਾਬਿਕ ਉਨ੍ਹਾਂ ਨੂੰ 30 ਮਾਰਚ ਦਿਨ ਸੋਮਵਾਰ ਤੋਂ ਹੀ ਖੰਘ, ਬੁਖ਼ਾਰ ਤੇ ਸਾਹ ਲੈਣ ਵਿੱਚ ਤਕਲੀਫ਼ ਆ ਰਹੀ ਸੀ। ਭਾਈ ਸਾਹਿਬ ਦੇ ਤੁਰ ਜਾਣ ਨਾਲ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ ਹੈ, ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ।