ਕਾਂਗਰਸ ਪਾਰਟੀ: ਕੋਈ ‘ਗ਼ੈਰ ਗਾਂਧੀ’ ਹੀ ਕਾਂਗਰਸ ਦਾ ਪ੍ਰਧਾਨ ਬਣੇਗਾ

ਨਵੀਂ ਦਿੱਲੀ, 23 ਸਤੰਬਰ – ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸਾਫ਼ ਕਰ ਦਿੱਤਾ ਕਿ ਗਾਂਧੀ ਪਰਿਵਾਰ ਵਿੱਚੋਂ ਕੋਈ ਵੀ ਪਾਰਟੀ ਪ੍ਰਧਾਨ ਦੀ ਚੋਣ ਨਹੀਂ ਲੜੇਗਾ। ਰਾਹੁਲ ਦੇ ਇਸ ਬਿਆਨ ਤੋਂ ਇਕ ਗੱਲ ਤਾਂ ਸਾਫ਼ ਹੈ ਕਿ ਪਿਛਲੇ 25 ਸਾਲਾਂ ਵਿੱਚ ਪਹਿਲੀ ਵਾਰ ਕਾਂਗਰਸ ਦਾ ਪ੍ਰਧਾਨ ਕੋਈ ‘ਗ਼ੈਰ-ਗਾਂਧੀ’ ਬਣੇਗਾ। ਇਹੀ ਨਹੀਂ ਰਾਹੁਲ ਨੇ ਗਹਿਲੋਤ ਨੂੰ ‘ਇਕ ਵਿਅਕਤੀ ਇਕ ਅਹੁਦਾ’ ਨੇਮ ਦਾ ਸਤਿਕਾਰ ਬਣਾਈ ਰੱਖਣ ਲਈ ਵੀ ਕਿਹਾ।
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਪ੍ਰਧਾਨਗੀ ਦੇ ਅਹੁਦੇ ਲਈ ਚੋਣ ਲੜਨਗੇ। ਉਹ 26 ਸਤੰਬਰ ਤੋਂ ਬਾਅਦ ਕਦੇ ਵੀ ਆਪਣੀ ਨਾਮਜ਼ਦਗੀ ਭਰ ਸਕਦੇ ਹਨ। ਉਂਜ ਕਾਂਗਰਸ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀਆਂ ਦਾ ਅਮਲ ਸ਼ਨਿਚਰਵਾਰ ਤੋਂ ਸ਼ੁਰੂ ਹੋ ਜਾਵੇਗਾ।