ਕੋਵਿਡ -19 ਡੈਲਟਾ ਆਊਟਬ੍ਰੇਕ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ ਅੱਜ 143 ਹੋਰ ਨਵੇਂ ਕੇਸ ਆਏ

ਵੈਲਿੰਗਟਨ, 31 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਡੈਲਟਾ ਪ੍ਰਕੋਪ ਦੇ ਕਮਿਊਨਿਟੀ ਨਾਲ ਸੰਬੰਧਿਤ ਅੱਜ 143 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਅੱਜ ਕ੍ਰਾਈਸਟਚਰਚ ਤੋਂ ਕਮਿਊਨਿਟੀ ਦਾ ਕੋਈ ਨਵਾਂ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ ਇਨ੍ਹਾਂ ਨਵੇਂ 160 ਕੇਸਾਂ ‘ਚ ਆਕਲੈਂਡ ‘ਚੋਂ 135 ਕੇਸ, ਵਾਇਕਾਟੋ ‘ਚੋਂ 6 ਕੇਸ, ਨੌਰਥਲੈਂਡ ‘ਚੋਂ 2 ਕੇਸ ਆਏ ਹਨ। ਅੱਜ ਦੇ ਇਨ੍ਹਾਂ ਕੇਸਾਂ ਵਿੱਚੋਂ 73 ਕੇਸ ਅਣਲਿੰਕ ਤੇ ਅੰਡਰ ਇੰਨਵੈਸਟੀਗੇਸ਼ਨ ‘ਚ ਹਨ, ਜਦੋਂ ਕਿ 70 ਨਵੇਂ ਕੇਸ (ਜਿਨ੍ਹਾਂ ਵਿੱਚੋਂ 44 ਘਰੇਲੂ ਸੰਪਰਕ ਦੇ ਹਨ) ਲਿੰਕ ਹਨ।
ਅੱਜ ਦੇ ਨਵੇਂ ਕੇਸਾਂ ਨਾਲ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਗਿਣਤੀ ਹੁਣ ਵਧ ਕੇ 3,348 ਹੋ ਗਈ ਹੈ। ਹਸਪਤਾਲ ਵਿੱਚ 56 ਮਰੀਜ਼ ਹਨ ਜਿਨ੍ਹਾਂ ਵਿੱਚੋਂ 2 ਕੇਸ ਸਖ਼ਤ ਦੇਖਭਾਲ (ICU/HDU) ਵਿੱਚ ਹਨ। ਕੋਵਿਡ -19 ਨਾਲ ਹਸਪਤਾਲਾਂ ਵਿੱਚ ਇਸ ਵੇਲੇ ਦਾਖ਼ਲ ਲੋਕਾਂ ਦੀ ਔਸਤ ਉਮਰ 47 ਸਾਲ ਹੈ। ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਵਿੱਚ ਕਰੀਬ 30,000 ਟੈੱਸਟ ਕੀਤੇ ਗਏ ਹਨ, ਜਿਨ੍ਹਾਂ ਵਿੱਚ ਆਕਲੈਂਡ ਦੇ 8,000 ਤੋਂ ਥੋੜ੍ਹੇ ਜ਼ਿਆਦਾ ਟੈੱਸਟ ਸ਼ਾਮਿਲ ਹਨ।