ਐੱਸਜੀਪੀਸੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ‘ਚ ਪੰਜ ਗਾਈਡ ਤਾਇਨਾਤ

ਅੰਮ੍ਰਿਤਸਰ, 1 ਫਰਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਪੁੱਜਦੀ ਸੰਗਤਾਂ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਪ੍ਰਕਰਮਾ ਅੰਦਰ ਪੰਜ ਗਾਈਡ ਤਾਇਨਾਤ ਕੀਤੇ ਹਨ। ਇਹ ਪੰਜ ਗਾਈਡ ਬੀਤੇ ਕੁੱਝ ਦਿਨ ਪਹਿਲਾਂ ਹੀ ਡਿਊਟੀ ਉੱਤੇ ਲਗਾਏ ਗਏ ਹਨ। ਇਨ੍ਹਾਂ ਕਰਮਚਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਵਿਦੇਸ਼ਾਂ ਤੇ ਪੰਜਾਬ ਤੋਂ ਬਾਹਰੋਂ ਪੁੱਜਦੀ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਇਤਿਹਾਸਕ ਅਸਥਾਨਾਂ, ਰਿਹਾਇਸ਼ ਅਤੇ ਲੰਗਰ ਆਦਿ ਬਾਰੇ ਜਾਣਕਾਰੀ ਦੇਣ ਲਈ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਇਹ ਗਾਈਡ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਦਬ-ਸਤਿਕਾਰ ਅਤੇ ਮਰਯਾਦਾ ਬਾਰੇ ਵੀ ਜਾਗਰੂਕ ਕਰਨਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਨ੍ਹਾਂ ਗਾਈਡਾਂ ਨੂੰ ਮਿਲ ਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।