ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ, ਸੰਘਰਸ਼ ਜਾਰੀ ਰਹੇਗਾ ਤੇ ਕਮੇਟੀ ਅੱਗੇ ਪੇਸ਼ ਹੋਣ ਤੋਂ ਇਨਕਾਰ

ਨਵੀਂ ਦਿੱਲੀ, 13 ਜਨਵਰੀ – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਤੇ ਕਿਸਾਨਾਂ ਨੇ 12 ਜਨਵਰੀ ਨੂੰ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾਉਣ ਦੇ ਫ਼ੈਸਲੇ ਦਾ ਸਵਾਗਤ ਤਾਂ ਕੀਤਾ ਹੈ ਪਰ ਨਾਲ ਹੀ ਸਿਖਰਲੀ ਅਦਾਲਤ ਵੱਲੋਂ ਬਣਾਈ 4 ਮੈਂਬਰੀ ਕਮੇਟੀ ਨੂੰ ਸਰਕਾਰ ਪੱਖੀ ਦੱਸਿਆ ਹੈ। ਉਨ੍ਹਾਂ ਨੇ ਇਸ ਮਸਲੇ ਦੇ ਹੱਲ ਲਈ ਕਾਇਮ ਕੀਤੀ 4 ਮੈਂਬਰੀ ਕਮੇਟੀ ਅੱਗੇ ਪੇਸ਼ ਹੋਣ ਤੋਂ ਨਾਂਹ ਕਰ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕਮੇਟੀ ‘ਚ ਸ਼ਾਮਲ ਮੈਂਬਰ ਸਰਕਾਰ ਪੱਖੀ ਹਨ ਤੇ ਇਸ ਵਿੱਚ ਕਿਸੇ ਨਿਰਪੱਖ ਵਿਅਕਤੀ ਨੂੰ ਸ਼ਾਮਲ ਨਹੀਂ ਕੀਤਾ ਗਿਆ। ਕਿਸਾਨਾਂ ਆਗੂਆਂ ਨੇ ਦੋ ਟੁੱਕ ਸ਼ਬਦਾਂ ‘ਚ ਸਾਫ਼ ਕਰ ਦਿੱਤਾ ਕਿ ਉਹ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣਾ ਸੰਘਰਸ਼ ਜਾਰੀ ਰੱਖਣਗੇ। ਆਗੂਆਂ ਨੇ ਕਿਹਾ ਕਿ ਉਹ 15 ਜਨਵਰੀ ਲਈ ਤਜਵੀਜ਼ਤ ਅਗਲੇ ਗੇੜ ਦੀ ਗੱਲਬਾਤ ਵਿੱਚ ਸ਼ਾਮਲ ਹੋਣਗੇ। ਆਗੂਆਂ ਨੇ ਕਿਹਾ ਕਿ ਇਸ ਸੱਜਰੇ ਘਟਨਾਕ੍ਰਮ ਪਿੱਛੇ ਕੇਂਦਰ ਸਰਕਾਰ ਦਾ ਹੱਥ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 13 ਜਨਵਰੀ ਨੂੰ ਤਿੰਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਜਲਾ ਕੇ ਲੋਹੜੀ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਿੰਘੂ ਸਮੇਤ ਧਰਨੇ ਵਾਲੀਆਂ ਹੋਰਨਾਂ ਥਾਵਾਂ ਉੱਪਰ ਵੀ ਲੋਹੜੀ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕਿਸਾਨ ਆਪਣਾ ਵਿਰੋਧ ਜ਼ਾਹਿਰ ਕਰਨਗੇ।
40 ਦੇ ਕਰੀਬ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਦੇ ਨੇਤਾਵਾਂ ਨੇ ਮੰਗਲਵਾਰ ਨੂੰ ਤਿੰਨ ਖੇਤ ਕਾਨੂੰਨਾਂ ‘ਤੇ ਸੁਪਰੀਮ ਕੋਰਟ ਵੱਲੋਂ ਰੋਕ ਲਗਾਉਣ ਦਾ ਸਵਾਗਤ ਕੀਤਾ ਪਰ ਨਾਲ ਹੀ ਕਿਹਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਹ ਕੌਮੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਡਟੇ ਰਹਿਣਗੇ। ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਅੱਗੇ ਕਿਸੇ ਵੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਤਿਆਰ ਨਹੀਂ ਹਨ ਪਰ ਇਸ ਬਾਰੇ ਰਸਮੀ ਫ਼ੈਸਲਾ ਮੋਰਚਾ ਕਰੇਗਾ। ਅਸੀਂ ਇਨ੍ਹਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਵਾਉਣਾ ਚਾਹੁੰਦੇ ਹਾਂ। ਸਾਡਾ ਵਿਰੋਧ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿ ਕੇਂਦਰ ਸਰਕਾਰ ਵੱਲੋਂ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ।