ਰਾਜ ਸਭਾ ‘ਚ ਭਾਰੀ ਰੌਲੇ ਰੱਪੇ ਦੌਰਾਨ ਖੇਤੀ ਬਿੱਲ ਪਾਸ

ਨਵੀਂ ਦਿੱਲੀ, 21 ਸਤੰਬਰ – 20 ਸਤੰਬਰ ਦਿਨ ਐਤਵਾਰ ਨੂੰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਉਤਪਾਦਾਂ ਦਾ ਵਪਾਰ ਅਤੇ ਵਣਜ (ਤਰੱਕੀ ਅਤੇ ਸਰਲਤਾ) ਬਿੱਲ 2020 ਅਤੇ ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਅਸ਼ੋਰੈਂਸ ਅਤੇ ਖੇਤੀ ਸੇਵਾਵਾਂ ਕਰਾਰ ਬਿੱਲ 2020 ਪੇਸ਼ ਕੀਤੇ ਜੋ ਭਾਰੀ ਰੌਲੇ ਰੱਪੇ ਦੌਰਾਨ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤੇ ਗਏ।
ਇਨ੍ਹਾਂ ਬਿੱਲਾਂ ਨੂੰ ਲੈ ਕੇ ਸਦਨ ਵਿੱਚ ਕਾਫ਼ੀ ਰੌਲਾ ਰੱਪਾ ਪਿਆ, ਜਿਸ ਕਾਰਨ ਬਾਅਦ ਦੁਪਹਿਰ ਸਦਨ ਦੀ ਕਾਰਵਾਈ ਕੁੱਝ ਸਮੇਂ ਲਈ ਰੋਕਣੀ ਪਈ। ਇਸ ਮੌਕੇ ਤ੍ਰਿਣਮੂਲ ਕਾਂਗਰਸ ਦੇ ਡੈਰੇਕ ਓ ਬ੍ਰਾਇਨ ਐਨੇ ਜ਼ਿਆਦਾ ਖਿਝ ਗਏ ਕਿ ਉਨ੍ਹਾਂ ਉਪ ਚੇਅਰਮੈਟ ਜਾ ਕੇ ਸਦਨ ਦੀ ਰੂਲ ਬੁੱਕ ਫਾੜ ਦਿੱਤੀ। ਤੋਂ ਪਹਿਲਾਂ ਬਿੱਲ ਪੇਸ਼ ਕਰਨ ਮੌਕੇ ਤੋਮਰ ਨੇ ਕਿਹਾ ਕਿ ਦੋਵੇਂ ਬਿੱਲ ਇਤਿਹਾਸਕ ਹਨ ਅਤੇ ਕਿਸਾਨਾਂ ਦੇ ਜੀਵਨ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦੀਆਂ ਵਿਵਸਥਾਵਾਂ ਅਨੁਸਾਰ ਕਿਸਾਨ ਆਪਣੀ ਫ਼ਸਲ ਕਿਤੇ ਵੀ ਵੇਚ ਸਕਣਗੇ ਅਤੇ ਉਨ੍ਹਾਂ ਨੂੰ ਲੋੜੀਂਦੀ ਕੀਮਤ ‘ਤੇ ਫ਼ਸਲ ਵੇਚਣ ਦੀ ਆਜ਼ਾਦੀ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਵਿੱਚ ਵਿਵਸਥਾ ਹੈ ਕਿ ਬੀਜਾਈ ਸਮੇਂ ਹੀ ਕੀਮਤ ਦਾ ਭਰੋਸਾ ਦੇਣਾ ਹੋਵੇਗਾ। ਉਨ੍ਹਾਂ ਯਕੀਨ ਦਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕਿਹਾ ਹੈ ਕਿ ਐੱਮਐੱਸਪੀ ਕਾਇਮ ਹੈ ਤੇ ਅੱਗੇ ਵੀ ਜਾਰੀ ਰਹੇਗੀ। ਇਸ ਤੋਂ ਬਾਅਦ ਸ਼ੁਰੂ ਹੋਈ ਬਹਿਸ ‘ਤੇ ਕਾਂਗਰਸ ਨੇ ਸਰਕਾਰ ਉੱਤੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਖ਼ਤਮ ਕਰਨ ਅਤੇ ਕਾਰਪੋਰੇਟ ਜਗਤ ਨੂੰ ਲਾਭ ਪਹੁੰਚਾਉਣ ਲਈ ਨਵਾਂ ਖੇਤੀਬਾੜੀ ਬਿੱਲ ਲਿਆਉਣ ਦਾ ਦੋਸ਼ ਲਾਇਆ। ਹਾਲਾਂਕਿ ਸਰਕਾਰ ਨੇ ਇਸ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਬਿੱਲ ਕਿਸਾਨਾਂ ਨੂੰ ਮੰਡੀ ਦੇ ਵਿਕਲਪ ਮੁਹੱਈਆ ਕਰਾਉਣ ਅਤੇ ਉਨ੍ਹਾਂ ਦੀਆਂ ਫ਼ਸਲਾਂ ਦੇ ਵਧੀਆ ਭਾਅ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਿਆਂਦੇ ਗਏ ਹਨ। ਰਾਜ ਸਭਾ ਵਿੱਚ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ਦੋਵੇਂ ਬਿੱਲ ਕਿਸਾਨਾਂ ਦੀ ਰੂਹ ਨੂੰ ਸੱਟ ਵੱਜ ਰਹੇ ਹਨ। ਇਸ ਨੂੰ ਗ਼ਲਤ ਢੰਗ ਨਾਲ ਤਿਆਰ ਕੀਤਾ ਗਿਆ ਹੈ ਅਤੇ ਗ਼ਲਤ ਸਮੇਂ ‘ਤੇ ਪੇਸ਼ ਕੀਤਾ ਗਿਆ ਹੈ। ਬਾਜਵਾ ਨੇ ਸਵਾਲ ਕੀਤਾ ਕਿ ਜੇ ਸਰਕਾਰ ਦੇ ਕਦਮ ਕਿਸਾਨਾਂ ਦੇ ਹੱਕ ਵਿੱਚ ਹਨ ਤਾਂ ਫਿਰ ਭਾਜਪਾ ਦਾ ਸਭ ਤੋਂ ਪੁਰਾਣਾ ਭਾਈਵਾਲ ਅਕਾਲੀ ਦਲ ਇਸ ਦਾ ਵਿਰੋਧ ਕਿਉਂ ਕਰ ਰਿਹਾ ਹੈ? ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਸਰਕਾਰ ਦੇ ਨਵੇਂ ਕਦਮ ਦਾ ਸਭ ਤੋਂ ਜ਼ਿਆਦਾ ਨੁਕਸਾਨ ਹੋਵੇਗਾ।