ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕਰਨ ਲਈ ਵਿਧਾਨ ਸਭਾ ਵੱਲੋਂ ਮਤਾ ਪਾਸ

ਚੰਡੀਗੜ੍ਹ, 1 ਅਪ੍ਰੈਲ – ਅੱਜ ਪੰਜਾਬ ਵਿਧਾਨ ਸਭਾ ਨੇ ਉਸ ਮਤੇ ਨੂੰ ਪਾਸ ਕਰ ਦਿੱਤਾ ਜਿਸ ਰਾਹੀਂ ਕੇਂਦਰ ਨੂੰ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਸੌਂਪਣ ਦੀ ਮੰਗ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ ਦੇ ਦੋ ਵਿਧਾਇਕਾਂ ਦੀ ਗ਼ੈਰ-ਮੌਜੂਦਗੀ ਵਿੱਚ ਪ੍ਰਸਤਾਵ ਪੇਸ਼ ਕੀਤਾ। ਇਨ੍ਹਾਂ ਵਿਧਾਇਕਾਂ ਨੇ ਮਤੇ ਖ਼ਿਲਾਫ਼ ਸਦਨ ਵਿੱਚੋਂ ਵਾਕਆਊਟ ਕੀਤਾ। ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਧਾਇਕ ਪ੍ਰਸਤਾਵ ਦੀ ਹਮਾਇਤ ਵਿੱਚ ਆਏ ਅਤੇ ਕੇਂਦਰ ਦੇ ਇਸ ਕਦਮ ਨੂੰ ਤਾਨਾਸ਼ਾਹੀ ਕਰਾਰ ਦਿੱਤਾ। ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰਕੇ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਵੀ ਸਦਨ ਨੇ ਕਈ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਦੀ ਬੇਨਤੀ ਕੀਤੀ ਹੈ। ਮੁੱਖ ਮੰਤਰੀ ਵੱਲੋਂ ਸਦਨ ਵਿੱਚ ਪੇਸ਼ ਕੀਤੇ ਗਏ ਮਤੇ ਅਨੁਸਾਰ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਸਦਨ ਇੱਕ ਵਾਰ ਮੁੜ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਸੌਂਪਣ ਦਾ ਮਾਮਲਾ ਕੇਂਦਰ ਕੋਲ ਰੱਖਣ ਦਾ ਸਿਫ਼ਾਰਸ਼ ਕਰਦਾ ਹੈ।
ਵਿਧਾਨ ਸਭਾ ਦਾ ਇਹ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਉਦੋਂ ਕੀਤਾ ਗਿਆ ਹੈ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੁੱਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਵੀ ਕੇਂਦਰੀ ਸੇਵਾ ਨਿਯਮ ਲਾਗੂ ਹੋਣਗੇ। ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ।