ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਸਾਂਝੀ ਸੰਸਦੀ ਕਮੇਟੀ ਕਾਇਮ ਕਰਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜਾਂਚ ਕਰਵਾਉਣ ਦੀ ਮੰਗ
ਨਵੀਂ ਦਿੱਲੀ, 6 ਫਰਵਰੀ – ਕਾਂਗਰਸ ਸਣੇ ਕਈ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਅਡਾਨੀ ਗਰੁੱਪ ਖ਼ਿਲਾਫ਼ ‘ਹਿੰਡਨਬਰਗ ਰਿਸਰਚ’ ਵੱਲੋਂ ਲਾੲੇ ਗਏ ਦੋਸ਼ਾਂ ਨਾਲ ਜੁੜੇ ਮਾਮਲੇ ਨੂੰ ਲੈ ਕੇ ਸੰਸਦ ਭਵਨ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕੀਤਾ। ਆਗੂਆਂ ਨੇ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਕਾਇਮ ਕਰਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਇਸ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ। ਕਾਂਗਰਸ ਨੇ ਮੰਗ ਕੀਤੀ ਕਿ ਇਸ ਵਿਸ਼ੇ ’ਤੇ ਸਦਨ ਵਿੱਚ ਵੀ ਚਰਚਾ ਹੋਣੀ ਚਾਹੀਦੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮੁੱਦੇ ’ਤੇ ਜਵਾਬ ਦੇਣਾ ਚਾਹੀਦਾ ਹੈ। ਪ੍ਰਦਰਸ਼ਨ ਕਰ ਰਹੇ ਨੇਤਾਵਾਂ ਨੇ ਇੱਕ ਵੱਡਾ ਬੈਨਰ ਵੀ ਫੜਿਆ ਹੋਇਆ ਸੀ ਜਿਸ ’ਤੇ ਲਿਖਿਆ ਸੀ, ‘ਅਡਾਨੀ ਸਕੈਂਡਲ ਦੀ ਜਾਂਚ ਜੇਸੀਪੀ ਵੱਲੋਂ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਵੇ’।