ਫਿਲਹਾਲ ਨਹੀਂ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ, 7 ਸਤੰਬਰ (ਏਜੰਸੀ) – ਕੇਂਦਰੀ ਪੈਟਰੋਲੀਅਮ ਮੰਤਰੀ ਜੈਪਾਲ ਰੈਡੀ ਨੇ ਅੱਜ ਸਪਸ਼ਟ ਕੀਤਾ ਹੈ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੇ ਇਸ ਐਲਾਨ ਨਾਲ ਆਮ ਜਨਤਾ ਨੂੰ ਥੋੜ੍ਹੀ ਰਾਹਤ…… ਜ਼ਰੂਰ ਮਿਲੀ ਹੈ। ਇਸ ਤੋਂ ਪਹਿਲਾਂ ਇਹ ਸੰਭਾਵਨਾ ਸੀ ਕਿ ਮਾਨਸੂਨ ਸੈਸ਼ਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਰੈਡੀ ਨੇ ਇਹ ਵੀ ਆਖਿਆ ਕਿ ਪੈਟਰੋਲੀਅਮ ਪਦਾਰਥਾਂ ‘ਤੇ ਦਿੱਤੀ ਜਾ ਰਹੀ ਸਬਸਿਡੀ ਨੂੰ ਘੱਟ ਕਰਨ ਦੀ ਲੋੜ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਵਧੀਆਂ ਕੀਮਤਾਂ ਵਿਚਾਲੇ ਪੈਟਰੋਲੀਅਮ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਵਿੱਚ 5 ਰੁਪਏ ਪ੍ਰਤੀ ਲੀਟਰ ਵਾਧਾ ਕਰਨ ‘ਤੇ ਵਿਚਾਰ ਕਰ ਰਹੀਆਂ ਹਨ। ਪੈਟਰੋਲੀਅਮ ਕੰਪਨੀਆਂ ਵਲੋਂ ਸਰਕਾਰ ਉਤੇ ਇਸ ਲਈ ਦਬਾਅ ਵੀ ਬਣਾਇਆ ਜਾ ਰਿਹਾ ਹੈ। ਦੂਸਰੇ ਪਾਸੇ ਕੇਂਦਰ ਸਰਕਾਰ ਲਈ ਫਿਲਹਾਲ ਦੀ ਘੜੀ ਪੈਟਰੋਲ ਕੀਮਤਾਂ ਵਿੱਚ ਵਾਧਾ ਕਰਨਾ ਬੇਹੱਦ ਮੁਸ਼ਕਿਲ ਹੋਵੇਗਾ।