ਕਿਸਾਨ ਜਥੇਬੰਦੀਆਂ ਨੇ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ

ਨਵੀਂ ਦਿੱਲੀ, 15 ਦਸੰਬਰ – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਹੋਰ ਮੰਗਾਂ ਮਨਵਾਉਣ ਲਈ ਦਿੱਲੀ ਦੇ ਸਿੰਘੂ, ਟਿਕਰੀ, ਗਾਜ਼ੀਪੁਰ ਅਤੇ ਪਲਵਲ ਬਾਰਡਰ ਸਮੇਤ ਹੋਰ ਥਾਵਾਂ ‘ਤੇ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਨੇ 14 ਦਸੰਬਰ ਦਿਨ ਸੋਮਵਾਰ ਨੂੰ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ। ਕੇਂਦਰ ਸਰਕਾਰ ਉੱਪਰ ਦਬਾਅ ਪਾਉਣ ਲਈ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਹ ਭੁੱਖ ਹੜਤਾਲ ਸਵੇਰੇ 8.00 ਤੋਂ ਸ਼ਾਮ 5.00 ਵਜੇ ਤੱਕ ਕੀਤੀ ਗਈ। ਸਿੰਘੂ ਬਾਰਡਰ ‘ਤੇ ਮੋਰਚੇ ਦੀ ਸਫ਼ਲਤਾ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਦੇ ਨਾਲ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਦੌਰਾਨ ਮੁਲਕ ਦੇ ਕਈ ਹੋਰ ਹਿੱਸਿਆਂ ‘ਚ ਵੀ ਕਿਸਾਨਾਂ ਨੇ ਭੁੱਖ ਹੜਤਾਲ ਕਰਕੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।