ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ ਲਗਾਤਾਰ ਦੂਜੇ ਦਿਨ ਕੋਈ ਨਵਾਂ ਕੇਸ ਨਹੀਂ ਆਇਆ, 5 ਕੇਸ ਰਿਕਵਰ ਹੋਏ

ਆਕਲੈਂਡ, 23 ਜੁਲਾਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਕੋਵਿਡ-19 ਦਾ ਅੱਜ ਲਗਾਤਾਰ ਦੂਜੇ ਦਿਨ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਡਾਇਰੈਕਟਰ ਜਨਰਲ ਆਫ਼ ਹੈਲਥ ਡਾ. ਐਸ਼ਲੇ ਬਲੂਮਫੀਲਡ ਨੇ ਕਿਹਾ ਕਿ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 22 ਹੋ ਗਈ ਹੈ, ਕਿਉਂਕਿ 5 ਕੇਸ ਰਿਕਵਰ ਹੋਏ ਹਨ ਅਤੇ ਕੋਈ ਵੀ ਵਿਅਕਤੀ ਹਸਪਤਾਲ ਵਿੱਚ ਨਹੀਂ ਹੈ। ਨਿਊਜ਼ੀਲੈਂਡ ਵਿੱਚ ਕਮਿਊਨਿਟੀ ਟਰਾਂਸਮਿਸ਼ਨ ਦੇ ਆਖ਼ਰੀ ਕੇਸ ਨੂੰ 83 ਦਿਨ ਹੋ ਗਏ ਹਨ। ਕੋਵਿਡ -19 ਦਾ ਕਮਿਊਨਿਟੀ ‘ਚ ਫੈਲਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਕੱਲ੍ਹ 2419 ਟੈੱਸਟ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 2000 ਦੇ ਅੰਦਰ ਕਮਿਊਨਿਟੀ ਟੈੱਸਟ ਕੀਤੇ ਗਏ। ਦੇਸ਼ ਵਿੱਚ ਕੁੱਲ ਟੈੱਸਟਾਂ ਦੀ ਗਿਣਤੀ 448,786 ਹੋ ਗਈ ਹੈ। ਵਰਲਡ ਹੈਲਥ ਆਰਗਨਾਈਜ਼ੇਸ਼ਨ (WHO) ਨੂੰ ਰਿਪੋਰਟ ਕੀਤੇ ਗਏ ਕੁੱਲ ਕੰਨਫ਼ਰਮ ਕੇਸਾਂ ਦੀ ਗਿਣਤੀ 1205 ਦੱਸੀ ਗਈ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1555 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹੀ ਹਨ। ਜਿਨ੍ਹਾਂ ਵਿੱਚੋਂ 1,205 ਕੰਨਫ਼ਰਮ ਤੇ 350 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਹੁਣ ਤੱਕ 1511 ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ 22 ਹੋ ਗਈ ਹੈ ਕਿਉਂਕਿ ਕੱਲ੍ਹ 5 ਕੇਸ ਰਿਕਵਰ ਹੋਏ ਹਨ ਅਤੇ ਸਾਰੇ ਹੀ ਮੈਨੇਜਡ ਆਈਸੋਲੇਸ਼ਨ ਤੇ ਕੁਆਰੰਟੀਨ ਸਹੂਲਤਾਂ ਵਿੱਚ ਹਨ। ਨਿਊਜ਼ੀਲੈਂਡ ਵਿੱਚ ਕੋਈ ਵੀ ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਦਾਖ਼ਲ ਨਹੀਂ ਹੈ। ਮੌਤਾਂ ਦੀ ਗਿਣਤੀ 22 ਹੀ ਹੈ।