ਕਿਸਾਨ ਅੰਦੋਲਨ ਖ਼ਤਮ ਕਰਕੇ ਗੱਲਬਾਤ ਲਈ ਆਉਣ – ਖੇਤੀ ਮੰਤਰੀ ਤੋਮਰ

ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਕੀਤਾ ਇਨਕਾਰ, ਐੱਮਐੱਸਪੀ ਤੇ ਏਪੀਐੱਮਸੀ ਨੂੰ ਜਾਰੀ ਰੱਖਣ ਦਾ ਦਾਅਵਾ
ਨਵੀਂ ਦਿੱਲੀ, 8 ਜੁਲਾਈ –
ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕੇਂਦਰੀ ਵਜ਼ਾਰਤ ‘ਚ ਵੱਡੇ ਫੇਰਬਦਲ ਤੋਂ ਇਕ ਦਿਨ ਬਾਅਦ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢਿਆ ਆਪਣਾ ਸੰਘਰਸ਼ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਵਿਚਲੀਆਂ ਵਿਵਸਥਾਵਾਂ ਬਾਰੇ ਸਰਕਾਰ ਨਾਲ ਮੁੜ ਗੱਲਬਾਤ ਸ਼ੁਰੂ ਕਰਨ। ਤੋਮਰ ਨੇ ਹਾਲਾਂਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀਆਂ ਸੰਭਾਵਨਾਵਾਂ ਤੋਂ ਉੱਕਾ ਹੀ ਨਾਂਹ ਕਰ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਘੱਟੋ-ਘੱਟ ਸਮਰਥਨ ਮੁੱਲ ‘ਤੇ ਫ਼ਸਲਾਂ ਦੀ ਖ਼ਰੀਦ ਤੇ ਮੰਡੀਆਂ (ਏਪੀਐੱਮਸੀ) ਦਾ ਪ੍ਰਬੰਧ ਜਾਰੀ ਰਹੇਗਾ ਤੇ ਇਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਤੋਮਰ ਦਾ ਇਹ ਬਿਆਨ ਅਜਿਹੇ ਮੌਕੇ ਸਾਹਮਣੇ ਆਇਆ ਹੈ ਜਦੋਂ ਕਿਸਾਨਾਂ ਨੇ ਅਗਾਮੀ ਮੌਨਸੂਨ ਇਜਲਾਸ ਦੇ ਮੱਦੇਨਜ਼ਰ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਸਰਕਾਰ ਨੂੰ ਘੇਰਨ ਲਈ ਵਿਉਂਤਬੰਦੀ ਕੀਤੀ ਹੋਈ ਹੈ।