ਨਾਜਾਇਜ਼ ਖਣਨ ਮਾਮਲਾ: ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਮੁੱਖ ਮੰਤਰੀ ਚੰਨੀ ਦੇ ਭਾਣਜੇ ਹਨੀ ਦਾ ਚਾਰ ਦਿਨਾਂ ਦਾ ਰਿਮਾਂਡ

ਜਲੰਧਰ, 4 ਫਰਵਰੀ – ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਨਾਜਾਇਜ਼ ਖਣਨ ਮਾਮਲੇ ਵਿੱਚ ਮਾਰੇ ਛਾਪਿਆਂ ਦੌਰਾਨ 10 ਕਰੋੜ ਰੁਪਏ ਦੀ ਨਗਦੀ, ਗਹਿਣੇ ਤੇ ਹੋਰ ਸਾਮਾਨ ਜ਼ਬਤ ਕੀਤੇ ਜਾਣ ਨਾਲ ਸਬੰਧਿਤ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ 8 ਫਰਵਰੀ ਤੱਕ ਚਾਰ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।
ਜਾਂਚ ਏਜੰਸੀ ਨੇ ਲੰਘੀ ਅੱਧੀ ਰਾਤ ਨੂੰ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਂਜ ਗ੍ਰਿਫ਼ਤਾਰੀ ਤੋਂ ਪਹਿਲਾਂ ਹਨੀ ਕੋਲੋਂ 8 ਘੰਟੇ ਤੱਕ ਸਖ਼ਤ ਪੁੱਛਗਿੱਛ ਕੀਤੀ ਗਈ ਸੀ। ਇਸੇ ਦੌਰਾਨ ਉਸ ਦੀ ਸਿਹਤ ਵਿਗੜ ਗਈ ਤੇ ਈਡੀ ਅਧਿਕਾਰੀਆਂ ਨੇ ਸਿਵਲ ਹਸਪਤਾਲ ਜਾ ਕੇ ਉਸ ਦਾ ਚੈੱਕਅਪ ਕਰਵਾਇਆ। ਈਡੀ ਨੇ ਅੱਜ ਬਾਅਦ ਦੁਪਹਿਰ ਹਨੀ ਨੂੰ ਵਧੀਕ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਜਾਂਚ ਏਜੰਸੀ ਨੇ 14 ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਹਨੀ ਨੂੰ 4 ਦਿਨਾਂ ਲਈ ਰਿਮਾਂਡ ‘ਤੇ ਭੇਜ ਦਿੱਤਾ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਚੰਨੀ ਕਾਂਗਰਸ ਤੇ ਖ਼ਾਸ ਕਰਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਜਾਣਕਾਰੀ ਅਨੁਸਾਰ ਈਡੀ ਨੇ ਭੁਪਿੰਦਰ ਸਿੰਘ ਹਨੀ ਨੂੰ ਵੀਰਵਾਰ ਸਵੇਰੇ 11 ਵਜੇ ਆਪਣੇ ਦਫ਼ਤਰ ਵਿੱਚ ਤਲਬ ਕੀਤਾ ਸੀ, ਪਰ ਉਹ ਬਾਅਦ ਦੁਪਹਿਰ ਪੇਸ਼ ਹੋਇਆ। ਦੇਰੀ ਨਾਲ ਆਉਣ ਦਾ ਕਾਰਨ ਮੀਂਹ ਦੱਸਿਆ ਗਿਆ ਸੀ। ਇਸੇ ਦੌਰਾਨ ਹੀ ਈਡੀ ਨੇ ਹਨੀ ਕੋਲੋਂ ਪੁੱਛਗਿੱਛ ਕੀਤੀ ਤੇ ਦੇਰ ਰਾਤ ਉਸ ਦੀ ਗ੍ਰਿਫ਼ਤਾਰੀ ਪਾ ਦਿੱਤੀ। ਹਨੀ ਨੂੰ ਸਾਲ 2018 ਵਿਚ ਦਰਜ ਕੀਤੀ ਗਈ ਐੱਫਆਈਆਰ ਦੇ ਸਬੰਧ ‘ਚ ਗ੍ਰਿਫ਼ਤਾਰ ਕੀਤਾ ਦੱਸਿਆ ਜਾ ਰਿਹਾ ਹੈ। ਈਡੀ ਨੇ ਪਿਛਲੇ ਮਹੀਨੇ 18 ਜਨਵਰੀ ਨੂੰ ਗ਼ੈਰ-ਕਾਨੂੰਨੀ ਰੇਤ ਖਣਨ ਮਾਮਲੇ ਵਿਚ ਛਾਪੇਮਾਰੀ ਕੀਤੀ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਹਨੀ ਦੀ ਲੁਧਿਆਣਾ ਸਥਿਤ ਰਿਹਾਇਸ਼ ਤੋਂ 8 ਕਰੋੜ ਰੁਪਏ ਦੀ ਨਗਦੀ ਅਤੇ ਉਸ ਦੇ ਇਕ ਦੋਸਤ ਸੰਦੀਪ ਕੋਲੋਂ 2 ਕਰੋੜ ਰੁਪਏ ਬਰਾਮਦ ਕੀਤੇ ਗਏ ਸਨ। ਇਸ ਦੇ ਨਾਲ ਹੀ 21 ਲੱਖ ਰੁਪਏ ਦਾ ਸੋਨਾ ਤੇ 12 ਲੱਖ ਦੀ ਮਹਿੰਗੀ ਰੋਲੈਕਸ ਘੜੀ ਵੀ ਬਰਾਮਦ ਹੋਈ ਸੀ।