ਕਿਸਾਨ ਅੰਦੋਲਨ ਅੱਗੇ ਜਾਰੀ ਰਹੇਗਾ ਤੇ ਪਹਿਲਾਂ ਤੋਂ ਤੈਅ ਕੀਤੇ ਪ੍ਰੋਗਰਾਮ ਹੋਣਗੇ- ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, 21 ਨਵੰਬਰ – ਅੱਜ ਸਿੰਘੂ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਹੋਈ। ਇਸ ਮਗਰੋਂ ਪ੍ਰੈੱਸ ਨਾਲ ਗੱਲ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਅੱਗੇ ਜਾਰੀ ਰਹੇਗਾ ਅਤੇ ਪਹਿਲਾਂ ਤੋਂ ਤੈਅ ਕੀਤੇ ਪ੍ਰੋਗਰਾਮ ਜਾਰੀ ਰਹਿਣਗੇ। ਸੰਯੁਕਤ ਕਿਸਾਨ ਮੋਰਚਾ ਦੀ ਅਗਲੀ ਬੈਠਕ 27 ਨਵੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਭੇਜੀ ਜਾਵੇਗੀ। 29 ਨਵੰਬਰ ਨੂੰ ਸੰਸਦ ਤੱਕ ਟਰੈਕਟਰ ਮਾਰਚ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਦਾ ਐਲਾਨ ਕੀਤਾ ਸੀ ਤੇ ਕਿਸਾਨਾਂ ਨੂੰ ਅੰਦੋਲਨ ਸਮਾਪਤ ਕਰਕੇ ਘਰਾਂ ਨੂੰ ਪਰਤ ਜਾਣ ਲਈ ਕਿਹਾ ਸੀ। ਉਸ ਵੇਲੇ ਕਿਸਾਨ ਜਥੇਬੰਦੀਆਂ ਨੇ ਕਿਹਾ ਸੀ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ‘ਚ ਇਸ ਉੱਤੇ ਚਰਚਾ ਕਰਕੇ ਆਪਣਾ ਫ਼ੈਸਲਾ ਦੇਣਗੇ।