ਲਖੀਮਪੁਰ ਖੀਰੀ ਘਟਨਾ: ਕਿਸਾਨਾਂ ਨੂੰ ਡਰਾਉਣ ਲਈ ਪਹਿਲਾਂ ਤੋਂ ਘੜੀ ਸਾਜ਼ਿਸ਼ ਦਾ ਹਿੱਸਾ ਸੀ – ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, 9 ਅਕਤੂਬਰ – ਪ੍ਰੈੱਸ ਕਲੱਬ ਆਫ਼ ਇੰਡੀਆ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਦਰਸ਼ਨ ਪਾਲ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ ਘਟਨਾ ਪਹਿਲਾਂ ਤੋਂ ਸੋਚੀ ਸਮਝੀ ਸਾਜ਼ਿਸ਼ ਸੀ। ਹਮਲਾਵਰਾਂ ਅਜਿਹਾ ਕਰਕੇ ਕਿਸਾਨਾਂ ਨੂੰ ਡਰਾਉਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਪ੍ਰਤੀ ਹਿੰਸਕ ਪਹੁੰਚ ਅਪਣਾਈ ਹੈ ਪਰ ਕਿਸਾਨ ਹਿੰਸਾ ਦਾ ਰਾਹ ਨਹੀਂ ਅਪਣਾਉਣਗੇ। ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਨੇ ਮੰਗ ਕੀਤੀ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਤੇ ਉਸ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਸ੍ਰੀ ਯੋਗੇਂਦਰ ਯਾਦਵ ਨੇ ਕਿਹਾ ਕਿ ਦਸਹਿਰੇ ‘ਤੇ 15 ਅਕਤੂਬਰ ਨੂੰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲਾਂ ਰੋਕਣ ਦਾ ਸੱਦਾ ਦਿੱਤਾ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ, ਜੋ ਸਮਝੌਤਾ ਤਿੰਨ ਮੰਗਾਂ ‘ਤੇ ਹੋਇਆ ਹੈ, ਉਹ ਸਥਾਨ ਕਿਸਾਨਾਂ ਪਰਿਵਾਰਾਂ ਤੇ ਦਸ ਹਜ਼ਾਰ ਲੋਕਾਂ ਦੀ ਸਹਿਮਤੀ ਨਾਲ ਹੋਇਆ ਸੀ। ਮੋਰਚੇ ਵੱਲੋਂ ਉੱਤਰ ਪ੍ਰਦੇਸ਼ ਦੀ ਪੁਲੀਸ ਜਾਂਚ ‘ਚ ਬੇਭਰੋਸਗੀ ਪ੍ਰਗਟਾਈ ਗਈ।