ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਥਾਪਿਆ

ਚੰਡੀਗੜ੍ਹ, 19 ਸਤੰਬਰ – ਕਾਂਗਰਸ ਹਾਈ ਕਮਾਨ ਵੱਲੋਂ ਦਲਿਤ ਚਿਹਰੇ ਵਜੋਂ ਜਾਣੇ ਜਾਂਦੇ ਚਮਕੌਰ ਸਾਹਿਬ ਤੋਂ ਕਾਂਗਰਸ ਦੇ ਵਿਧਾਇਕ 48 ਸਾਲਾ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਥਾਪਿਆ ਗਿਆ ਹੈ। ਪਾਰਟੀ ਹਾਈ ਕਮਾਨ ਨੇ ਉਨ੍ਹਾਂ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ। ਕੈਪਟਨ ਸਰਕਾਰ ਵਿੱਚ ਸ੍ਰੀ ਚੰਨੀ ਤਕਨੀਕੀ ਸਿੱਖਿਆ ਮੰਤਰੀ ਸਨ। ਉਹ ਤੀਜੀ ਵਾਰ ਵਿਧਾਇਕ ਬਣੇ ਹਨ। ਪਹਿਲਾਂ ਉਨ੍ਹਾਂ ਦਾ ਨਾਮ ਚਰਚਾ ਵਿੱਚ ਨਹੀਂ ਸੀ ਤੇ ਸ਼ਾਮ ਤੱਕ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਚੱਲ ਰਿਹਾ ਸੀ।
ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਸ੍ਰੀ ਚੰਨੀ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਤੇ ਵਿਧਾਇਕਾਂ ਦੇ ਸਮਰਥਨ ਦਾ ਦਾਅਵਾ ਪੇਸ਼ ਕੀਤਾ। ਰਾਜ ਭਵਨ ਤੋਂ ਬਾਹਰ ਆ ਕੇ ਸ੍ਰੀ ਚੰਨੀ ਨੇ ਦੱਸਿਆ ਕਿ ਰਾਜਪਾਲ ਨੇ 20 ਸਤੰਬਰ ਨੂੰ ਸਵੇਰੇ 11 ਵਜੇ ਸਹੁੰ ਚੁੱਕਣ ਦਾ ਸੱਦਾ ਦਿੱਤਾ ਹੈ। ਰਾਹੁਲ ਗਾਂਧੀ ਨੇ ਚੰਨੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਹੈ ਕਿ ਉਹ ਪੰਜਾਬ ਦਾ ਭਵਿੱਖ ਸੁਰੱਖਿਅਤ ਰੱਖਣਗੇ। ਸ੍ਰੀ ਚੰਨੀ ਦਾ ਨਾਂਅ ਐਲਾਨੇ ਜਾਣ ਤੋਂ ਪਹਿਲਾਂ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ ਵਰਗਿਆਂ ਦੇ ਨਾਵਾਂ ਦੀ ਚਰਚਾ ਸੁਣਨ ਨੂੰ ਮਿਲੀ ਪਰ ਆਖੀਰ ਸ੍ਰੀ ਚੰਨੀ ਦੇ ਨਾਮ ਉੱਤੇ ਮੋਹਰ ਲੱਗੀ।