ਕਿਸਾਨਾਂ ਦੇ ਸ਼ਾਂਤੀਪੂਰਨ ਅੰਦੋਲਨ ਖ਼ਿਲਾਫ਼ ਸਾਜ਼ਿਸ਼ ਰਚੀ ਗਈ – ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, 28 ਜਨਵਰੀ – 27 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਆਪਣੀ ਅਹਿਮ ਮੀਟਿੰਗ ਤੋਂ ਬਾਅਦ ਕਿਹਾ ਹੈ ਕਿ ਕਿਸਾਨਾਂ ਦੇ ਸ਼ਾਂਤੀਪੂਰਨ ਪ੍ਰਦਰਸ਼ਨ ਖ਼ਿਲਾਫ਼ ਗੰਦੀ ਸਾਜ਼ਿਸ਼ ਰਚੀ ਗਈ। ਸ੍ਰੀ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜਿੱਥੇ ਸੰਘਰਸ਼ਸ਼ੀਲ ਕਿਸਾਨਾਂ ਨੂੰ ਕਿਸਾਨ ਗਣਤੰਤਰ ਦਿਵਸ ਪਰੇਡ ਨੂੰ ਮਿਲੇ ਬੇਮਿਸਾਲ ਹੁੰਗਾਰੇ ਦੀ ਸ਼ਲਾਘਾ ਕੀਤੀ ਉੱਥੇ ਦੀਪ ਸਿੱਧੂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਪੰਨੂ ਤੇ ਸਰਵਣ ਸਿੰਘ ਪੰਧੇਰ ਨੂੰ ਪੰਜਾਬ ਦੇ ਸਭ ਤੋਂ ਵੱਡੇ ਗ਼ੱਦਾਰ ਕਰਾਰ ਦਿੰਦਿਆਂ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਤੇ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ। ਬਿਆਨ ਮੁਤਾਬਿਕ ਜਦੋਂ ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ ਕਿਸਾਨ ਪਰੇਡ ਕਰਨ ਦਾ ਪ੍ਰੋਗਰਾਮ ਐਲਾਨਿਆ ਤਾਂ ਦੀਪ ਸਿੱਧੂ ਅਤੇ ਹੋਰ ਗ਼ੈਰ ਸਮਾਜਿਕ ਤੱਤਾਂ ਨੇ ਅੰਦੋਲਨ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ। ਇਹ ਸ਼ਾਂਤਮਈ ਤੇ ਮਜ਼ਬੂਤ ਕਿਸਾਨੀ ਸੰਘਰਸ਼ ਨੂੰ ਕਿਨਾਰੇ ਕਰਨ ਦੀ ਡੂੰਘੀ ਸਾਜ਼ਿਸ਼ ਸੀ।