ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਉਤਸਵ ਵੱਡੇ ਪੱਧਰ ‘ਤੇ ਮਨਾਉਣ ਲਈ ਨਿਤੀਸ਼ ਕੁਮਾਰ ਨੂੰ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ

ਚੰਡੀਗੜ੍ਹ, 10 ਦਸੰਬਰ – ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਧਾਰਮਿਕ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਬਿਹਾਰ ਦੇ ਆਪਣੇ ਹਮਰੁਤਬਾ ਸ੍ਰੀ ਨਿਤੀਸ਼ ਕੁਮਾਰ ਨੂੰ ਪੂਰਨ ਸਹਿਯੋਗ ਤੇ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ।
ਸ੍ਰੀ ਨਿਤੀਸ਼  ਕੁਮਾਰ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਵਿਸ਼ਵ ਭਰ ਵਿੱਚ ਜੋਸ਼ੋ-ਖਰੋਸ਼ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਤੇ ਇਤਿਹਾਸਕ ਮੌਕੇ ਦਾ ਕੇਂਦਰੀ ਸਥਾਨ ਸੁਭਾਵਿਕ ਤੌਰ ‘ਤੇ ਗੁਰੂ ਸਾਹਿਬ ਜੀ ਦੇ ਜਨਮ ਅਸਥਾਨ ਪਟਨਾ ਸਾਹਿਬ ਦੀ ਪਵਿੱਤਰ ਧਰਤੀ ਹੋਵੇਗੀ। ਸ. ਬਾਦਲ ਨੇ ਕਿਹਾ ਕਿ ਦੁਨੀਆ ਭਰ ਦੀਆਂ ਸੰਗਤਾਂ ਦੀ ਇਹ ਪਵਿੱਤਰ ਖ਼ਾਹਿਸ਼ ਹੈ ਕਿ ਇਸ ਮਹਾਨ ਮੌਕੇ ਨੂੰ ਏਨੀ ਵੱਡੇ ਪੱਧਰ ‘ਤੇ ਮਨਾਇਆ ਜਾਵੇ ਜੋ ਕਿ ਦਸਮ ਪਿਤਾ ਜੀ ਦੀ ਲਾਸਾਨੀ ਸ਼ਖ਼ਸੀਅਤ ਨੂੰ ਮੂਰਤੀਮਾਨ ਕਰਨ ਦੇ ਸਮਰਥ ਹੋਵੇ।