ਪ੍ਰਧਾਨ ਮੰਤਰੀ ਮੋਦੀ ਵੱਲੋਂ ਜੱਲਿਆਂਵਾਲਾ ਬਾਗ਼ ਯਾਦਗਾਰ ਦਾ ਉਦਘਾਟਨ

ਨਵੀਂ ਦਿੱਲੀ/ਅੰਮ੍ਰਿਤਸਰ, 28 ਅਗਸਤ – ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੱਲਿਆਂਵਾਲਾ ਬਾਗ਼ ਯਾਦਗਾਰ ਦਾ ਵਰਚੂਅਲ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਜੱਲਿਆਂਵਾਲਾ ਬਾਗ਼ ਦੀ ਮਿੱਟੀ ਅੱਗੇ ਸਿਰ ਝੁਕਾਉਂਦੇ ਹਨ ਜਿੱਥੇ ਨਿਹੱਥੇ ਭਾਰਤੀਆਂ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਪ੍ਰਧਾਨ ਮੰਤਰੀ ਨੇ ਆਖਿਆ ਕਿ ਇਹ ਸ਼ਹੀਦੀ ਸਮਾਰਕ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੂਅਲ ਤੌਰ ‘ਤੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਕੋਲੋਂ ਮੰਗ ਕੀਤੀ ਕਿ ਇੰਗਲੈਂਡ ਵਿੱਚ ਰੱਖੀ ਹੋਈ ਸ਼ਹੀਦ ਊਧਮ ਸਿੰਘ ਦੀ ਪਿਸਤੌਲ ਅਤੇ ਡਾਇਰੀ ਨੂੰ ਭਾਰਤ ਮੰਗਵਾਇਆ ਜਾਵੇ। ਰਾਜ ਸਭਾ ਮੈਂਬਰ ਅਤੇ ਜੱਲਿਆਂਵਾਲਾ ਬਾਗ਼ ਯਾਦਗਾਰੀ ਟਰੱਸਟ ਦੇ ਮੈਂਬਰ ਸ਼ਵੇਤ ਮਲਿਕ ਨੇ ਨਵੀਨੀਕਰਨ ਦੀ ਰੂਪ ਰੇਖਾ ਬਾਰੇ ਜਾਣਕਾਰੀ ਦਿੱਤੀ। ਸੁੰਦਰੀਕਰਨ ਯੋਜਨਾ ਤਹਿਤ ਇੱਥੇ ਜੱਲਿਆਂਵਾਲਾ ਬਾਗ਼ ਵਿੱਚ ਗੋਲੀਆਂ ਵਾਲੇ ਨਿਸ਼ਾਨ ਵਾਲੀਆਂ ਥਾਵਾਂ ਨੂੰ ਪਹਿਲਾਂ ਵਾਂਗ ਹੀ ਸੰਭਾਲ ਕੇ ਰੱਖਿਆ ਗਿਆ ਹੈ। ਇਸ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੇ ਕੀਤੇ ਗਏ ਸੁੰਦਰੀਕਰਨ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ ਪਰ ਉਨ੍ਹਾਂ ਆਖਿਆ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਢੁਕਵਾਂ ਸਨਮਾਨ ਨਹੀਂ ਹੋਇਆ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਦਾਦਾ ਸੁੰਦਰ ਸੌ ਸਾਲ ਪਹਿਲਾਂ ਇਸ ਕਾਂਡ ਵਿੱਚ ਸ਼ਹੀਦ ਹੋ ਗਏ ਸਨ ਉਹ ਇੱਥੇ ਨੇੜੇ ਜੱਲਿਆਂਵਾਲਾ ਬਾਗ਼ ਕੋਲ ਹੀ ਰਹਿੰਦੇ ਸਨ, ਉਨ੍ਹਾਂ ਆਖਿਆ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰਫ਼ ਉਸ ਵੇਲੇ ਹੀ ਯਾਦ ਕੀਤਾ ਜਾਂਦਾ ਹੈ ਜਦੋਂ ਇੱਥੇ ਕੋਈ ਸਮਾਗਮ ਹੁੰਦਾ ਹੈ। ਇਸ ਤੋਂ ਇਲਾਵਾ ਸ਼ਹੀਦਾਂ ਦੇ ਪਰਿਵਾਰ ਵੀ ਵਿਸਾਰੇ ਹੋਏ ਹਨ। ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦੀ ਸਮਾਰਕ ‘ਤੇ ਫੁੱਲਮਾਲਾ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਬੀਐੱਸਐਫ ਦੇ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਅਤੇ ਦੋ ਮਿੰਟ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।