ਦੇਸ਼ਾ ‘ਚ ਧੱਕੇ ਨਾਲ ਕਰਵਾਈ ਜਾਂਦੀ ਧਰਮ ਬਦਲੀ ‘ਬਹੁਤ ਗੰਭੀਰ’ ਮੁੱਦਾ ਹੈ – ਸੁਪਰੀਮ ਕੋਰਟ

ਨਵੀਂ ਦਿੱਲੀ, 14 ਨਵੰਬਰ – ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਦੇਸ਼ਾ ‘ਚ ਧੱਕੇ ਨਾਲ ਕਰਵਾਈ ਜਾਂਦੀ ਧਰਮ ਬਦਲੀ ‘ਬਹੁਤ ਗੰਭੀਰ’ ਮੁੱਦਾ ਹੈ ਤੇ ਕੇਂਦਰ ਸਰਕਾਰ ਨੂੰ ਦਖ਼ਲ ਦੇ ਕੇ ਇਸ ਬਾਰੇ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ। ਸਿਖ਼ਰਲੀ ਅਦਾਲਤ ਨੇ ਨਾਲ ਹੀ ਕਿਹਾ ਕਿ ਜੇ ਅਜਿਹੀਆਂ ਧਰਮ ਬਦਲੀਆਂ ਨਾ ਰੋਕੀਆਂ ਗਈਆਂ ਤਾਂ ‘ਬਹੁਤ ਮੁਸ਼ਕਲ ਸਥਿਤੀ’ ਪੈਦਾ ਹੋ ਜਾਵੇਗੀ।
ਜਸਟਿਸ ਐਮ.ਆਰ. ਸ਼ਾਹ ਤੇ ਹਿਮਾ ਕੋਹਲੀ ਦੇ ਬੈਂਚ ਨੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਲੋਭ ਦੇ ਕੇ ਕਰਵਾਈ ਜਾ ਰਹੀ ਧਰਮ ਬਦਲੀ ਨੂੰ ਰੋਕਣ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਦੱਸਿਆ ਜਾਵੇ। ਅਦਾਲਤ ਨੇ ਕੇਂਦਰ ਨੂੰ ਕਿਹਾ, ‘ਇਹ ਬਹੁਤ ਗੰਭੀਰ ਮੁੱਦਾ ਹੈ। ਕੇਂਦਰ ਸਰਕਾਰ ਧੱਕੇ ਨਾਲ ਧਰਮ ਬਦਲੀਆਂ ਰੋਕਣ ਲਈ ਗੰਭੀਰਤਾ ਨਾਲ ਕੋਸ਼ਿਸ਼ ਕਰੇ, ਨਹੀਂ ਤਾਂ ਬਹੁਤ ਮੁਸ਼ਕਲ ਹਾਲਾਤ ਪੈਦਾ ਹੋ ਜਾਣਗੇ। ਸਾਨੂੰ ਦੱਸੋ ਕੀ ਕਾਰਵਾਈ ਕੀਤੀ ਜਾ ਸਕਦੀ ਹੈ…..ਤੁਹਾਨੂੰ ਦਖ਼ਲ ਦੇਣਾ ਪਵੇਗਾ।’ ਸੁਪਰੀਮ ਕੋਰਟ ਨੇ ਨਾਲ ਹੀ ਕਿਹਾ, ‘ਇਹ ਬਹੁਤ ਗੰਭੀਰ ਮਾਮਲਾ ਹੈ ਜੋ ਦੇਸ਼ ਦੀ ਸੁਰੱਖਿਆ ਤੇ ਧਰਮ ਅਤੇ ਜ਼ਮੀਰ ਦੀ ਆਜ਼ਾਦੀ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਸ ਲਈ ਇਹ ਬਿਹਤਰ ਹੋਵੇਗਾ ਜੇ ਭਾਰਤ ਸਰਕਾਰ ਆਪਣਾ ਰੁਖ਼ ਸਪੱਸ਼ਟ ਕਰੇ ਤੇ ਅਜਿਹੀਆਂ ਧਰਮ ਬਦਲੀਆਂ ਨੂੰ ਰੋਕਣ ਲਈ ਚੁੱਕੇ ਜਾ ਰਹੇ ਹੋਰ ਕਦਮਾਂ ਬਾਰੇ ਦੱਸੇ।’ ਸੁਪਰੀਮ ਕੋਰਟ ਅੱਜ ਵਕੀਲ ਅਸ਼ਵਿਨੀ ਕੁਮਾਰ ਉਪਾਧਿਆਏ ਦੀ ਪਟੀਸ਼ਨ ਉਤੇ ਸੁਣਵਾਈ ਕਰ ਰਿਹਾ ਸੀ। ਉਨ੍ਹਾਂ ਅਦਾਲਤ ਤੋਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਸੀ।