ਕਾਂਗਰਸ ਦੇ ਨਵੇਂ ਚੁਣੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ

ਨਵੀਂ ਦਿੱਲੀ, 26 ਅਕਤੂਬਰ – ਕਾਂਗਰਸ ਦੇ ਨਵੇਂ ਚੁਣੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਰਸਮੀ ਤੌਰ ‘ਤੇ ਚੋਣ ਪੱਤਰ ਮਿਲਣ ਬਾਅਦ ਆਪਣਾ ਅਹੁਦਾ ਸੰਭਾਲ ਲਿਆ। ਪਾਰਟੀ ਦੇ ਕੇਂਦਰੀ ਚੋਣ ਅਥਾਰਟੀ ਦੇ ਮੁਖੀ ਮਧੂਸੂਦਨ ਮਿਸਤਰੀ ਨੇ ਸ੍ਰੀ ਖੜਗੇ ਨੂੰ ਚੋਣ ਸਰਟੀਫਿਕੇਟ ਸੌਂਪਿਆ। ਇਸ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਕੇਸੀ ਵੇਣੂਗੋਪਾਲ, ਪ੍ਰਿਯੰਕਾ ਗਾਂਧੀ ਵਾਡਰਾ ਤੇ ਹੋਰ ਕਈ ਨੇਤਾ ਹਾਜ਼ਰ ਸਨ। ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਖੜਗੇ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ, ਲਾਲ ਬਹਾਦਰ ਸ਼ਾਸਤਰੀ, ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਅਹੁਦਾ ਸੰਭਾਣ ਬਾਅਦ ਸ੍ਰੀ ਖੜਗੇ ਨੇ ਕਿਹਾ,‘ਇਹ ਮੇਰੇ ਲਈ ਭਾਵਨਾਤਮਕ ਪਲ ਹੈ, ਮੈਂ ਮਜ਼ਦੂਰ ਦੇ ਪੁੱਤ ਅਤੇ ਆਮ ਵਰਕਰ ਨੂੰ ਪਾਰਟੀ ਦਾ ਪ੍ਰਧਾਨ ਬਣਾਉਣ ਲਈ ਕਾਂਗਰਸੀਆਂ ਦਾ ਧੰਨਵਾਦ ਕਰਦਾ ਹਾਂ।’