ਨਸ਼ਾ ਤਸਕਰੀ ਮਾਮਲਾ: ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐੱਫਆਈਆਰ ਦਰਜ

ਐੱਸਏਐੱਸ ਨਗਰ (ਮੁਹਾਲੀ), 21 ਦਸੰਬਰ – ਸੂਬੇ ਵਿੱਚ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਐਨ ਨੇੜੇ ਨਸ਼ਾ ਤਸਕਰੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਸ਼ਕਲਾਂ ਵੱਧ ਗਈਆਂ ਹਨ ਅਤੇ ਉਨ੍ਹਾਂ ਦੇ ਖ਼ਿਲਾਫ਼ ਇੱਥੋਂ ਦੇ ਫ਼ੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਬਿਊਰੋ ਦੇ ਥਾਣੇ ਵਿੱਚ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਇੱਕ ਸੀਨੀਅਰ ਅਧਿਕਾਰੀ ਨੇ ਕੀਤੀ ਹੈ। ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਮਜੀਠੀਆ ‘ਤੇ ਕਥਿਤ ਦੋਸ਼ ਲੱਗਦੇ ਆ ਰਹੇ ਹਨ ਅਤੇ ਉਹ ਸ਼ੁਰੂ ਤੋਂ ਹੀ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਹਨ। ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਸਰਕਾਰ ‘ਤੇ ਲਗਾਤਾਰ ਦਬਾਅ ਵੱਧ ਰਿਹਾ ਸੀ।
ਤਾਜ਼ਾ ਐੱਫਆਈਆਰ ਵਿੱਚ ਐੱਸਟੀਐੱਫ ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਫਰਵਰੀ 2018 ਨੂੰ ਹਾਈ ਕੋਰਟ ਵਿੱਚ ਦਾਖ਼ਲ ਕੀਤੀ ਸਟੇਟਸ ਰਿਪੋਰਟ ਦਾ ਵੀ ਹਵਾਲਾ ਦਿੱਤਾ ਗਿਆ ਹੈ। ਡੀਜੀਪੀ ਦੇ ਹੁਕਮਾਂ ਅਨੁਸਾਰ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਤੋਂ ਪਹਿਲਾਂ ਪੂਰੀ ਫਾਈਲ ਕਾਨੂੰਨੀ ਸਲਾਹ-ਮਸ਼ਵਰੇ ਲਈ ਬੀਤੀ 1 ਦਸੰਬਰ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਕੋਲ ਭੇਜੀ ਗਈ ਸੀ ਅਤੇ ਕਾਨੂੰਨੀ ਰਾਇ ਮਗਰੋਂ ਹੀ ਅਕਾਲੀ ਆਗੂ ਖ਼ਿਲਾਫ਼ 48 ਪੰਨਿਆਂ ਦੀ ਲੰਮੀ ਚੌੜੀ ਐੱਫਆਈਆਰ ਦਰਜ ਕੀਤੀ ਗਈ ਹੈ। ਇਸ ਵਿੱਚ ਬਹੁ-ਚਰਚਿਤ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੀ ਸਟੇਟਸ ਰਿਪੋਰਟ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਨਸ਼ਾ ਤਸਕਰੀ ਮਾਮਲੇ ਵਿੱਚ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਪੰਜਾਬ ਪੁਲੀਸ ਦੇ ਬਰਖ਼ਾਸਤ ਡੀਐੱਸਪੀ ਅਤੇ ਕੌਮਾਂਤਰੀ ਪਹਿਲਵਾਨ ਜਗਦੀਸ਼ ਭੋਲਾ ਨੇ ਵੀ ਕੇਸ ਦੀ ਸੁਣਵਾਈ ਦੌਰਾਨ ਕਈ ਸਿਆਸੀ ਆਗੂਆਂ ਦੇ ਨਾਵਾਂ ਦਾ ਜ਼ਿਕਰ ਕੀਤਾ ਸੀ ਅਤੇ ਨਸ਼ਿਆਂ ਖ਼ਿਲਾਫ਼ ਬਣੀ ਸਿੱਟ ਦੇ ਇੱਕ ਸੀਨੀਅਰ ਮੈਂਬਰ ਨੇ ਵੀ ਆਪਣੀ ਰਿਪੋਰਟ ਵਿੱਚ ਸਿਆਸੀ ਆਗੂ ਦਾ ਵੇਰਵਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂ ਕਾਫ਼ੀ ਸਮੇਂ ਤੋਂ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦੇ ਆ ਰਹੇ ਹਨ। ਹਾਲ ਹੀ ਵਿੱਚ ਪੰਜਾਬ ਦੇ ਕਾਰਜਕਾਰੀ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਲਾਂਭੇ ਕਰਕੇ ਸੀਨੀਅਰ ਆਈਪੀਐੱਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਚੰਨੀ ਸਰਕਾਰ ਦੀ ਨਸ਼ਿਆਂ ਦੇ ਮਾਮਲੇ ਵਿੱਚ ਸਿਆਸੀ ਆਗੂਆਂ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਦੇ ਮਾਮਲੇ ‘ਚ ਟਵੀਟ ਕਰਕੇ ਕਿਹਾ ਕਿ ਇਹ ਪਹਿਲਾ ਕਦਮ ਹੈ ਅਤੇ ਸਜ਼ਾ ਮਿਲਣ ਤੱਕ ਲੜਾਈ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਮਾਨਦਾਰ ਆਗੂ ਚੁਣਨਾ ਚਾਹੀਦਾ ਹੈ ਅਤੇ ਨਸ਼ਾ ਤਸਕਰਾਂ ਤੇ ਉਨ੍ਹਾਂ ਦੀ ਰੱਖਿਆ ਕਰਨ ਵਾਲਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ।
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਿਕਰਮ ਸਿੰਘ ਮਜੀਠੀਆ ‘ਤੇ ਦਰਜ ਪੁਲੀਸ ਕੇਸ ਦੇ ਮਾਮਲੇ ‘ਚ ਕਿਹਾ ਕਿ ਕਾਨੂੰਨ ਅਨੁਸਾਰ ਕਾਰਵਾਈ ਹੋ ਰਹੀ ਹੈ ਅਤੇ ਇਸ ਪਿੱਛੇ ਬਦਲਾਖੋਰੀ ਦੀ ਕੋਈ ਭਾਵਨਾ ਨਹੀਂ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ‘ਤੇ ਰੋਸ ਜਤਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਬਦਲਾਖ਼ੋਰੀ ਦੀ ਰਾਹ ‘ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਅਜਿਹੀ ਕਾਰਵਾਈ ਕੀਤੀ ਗਈ। ਸਾਨੂੰ ਅਤੇ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਖ਼ਾਤਰ ਪਿਛਲੇ ਦਿਨਾਂ ‘ਚ ਸਰਕਾਰ ਵੱਲੋਂ ਨਿਯਮਾਂ ਨੂੰ ਛਿੱਕੇ ਟੰਗ ਕੇ ਤਿੰਨ ਡੀਜੀਪੀ ਬਦਲੇ ਗਏ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਰਜ ਕੀਤੇ ਗਏ ਕੇਸ ਨੂੰ ਲੈ ਮਜੀਠੀਆ ਦੀ ਹਮਾਇਤ ‘ਚ ਆ ਗਏ ਹਨ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਗਵਾਹੀ ਅਤੇ ਬਿਨਾਂ ਕਿਸੇ ਸਬੂਤ ਤੋਂ ਕੇਸ ਦਰਜ ਕਰਨਾ ਸਰਾਸਰ ਗ਼ਲਤ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠਾ ਕੇਸ ਦਰਜ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ (ਆਪ) ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਨੂੰ ਚੋਣ ਸਟੰਟ ਕਰਾਰ ਦਿੱਤਾ ਹੈ।