ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਨੂੰ ਬੇਅਦਬੀ ਤੇ ਗੋਲੀਕਾਂਡ ਕੇਸਾਂ ਦੀ ਪੈਰਵੀ ਲਈ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਥਾਪਿਆ

ਚੰਡੀਗੜ੍ਹ, 1 ਅਕਤੂਬਰ – ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਨੂੰ ਬੇਅਦਬੀ ਤੇ ਗੋਲੀਕਾਂਡ ਦੇ ਕੇਸਾਂ ਵਿੱਚ ਤੇਜ਼ੀ ਨਾਲ ਕਾਰਵਾਈ ਕਰਨ ਵਾਸਤੇ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਤੋਂ ਇਹ ਜਾਪਦਾ ਹੈ ਕਿ ਹੁਣ ਐਡਵੋਕੇਟ ਜਨਰਲ ਨੂੰ ਬਦਲਣ ਦਾ ਮਾਮਲਾ ਮੱਠਾ ਪੈ ਗਿਆ ਹੈ।
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਦੱਸਿਆ ਕਿ ਸ੍ਰੀ ਬੈਂਸ ਨੂੰ ਥਾਣਾ ਬਾਜਾਖਾਨਾ ਅਤੇ ਸਿਟੀ ਕੋਟਕਪੂਰਾ ਵਿੱਚ ਵੱਖ-ਵੱਖ ਤਰੀਕਾਂ ਨੂੰ ਦਰਜ ਚਾਰ ਕੇਸਾਂ ਵਿੱਚ ਟਰਾਇਲ ਕੋਰਟ/ਕੋਰਟਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੂਬਾ ਸਰਕਾਰ ਵੱਲੋਂ ਪੈਰਵੀ ਕਰਨ ਲਈ ਸੀਆਰਪੀਸੀ, 1973 ਦੀ ਧਾਰਾ 24 (8) ਅਧੀਨ ਨਿਯੁਕਤ ਕੀਤਾ ਗਿਆ ਹੈ। ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਦੀ ਨਿਯੁਕਤੀ ਸਬੰਧੀ ਪ੍ਰਮੁੱਖ ਸਕੱਤਰ (ਗ੍ਰਹਿ ਤੇ ਨਿਆਂ) ਅਨੁਰਾਗ ਵਰਮਾ ਵੱਲੋਂ ਬਾਕਾਇਦਾ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।