ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ, 19 ਸਤੰਬਰ – ਇੱਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਭਾਜਪਾ ਦਾ ਹੋਰ ਕੋਈ ਸੀਨੀਅਰ ਨੇਤਾ ਹਾਜ਼ਰ ਨਹੀਂ ਸੀ ਹਾਲਾਂਕਿ ਪਹਿਲਾਂ ਇਹ ਕਿਹਾ ਗਿਆ ਸੀ ਕਿ ਉਹ ਭਾਜਪਾ ਦੇ ਵੱਡੇ ਨੇਤਾਵਾਂ ਦੀ ਹਾਜ਼ਰੀ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਣਗੇ।
ਇਸ ਤੋਂ ਪਹਿਲਾਂ ਇਸ ਸਬੰਧੀ ਅੱਜ ਇੱਥੇ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਂ ਪਾਰਟੀ ’ਚ ਸ਼ਾਮਲ ਹੋਣ ਤੋਂ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਹਾਲਾਂਕਿ, ਦੋਹਾਂ ਵਿਚਾਲੇ ਹੋਈ ਮੀਟਿੰਗ ਦੇ ਵੇਰਵੇ ਪ੍ਰਾਪਤ ਨਹੀਂ ਹੋ ਸਕੇ ਹਨ। ਭਾਜਪਾ ’ਚ ਸ਼ਾਮਲ ਹੋਣ ਦੌਰਾਨ ਕੈਪਟਨ ਅਮਰਿੰਦਰ ਵੱਲੋਂ ਹਾਲ ਹੀ ਵਿੱਚ ਆਪਣੀ ਨਵੀਂ ਬਣਾਈ ਗਈ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਗਿਆ।