ਪੰਜਾਬ ਐੱਨਆਰਆਈ ਮਾਮਲੇ: ਹਰ ਜ਼ਿਲ੍ਹੇ ‘ਚ ਨੋਡਲ ਅਧਿਕਾਰੀ ਹੋਣਗੇ ਨਿਯੁਕਤ – ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 29 ਮਾਰਚ – ਪੰਜਾਬ ਵਿਚਲੇ ਐੱਨਆਰਆਈ ਮਾਮਲਿਆਂ ਨਾਲ ਜੁੜੇ ਮਸਲਿਆਂ ਦੇ ਨਿਪਟਾਰੇ ਬਾਰੇ ਪੰਜਾਬ ਐੱਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਨੋਡਲ ਅਧਿਕਾਰੀ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਕਿ ਪਰਵਾਸੀ ਭਾਰਤੀਆਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਅਦਾਲਤਾਂ ਬਣਾਈਆਂ ਜਾਣਗੀਆਂ ਤਾਂ ਕਿ ਪਰਵਾਸੀ ਭਾਰਤੀਆਂ ਨਾਲ ਸਬੰਧਿਤ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗਾਂ ਨੂੰ ਇਸ ਸਬੰਧ ਵਿੱਚ ਕਾਰਵਾਈ ਕਰਨ ਲਈ ਕਹਿ ਦਿੱਤਾ ਗਿਆ ਹੈ। ਉਨ੍ਹਾਂ ਨੇ ਅੱਜ ਐੱਨਆਰਆਈ ਕਮਿਸ਼ਨ ਦੇ ਮੈਂਬਰਾਂ ਅਤੇ ਪਰਵਾਸੀ ਭਾਰਤੀਆਂ ਨਾਲ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਰਿਵਿਊ ਮੀਟਿੰਗ ਵੀ ਕੀਤੀ ਅਤੇ ਨੋਡਲ ਅਧਿਕਾਰੀਆਂ ਦੀਆਂ ਨਿਯੁਕਤੀਆਂ ਬਾਰੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਇਨ੍ਹਾਂ ਅਧਿਕਾਰੀਆਂ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕਰਨਗੇ।