ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਵਿਖੇ ਸਰਕਾਰੀ ਸਨਮਾਨਾਂ ਨਾਲ ਸਸਕਾਰ

ਜਲੰਧਰ, 15 ਜਨਵਰੀ – ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨ ਨਾਲ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਵਿਖੇ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਵਿਧਾਇਕ ਵਿਕਰਮਜੀਤ ਸਿੰਘ ਨੇ ਦਿਖਾਈ।
ਚੌਧਰੀ ਸੰਤੋਖ ਸਿੰਘ ਦਾ ਸਸਕਾਰ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਸ਼ਾਮਲ ਹੋਏ। ਪਿੰਡ ਧਾਲੀਵਾਲ ਕਾਦੀਆਂ ਵਿਚ ਵੱਡੀ ਗਿਣਤੀ ਵਿੱਚ ਹਾਜਰ ਲੋਕਾਂ ਨੇ ਆਪਣੇ ਮਹਿਬੂਬ ਨੇਤਾ ਨੂੰ ਨਮ ਅੱਖਾਂ ਨਾਲ ਵਿਦਾਈ ਦਿੱਤੀ। ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਪਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਿੰਦਰ ਬੇਰੀ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਸਮੇਤ ਹੋਰ ਆਗੂ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।
ਜ਼ਿਕਰਯੋਗ ਹੈ ਕਿ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਸ਼ਨਿਚਰਵਾਰ ਨੂੰ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ 76 ਸਾਲਾਂ ਦੇ ਸਨ। ਪਿੰਡ ਭੱਟੀਆ ਨੇੜੇ ਜਦੋਂ ਉਨ੍ਹਾਂ ਨੂੰ ਦੌਰਾ ਪਿਆ ਤਾਂ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਫਗਵਾੜਾ ਦੇ ਹਸਪਤਾਲ ਲੈ ਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਯਾਤਰਾ ਅੱਜ ਸਵੇਰੇ ਲਾਡੂਵਾਲ ਟੌਲ ਪਲਾਜ਼ੇ ਤੋਂ ਜਲੰਧਰ ਜ਼ਿਲ੍ਹੇ ’ਚ ਦਾਖਲ ਹੋਈ ਸੀ, ਜਿਸ ਹਲਕੇ ਤੋਂ ਉਹ ਸੰਸਦ ਮੈਂਬਰ ਸਨ।
ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਅਚਾਨਕ ਦੇਹਾਂਤ ਤੋਂ ਬਾਅਦ ਪਾਰਟੀ ਨੇ ਭਾਰਤ ਜੋੜੋ ਯਾਤਰਾ ਨੂੰ ਅੱਜ 24 ਘੰਟਿਆਂ ਲਈ ਮੁਲਤਵੀ ਕਰ ਦਿੱਤਾ। ਹੁਣ ਇਹ ਸ੍ਰੀ ਚੌਧਰੀ ਦੇ ਸਸਕਾਰ ਤੋਂ ਬਾਅਦ ਸ਼ੁਰੂ ਹੋਵੇਗੀ। ਅਤੇ ਐਤਵਾਰ ਨੂੰ ਜਲੰਧਰ ਵਿਚ ਰਾਹੁਲ ਗਾਂਧੀ ਦੀ ਪ੍ਰੈੱਸ ਕਾਨਫਰੰਸ ਨੂੰ ਰੱਦ ਕਰ ਦਿੱਤਾ। ਹੁਣ ਇਹ ਪ੍ਰੈੱਸ ਕਾਨਫਰੰਸ 17 ਜਨਵਰੀ ਨੂੰ ਹੁਸ਼ਿਆਰਪੁਰ ’ਚ ਹੋਵੇਗੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਸਸਕਾਰ ਤੋਂ ਬਾਅਦ ਸਵੇਰੇ 11 ਵਜੇ ਮੁੜ ਭਾਰਤ ਜੋੜੋ ਯਾਤਰਾ ਸ਼ੁਰੂ ਹੋਵੇਗੀ।