ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ 6 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਆਏ

ਵੈਲਿੰਗਟਨ, 18 ਜਨਵਰੀ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ 6 ਨਵੇਂ ਕੇਸ ਸਾਹਮਣੇ ਆਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਇਹ ਸਾਰੇ ਕੇਸ ਵਿਦੇਸ਼ ਤੋਂ ਵਾਪਸ ਆਇਆਂ ਦੇ ਹਨ। ਸਿਹਤ ਮੰਤਰਾਲੇ ਨੇ ਕਿਹਾ ਕਮਿਊਨਿਟੀ ਵਿੱਚੋਂ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਨਵੇਂ 6 ਕੇਸਾਂ ਵਿੱਚੋਂ 2 ਕੇਸ ਅਮਰੀਕਾ, 3 ਕੇਸ ਇੰਗਲੈਂਡ ਅਤੇ 1 ਕੇਸ ਦੱਖਣੀ ਅਫ਼ਰੀਕਾ ਦਾ ਹੈ। ਇਨ੍ਹਾਂ ਵਿੱਚੋਂ 4 ਕੇਸ ਜੋ 3 ਇੰਗਲੈਂਡ ਤੇ 1 ਦੱਖਣੀ ਅਫ਼ਰੀਕਾ ਦੇ ਹਨ, ਉਹ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਹਨ ਜਦੋਂ ਕਿ ਅਮਰੀਕਾ ਦੇ 2 ਕੇਸ ਕ੍ਰਾਈਸਟਚਰਚ ਦੀ ਕੁਆਰੰਟੀਨ ਸਹੂਲਤ ਵਿੱਚ ਹਨ।
ਨਿਊਜ਼ੀਲੈਂਡ ਵਿੱਚ ਨਵੇਂ ਐਕਟਿਵ ਕੇਸਾਂ ਦੀ ਗਿਣਤੀ 85 ਹੋ ਗਈ ਹੈ। ਦੇਸ਼ ਵਿੱਚ ਕੋਵਿਡ -19 ਤੋਂ 3 ਵਿਅਕਤੀ ਰਿਕਵਰ ਹੋਏ ਹਨ। ਜਦੋਂ ਕਿ ਦੇਸ਼ ਵਿੱਚ ਕੁੱਲ ਕੇਸਾਂ ਦੀ ਗਿਣਤੀ 1906 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,262 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਜਿਨ੍ਹਾਂ ਵਿੱਚੋਂ 1,906 ਕੰਨਫ਼ਰਮ ਕੇਸ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2152 ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।