ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕੀ

ਚੰਡੀਗੜ੍ਹ, 20 ਸਤੰਬਰ – ਪੰਜਾਬ ਰਾਜ ਭਵਨ ਵਿਖੇ ਚਮਕੌਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪੰਜਾਬ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਦੋ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਵੀ ਸਹੁੰ ਚੁੱਕੀ। 20 ਸਤੰਬਰ ਦਿਨ ਸੋਮਵਾਰ ਨੂੰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਾਰਜ ਸੰਭਾਲਣ ਤੋਂ ਬਾਅਦ ਛੋਟੇ ਘਰਾਂ ਵਾਲਿਆਂ ਨੂੰ ਮੁਫ਼ਤ ਪਾਣੀ ਅਤੇ ਬਿਜਲੀ ਬਿੱਲਾਂ ਵਿੱਚ ਕਟੌਤੀ ਕਰਨ ਅਤੇ ਆਮ ਵਿਅਕਤੀ ਨੂੰ ਪਾਰਦਰਸ਼ੀ ਸਰਕਾਰ ਦੇਣ ਦਾ ਵਾਅਦਾ ਕੀਤਾ।
ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਹੋਰ ਵਿਧਾਇਕ ਵੀ ਹਾਜ਼ਰ ਸਨ। ਪੰਜਾਬ ਦੇ ਸਿਆਸੀ ਇਤਿਹਾਸ ‘ਚ ਪਹਿਲੀ ਦਫ਼ਾ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠੇ ਹਨ। ਇਸ ਤੋਂ ਪਹਿਲਾਂ ਰਾਮਗੜ੍ਹੀਆ ਭਾਈਚਾਰੇ ਵਿੱਚੋਂ ਗਿਆਨੀ ਜ਼ੈਲ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਕੈਪਟਨ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਸਨ। ਉਹ ਚਮਕੌਰ ਸਾਹਿਬ ਤੋਂ ਲਗਾਤਾਰ ਤੀਜੀ ਵਾਰ ਵਿਧਾਇਕ ਬਣੇ ਹਨ। ਸਹੁੰ ਚੁੱਕ ਸਮਾਗਮ ਖ਼ਤਮ ਹੋਣ ਤੋਂ ਕੁੱਝ ਸਮਾਂ ਬਾਅਦ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੀ ਰਾਜ ਭਵਨ ਪਹੁੰਚ ਗਏ ਜਿਨ੍ਹਾਂ ਚੰਨੀ ਸਣੇ ਸਹੁੰ ਚੁੱਕਣ ਵਾਲੇ ਤਿੰਨੋਂ ਆਗੂਆਂ ਨੂੰ ਵਧਾਈਆਂ ਦਿੱਤੀਆਂ।
ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕਣ ਤੋਂ ਬਾਅਦ ਆਪਣੀ ਪਹਿਲੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨੋਂ ਕੇਂਦਰੀ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਸ੍ਰੀ ਚੰਨੀ ਨੇ ਇਹ ਵੀ ਕਿਹਾ ਕਿ ਰੇਤ ਮਾਫ਼ੀਆ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਸਾਰੇ ਮੁੱਦਿਆਂ ਦਾ ਹੱਲ ਹੋਵੇਗਾ। ਉਨ੍ਹਾਂ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਤੈਅ 18 ਸੂਤਰੀ ਪ੍ਰੋਗਰਾਮ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਹ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਸਾਰੇ ਮਸਲਿਆਂ ਦਾ ਹੱਲ ਹੋਵੇਗਾ। ਉਨ੍ਹਾਂ ਛੋਟੇ ਘਰਾਂ (ਸ਼ਹਿਰੀ ਇਲਾਕਿਆਂ ਵਿੱਚ 150 ਜਾਂ 200 ਗਜ) ਲਈ ਮੁਫ਼ਤ ਪਾਣੀ ਦੀ ਸਪਲਾਈ, ਬਿਜਲੀ ਦਰਾਂ ਘਟਾਉਣ ਅਤੇ ਆਮ ਆਦਮੀ ਲਈ ਇਕ ਪਾਰਦਰਸ਼ੀ ਸਰਕਾਰ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਇਹ ਵਾਅਦੇ ਪੂਰੇ ਕਰਨ ਲਈ ਫ਼ੈਸਲਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਜਾਵੇਗਾ। ਉਨ੍ਹਾਂ ਸੂਬੇ ਵਿੱਚ ਮਾਫ਼ੀਆਂ ਤੋਂ ਸਖ਼ਤੀ ਨਾਲ ਨਿਪਟਣ ਦੀ ਗੱਲ ਵੀ ਕਹੀ। ਉਨ੍ਹਾਂ ਉਹ ਦਿਨ ਵੀ ਚੇਤੇ ਕੀਤੇ ਜਦੋਂ ਉਹ ਰਿਕਸ਼ਾ ਚਲਾਇਆ ਕਰਦੇ ਸਨ ਅਤੇ ਉਨ੍ਹਾਂ ਦੇ ਪਿਤਾ ਇਕ ਟੈਂਟ ਹਾਊਸ ਚਲਾਇਆ ਕਰਦੇ ਸਨ।