ਪੰਜਾਬ ਸਰਕਾਰ ਨੇ ਕਰਫ਼ਿਊ 1 ਮਈ ਤੱਕ ਵਧਾਇਆ

ਚੰਡੀਗੜ੍ਹ, 11 ਅਪ੍ਰੈਲ – ਇੱਥੇ 10 ਮਈ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਜ਼ਾਰਤ ਦੀ ਮੀਟਿੰਗ ਵਿੱਚ ਪੰਜਾਬ ਵਜ਼ਾਰਤ ਨੇ ਪੰਜਾਬ ਵਿੱਚ ਕੋਵਿਡ-19 ਦੇ ਵਧਦੇ ਕੇਸਾਂ ਅਤੇ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਦੇ ਇਰਾਦੇ ਨਾਲ ਸੂਬੇ ਵਿੱਚ ਜਾਰੀ ਕਰਫ਼ਿਊ ਦੀ ਮਿਆਦ 1 ਮਈ ਤੱਕ ਵਧਾ ਦਿੱਤੀ ਹੈ। ਵਜ਼ਾਰਤ ਨੇ ਕੋਰੋਨਾਵਾਇਰਸ ਆਫ਼ਤ ਦਾ ਟਾਕਰਾ ਕਰਨ ਲਈ ਕੇਂਦਰ ਕੋਲੋਂ ਵਿੱਤੀ ਮਦਦ ਮੰਗਣ, ਕਿਸਾਨਾਂ ਨੂੰ ਕਣਕ ‘ਤੇ ਬੋਨਸ ਦੇਣ ਅਤੇ ਕਣਕ ਦੀ ਖ਼ਰੀਦ ਲਈ ਹੋਰ ਖ਼ਰੀਦ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਅਗਲੇ ਹਫ਼ਤਿਆਂ ਵਿੱਚ ਮਹਾਂਮਾਰੀ ਦੇ ਵਿਕਰਾਲ ਰੂਪ ਧਾਰਨ ਦੇ ਗੰਭੀਰ ਖ਼ਦਸ਼ਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਰਫ਼ਿਊ ਬੰਦਸ਼ਾਂ ਬਹੁਤ ਜ਼ਰੂਰੀ ਸਨ ਤਾਂ ਜੋ ਮੈਡੀਕਲ ਢਾਂਚੇ ਉੱਤੇ ਪੈਣ ਵਾਲੇ ਦਬਾਅ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੈਡੀਕਲ ਭਾਈਚਾਰੇ ਦਾ ਇਹ ਆਮ ਵਿਚਾਰ ਹੈ ਕਿ ਲੌਕਡਾਊਨ ਹੀ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਤੋਂ ਬਚਾਅ ਕਰ ਸਕਦਾ ਹੈ।