ਲਖੀਮਪੁਰ ਖੀਰੀ ਹਿੰਸਾ ਮਾਮਲਾ: ਸੁਪਰੀਮ ਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਾਰਜ

ਇੱਕ ਹਫ਼ਤੇ ‘ਚ ਆਤਮ ਸਮਰਪਣ ਕਰਨ ਦੇ ਆਦੇਸ਼
ਨਵੀਂ ਦਿੱਲੀ, 19 ਅਪ੍ਰੈਲ – ਅੱਜ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ‘ਚ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ।
ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਇੱਕ ਹਫ਼ਤੇ ਦੇ ਅੰਦਰ ਆਤਮ ਸਮਰਪਣ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾ ਅਲਾਹਾਬਾਦ ਹਾਈ ਕੋਰਟ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਲੜਕੇ ਨੂੰ ਜ਼ਮਾਨਤ ਦਿੱਤੀ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਅਲਾਹਾਬਾਦ ਹਾਈ ਕੋਰਟ ਨੇ ਪੀੜਤ ਧਿਰ ਦਾ ਪੱਖ ਨਹੀਂ ਸੁਣਿਆ। ਅਦਾਲਤ ਦੇ ਬੈਂਚ ਨੇ ਐਫਆਈਆਰ ਤੇ ਪੀੜਤ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਜ਼ਮਾਨਤ ਰੱਦ ਕਰਨ ਦਾ ਫ਼ੈਸਲਾ ਕੀਤਾ। ਜ਼ਿਕਰਯੋਗ ਹੈ ਕਿ ਲਖੀਮਪੁਰ ਦੇ ਤਿਕੁਨੀਆ ਵਿੱਚ ਅੱਠ ਜਣਿਆਂ ਦੀ ਮੌਤ ਹੋ ਗਈ ਸੀ ਤੇ ਕੇਂਦਰੀ ਰਾਜ ਮੰਤਰੀ ਦੇ ਲੜਕੇ ‘ਤੇ ਕਿਸਾਨਾਂ ਨੂੰ ਜੀਪ ਹੇਠ ਦਰੜਨ ਦੇ ਦੋਸ਼ ਲੱਗੇ ਸਨ।