ਪਰਕਸ ਵੱਲੋਂ ਡਾ. ਗੁਰਬਖ਼ਸ਼ ਸਿੰਘ ਫਰੈਂਕ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 14 ਅਪ੍ਰੈਲ (ਡਾ. ਚਰਨਜੀਤ ਸਿੰਘ ਗੁਮਟਾਲਾ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਹਰਮਨ ਪਿਆਰੇ, ਬਹੁਤ ਹੀ ਮਿਲਾਪੜੇ ਤੇ ਹਸਮੁੱਖ ਸੁਭਾਅ ਦੇ ਮਾਲਕ ਪੰਜਾਬੀ ਦੇ ਉੱਘੇ ਲੇਖਕ, ਆਲੋਚਕ, ਅਧਿਆਪਕ ਤੇ ਅਨੁਵਾਦਕ ਡਾ. ਗੁਰਬਖ਼ਸ਼ ਸਿੰਘ ਫਰੈਂਕ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈੱਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਸ੍ਰੀ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਕਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਵਿੱਚ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕਦੇ ਵੀ ਨਾ ਪੂਰਾ ਕੀਤਾ ਜਾਣ ਵਾਲਾ ਘਾਟਾ ਪਿਆ ਹੈ।
ਉਹ 85 ਵਰ੍ਹਿਆਂ ਦੇ ਸਨ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਪ੍ਰੋਫੈਸਰ ਵਜੋਂ ਸੇਵਾ ਨਿਭਾਉਂਦੇ ਰਹੇ। ਉਨ੍ਹਾਂ ਨੂੰ 2011 ਵਿੱਚ ਸਫਲ ਅਨੁਵਾਦਕ ਵਜੋਂ ਸਾਹਿਤ ਅਕਾਦਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਲੀਓ ਟਾਲਸਟਾਏ, ਮੈਕਸਿਮ ਗੋਰਕੀ, ਚੈਖੋਵ, ਰਸੂਲ ਹਾਮਜਾਤੋਵ, ਪੁਸ਼ਕਿਨ ਅਤੇ ਹੋਰ ਲੇਖਕਾਂ
ਦੀਆਂ ਲਿਖਤਾਂ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ। ਉਨ੍ਹਾਂ ਰੂਸੀ ਸਾਹਿਤ ਤੋਂ ਇਲਾਵਾ ਜਵਾਹਰ ਲਾਲ ਨਹਿਰੂ ਅਤੇ ਮਹਾਤਮਾ ਗਾਂਧੀ ਦੀਆਂ ਲਿਖਤਾਂ ਦਾ ਵੀ ਪੰਜਾਬੀ ਵਿੱਚ ਅਨੁਵਾਦ ਕੀਤਾ। ਉਹ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹਿ ਪਰ ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਲਈ ਪਾਏ ਵਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।