ਲੋਕ ਸਭਾ ਚੋਣਾਂ ‘ਚ ਕਾਂਗਰਸ ਮੂੰਹ ਦੀ ਖਾਵੇਗੀ : ਬਾਦਲ

ਮੁੱਖ ਮੰਤਰੀ ਨੇ ਬਸੀ ਪਠਾਣਾ ਵਿਖੇ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ
ਬਸੀ ਪਠਾਣਾ (ਫਤਹਿਗੜ੍ਹ ਸਾਹਿਬ), 3 ਅਕਤੂਬਰ (ਏਜੰਸੀ)-”ਇਤਿਹਾਸ ਗਵਾਹ ਹੈ ਕਿ ਦੇਸ਼ ਦੇ ਜਿਹੜੇ ਰਾਜ ਵਿੱਚ ਵੀ ਕਾਂਗਰਸ ਦੀ ਸਰਕਾਰ ਨੂੰ ਦੋ ਵਾਰ ਹਾਰ ਦਾ ਮੂੰਹ ਵੇਖਣਾ ਪਿਆ, ਉੱਥੇ ਮੁੜ ਕੇ ਕਦੇ ਵੀ ਕਾਂਗਰਸ ਪਾਰਟੀ ਸੱਤਾ ਵਿੱਚ ਨਹੀਂ ਆ ਸਕੀ ਅਤੇ ਕਾਂਗਰਸ ਨੂੰ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਮੂੰਹ ਦੀ ਖਾਣੀ ਪਈ। ਪੰਜਾਬ ਵਿੱਚ ਵੀ ਕਾਂਗਰਸ ਪਾਰਟੀ ਲੋਕ ਵਿਰੋਧੀ…… ਨੀਤੀਆਂ ਕਰਕੇ ਦੋ ਵਾਰ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਮੂੰਹ ਵੇਖ ਚੁਕੀ ਹੈ ਅਤੇ ਕਾਂਗਰਸ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਵਿਸਾਰ ਦਿੱਤਾ ਹੈ ਅਤੇ ਭਵਿੱਖ ਵਿੱਚ ਪੰਜਾਬ ਵਿੱਚੋਂ ਕਾਂਗਰਸ ਦਾ ਨਾਮੋ-ਨਿਸ਼ਾਨ ਖ਼ਤਮ ਹੋ ਜਾਵੇਗਾ।” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਬਸੀ ਪਠਾਣਾ ਵਿਖੇ ਪੀ. ਆਰ. ਟੀ. ਸੀ. ਵੱਲੋਂ 4 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਆਧੁਨਿਕ ਸਹੂਲਤਾਂ ਵਾਲੇ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਉਪਰੰਤ ਆਯੋਜਿਤ ਕੀਤੇ ਗਏ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀਆਂ ਸਰਕਾਰਾਂ ਨੇ ਹਮੇਸ਼ਾਂ ਹਰ ਵਰਗ ਦਾ ਨਿਰਪੱਖ ਤੌਰ ‘ਤੇ ਸਮੁੱਚਾ ਵਿਕਾਸ ਕੀਤਾ ਹੈ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਨੂੰ ਮੁੱਖ ਰੱਖਦਿਆਂ ਹੋਇਆਂ ਹੀ ਪੰਜਾਬ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਨੂੰ ਮੁੜ ਸੱਤਾ ਵਿੱਚ ਲਿਆਂਦਾ।
ਸ. ਬਾਦਲ ਨੇ ਆਖਿਆ ਕਿ ਪੰਜਾਬ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਦੇ ਸੰਤੁਲਿਤ ਵਿਕਾਸ ਲਈ ਵਿਆਪਕ ਯੋਜਨਾ ਉਲੀਕੀ ਗਈ ਹੈ ਜਿਸ ਤਹਿਤ ਹਰੇਕ ਸ਼ਹਿਰ ਅਤੇ ਪਿੰਡ ਵਿੱਚ ਲੋਕਾਂ ਨੂੰ ਪੀਣ ਵਾਲਾ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸ਼ਹਿਰਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ, ਸੜਕਾਂ ਦਾ ਨਿਰਮਾਣ, ਸਟ੍ਰੀਟ ਲਾਈਟਾਂ ਅਤੇ ਹੋਰ ਸਾਰੀਆਂ ਮੁਢਲੀਆਂ ਸਹੂਲਤਾਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਇਸ ਮੌਕੇ ਬਸੀ ਪਠਾਣਾ ਅਤੇ ਖਮਾਣੋਂ ਸਬ ਡਵੀਜ਼ਨਾਂ ਵਿੱਚ ਸਬ ਡਵੀਜ਼ਨ ਪੱਧਰ ਦੇ ਪ੍ਰਬੰਧਕੀ ਕੰਪਲੈਕਸਾਂ ਦਾ ਨਿਰਮਾਣ ਕਰਵਾਉਣ ਦੇ ਨਾਲ-ਨਾਲ ਸੀਵਰੇਜ, ਪੀਣ ਵਾਲੇ ਪਾਣੀ ਦੀ ਵਿਵਸਥਾ, ਸੜਕਾਂ, ਸਟ੍ਰੀਟ ਲਾਈਟਾਂ ਤੇ ਹੋਰ ਮੁਢਲੀਆਂ ਸਹੂਲਤਾਂ ਉਪਲਬਧ ਕਰਵਾਉਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਬਸੀ ਪਠਾਣਾ ਵਿਖੇ ਕਮਿਊਨਿਟੀ ਸੈਂਟਰ ਅਤੇ ਖੇਡ ਸਟੇਡੀਅਮ ਵੀ ਉਸਾਰਿਆ ਜਾਵੇਗਾ। ਇਸ ਤੋਂ ਇਲਾਵਾ ਬਸੀ ਪਠਾਣਾ ਵਿੱਚੋਂ ਲੰਘਦੀ ਮੋਰਿੰਡਾ ਸੜਕ ਦੇ ਨਾਲ ਲੰਘਦੇ ਗੰਦੇ ਨਾਲੇ ਦੀ ਸਫਾਈ, ਮੁੱਖ ਸੜਕ ਨੂੰ ਚੌੜਾ ਕਰਨ ਅਤੇ ਬਸੀ ਪਠਾਣਾ ਤੇ ਖਮਾਣੋਂ ਸਬ ਡਵੀਜ਼ਨ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਪਹਿਲ ਦੇ ਅਧਾਰ ‘ਤੇ ਮੁਰੰਮਤ ਕਰਵਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਬਸੀ ਪਠਾਣਾ ਦੇ ਪਸ਼ੂ ਹਸਪਤਾਲ ਦੀ ਨਵੀਂ ਇਮਾਰਤ ਦੇ ਨਿਰਮਾਣ ਦੇ ਨਾਲ-ਨਾਲ ਡਾਕਟਰ ਅਤੇ ਹੋਰ ਪਸ਼ੂ ਚਕਿਤਸਕ ਸਹੂਲਤਾਂ ਉਪਲਬਧ ਕਰਵਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਆਈ.ਟੀ.ਆਈ. ਬਸੀ ਪਠਾਣਾ ਵਿਖੇ ਹੁਨਰ ਸਿਖਲਾਈ ਕੇਂਦਰ ਖੋਲ੍ਹਿਆ ਜਾਵੇਗਾ ਜਿੱਥੇ ਕਿ ਬੇਰੁਜ਼ਗਾਰ ਨੌਜਵਾਨ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਲੈ ਕੇ ਆਪਣੇ ਪੈਰਾਂ ‘ਤੇ ਖੜੇ ਹੋ ਸਕਣਗੇ।
ਮੁੱਖ ਮੰਤਰੀ ਨੇ ਕੇਂਦਰ ਦੀ ਯੂ. ਪੀ. ਏ. ਸਰਕਾਰ ਦੀਆਂ ਗਲਤ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਰਾਜਾਂ ਨਾਲ ਵਿਤਕਰੇ ਵਾਲੀ ਨੀਤੀ ਅਪਣਾ ਕੇ ਫੈਡਰਲ ਢਾਂਚੇ ਨੂੰ ਬਹੁਤ ਵੱਡਾ ਨੁਕਸਾਨ ਪਹੁੰਚਾਇਆ ਹੈ ਜਿਹੜਾ ਕਿ ਕਿਸੇ ਵੀ ਲੋਕਤੰਤਰ ਦਾ ਮੁੱਖ ਅਧਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਬਰਸਾਤ ਦੇ ਮੌਸਮ ਵਿੱਚ ਪੰਜਾਬ ਦੇਸ਼ ਦਾ ਅਜਿਹਾ ਰਾਜ ਹੈ, ਜਿੱਥੇ ਕਿ ਬਹੁਤ ਘੱਟ ਮੀਂਹ ਪੈਣ ਕਾਰਨ ਝੋਨੇ ਦੀ ਫਸਲ ਪਾਲਣ ਵਾਸਤੇ ਮਹਿੰਗੇ ਭਾਅ ਦਾ ਡੀਜ਼ਲ ਬਾਲਣਾ ਪਿਆ ਹੈ ਪ੍ਰੰਤੂ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਪਏ ਸੋਕੇ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ‘ਤੇ ਬਦਲੇ ਦੀ ਭਾਵਨਾ ਨਾਲ ਝੂਠੇ ਕੇਸ ਬਣਾਏ, ਜਿਸ ਦਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਖਮਿਆਜ਼ਾ ਭੁਗਤਣਾ ਪਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕੋ-ਇੱਕ ਅਜਿਹੀ ਧਰਮ ਨਿਰਪੱਖ ਪਾਰਟੀ ਹੈ ਜਿਸ ਵਿੱਚ ਸਭ ਧਰਮਾਂ ਦਾ ਬਰਾਬਰ ਸਤਿਕਾਰ ਕੀਤਾ ਜਾਂਦਾ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਦੇ ਹਰੇਕ ਪਿੰਡ ਦੇ ਪੀਣ ਵਾਲੇ ਪਾਣੀ ਦੇ ਨਮੂਨੇ ਲਏ ਜਾ ਰਹੇ ਹਨ ਤਾਂ ਕਿ ਇਸ ਗੱਲ ਦਾ ਪਤਾ ਲਗਾਇਆ ਜਾ ਸਕੇ ਕਿ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚਾਉਣ ਵਾਲਾ ਯੂਰੇਨੀਅਮ ਅਤੇ ਹੋਰ ਧਾਤਾਂ ਤਾਂ ਮੌਜੂਦ ਨਹੀਂ ਹਨ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਲਾਭ ਪਾਤਰਾਂ ਨੂੰ ਬੁਢਾਪਾ ਪੈਨਸ਼ਨ ਤੇ ਹੋਰ ਹਰ ਤਰ੍ਹਾਂ ਦੀਆਂ ਪੈਨਸ਼ਨਾਂ ਤੇ ਸ਼ਗਨ ਸਕੀਮ ਦਾ ਲਾਭ ਬੈਂਕਾਂ ਰਾਹੀਂ ਲੋਕਾਂ ਦੇ ਘਰ ਤੱਕ ਪਹੁੰਚਾਉਣ ਦੀ ਵਿਵਸਥਾ ਕੀਤੀ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਲੈਣ ਲਈ ਖ਼ੱਜਲ-ਖੁਆਰ ਨਾ ਹੋਣਾ ਪਵੇ। ਝੋਨੇ ਦੀ ਖਰੀਦ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਝੋਨੇ ਦੀ ਸਟੋਰੇਜ਼ ਵਿੱਚ ਹਰ ਸਾਲ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਕੇਂਦਰ ਵੱਲੋਂ ਸਮੇਂ ਸਿਰ ਖ਼ਰੀਦੇ ਗਏ ਝੋਨੇ ਦੀ ਚੁਕਾਈ ਨਹੀਂ ਕੀਤੀ ਜਾਂਦੀ।
ਉਨ੍ਹਾਂ ਆਖਿਆ ਕਿ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਸਾਰੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪੰਜਾਬ ਵਿੱਚ ਮੁੜ ਅੱਤਵਾਦ ਉਜਾਗਰ ਹੋਣ ਦੀਆਂ ਸੰਭਾਵਨਾਵਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਬਾਦਲ ਨੇ ਕਿਹਾ ਕਿ ਦੁਨੀਆ ਦੇ ਕਿਸੇ ਵੀ ਮੁਲਕ ਵਿੱਚ ਹੋਣ ਵਾਲੀਆਂ ਇੱਕਾ-ਦੁੱਕਾ ਹੋਣ ਵਾਲੀ ਘਟਨਾ ਦਾ ਇਹ ਮਤਲਬ ਨਹੀਂ ਹੈ ਕਿ ਪੰਜਾਬ ਵਿੱਚ ਕਿਸੇ ਕਿਸਮ ਦੇ ਅੱਤਵਾਦ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਇਸ ਸਮੇਂ ਪੁਰ ਅਮਨ ਅਤੇ ਸ਼ਾਂਤੀ ਵਾਲਾ ਮਾਹੌਲ ਹੈ ਅਤੇ ਇਸੇ ਕਰਕੇ ਪੰਜਾਬ ਹਰ ਖੇਤਰ ਵਿੱਚ ਤੇਜੀ ਨਾਲ ਵਿਕਾਸ ਕਰ ਰਿਹਾ ਹੈ। ਉਦਯੋਗਿਕ ਇਕਾਈਆਂ ਵਿੱਚ ਟੈਕਸਾਂ ਦੀ ਅਦਾਇਗੀ ਨੂੰ ਸੁਚੱਜੇ ਢੰਗ ਨਾਲ ਨਿਪਟਾਉਣ ਲਈ ਲਾਗੂ ਕੀਤੇ ਗਏ ਈ-ਬਿਲਿੰਗ ਸਿਸਟਮ ਵਿੱਚ ਉਦਯੋਗਿਕ ਇਕਾਈਆਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਇੱਕ ਨਵਾਂ ਸਿਸਟਮ ਹੈ ਜੋ ਸਾਰੀ ਵਿਧੀ ਵਿੱਚ ਪਾਰ-ਦਰਸ਼ਤਾ ਲਿਆਵੇਗਾ, ਇਸ ਨੂੰ ਸਾਰੀਆਂ ਸਬੰਧਤ ਧਿਰਾਂ ਨੂੰ ਰਜ਼ਾਮੰਦੀ ਨਾਲ ਅਪਣਾਉਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਟਰਾਂਸਪੋਰਟ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ੩੫ ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਦੀਆਂ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੀ. ਆਰ. ਟੀ. ਸੀ. ਵੱਲੋਂ ਜੋ ਬਸੀ ਪਠਾਣਾ ਬੱਸ ਅੱਡੇ ਦਾ ਨਿਰਮਾਣ 9 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਕੀਤਾ ਜਾਵੇਗਾ, ਜਿੱਥੇ ਕਿ ਰੋਜ਼ਾਨਾ 500 ਪ੍ਰਮੁੱਖ ਅਤੇ ਮਿੰਨੀ ਬੱਸਾਂ ਦੀ ਆਵਾਜਾਈ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਬੱਸ ਅੱਡੇ ‘ਤੇ 8 ਕਾਊਂਟਰ ਹੋਣਗੇ ਅਤੇ ਯਾਤਰੀਆਂ ਦੀ ਸਹੂਲਤ ਲਈ ਆਧੁਨਿਕ ਅਨਾਊਂਸਮੈਂਟ ਸਿਸਟਮ ਵੀ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਮਲੋਹ ਵਿਖੇ ਵੀ ੨ ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬੱਸ ਸਟੈਂਡ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ ਜੋ ਕਿ ਦਸੰਬਰ 2012 ਤੱਕ ਮੁਕੰਮਲ ਹੋ ਜਾਵੇਗਾ। ਇਸ ਤੋਂ ਇਲਾਵਾ ਸਰਹਿੰਦ ਵਿਖੇ ਵੀ ਜੀ. ਟੀ. ਰੋਡ ‘ਤੇ 4 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਬੱਸ ਸਟੈਂਡ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੀ. ਆਰ. ਟੀ. ਸੀ. ਵੱਲੋਂ ਯਾਤਰੀਆਂ ਦੀ ਸਹੂਲਤ ਲਈ 100 ਨਵੀਂਆਂ ਬੱਸਾਂ ਪਾਈਆਂ ਜਾਣਗੀਆਂ।
ਇਸ ਸਮਾਗਮ ਵਿੱਚ ਮੈਂਬਰ ਪਾਰਲੀਮੈਂਟ ਪਰਮਜੀਤ ਕੌਰ ਗੁਲਸ਼ਨ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਗਦੀਪ ਸਿੰਘ ਚੀਮਾ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਅਜੇ ਸਿੰਘ ਲਿਬੜਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਸ.ਐਨ. ਸ਼ਰਮਾ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਸਾਬਕਾ ਮੰਤਰੀ ਤੇ ਮੈਂਬਰ ਐਸ. ਜੀ.ਪੀ. ਸੀ. ਰਣਧੀਰ ਸਿੰਘ ਚੀਮਾ, ਰਵਿੰਦਰ ਸਿੰਘ ਖਾਲਸਾ ਤੇ ਅਵਤਾਰ ਸਿੰਘ ਰਿਆ, ਮੈਂਬਰ ਵਰਕਿੰਗ ਕਮੇਟੀ ਸ਼੍ਰੋਮਣੀ ਅਕਾਲੀ ਦਲ ਰਣਜੀਤ ਸਿੰਘ ਲਿਬੜਾ, ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਰਜਿੰਦਰ ਕੌਰ ਸਲਾਣਾ, ਉਪ ਪ੍ਰਧਾਨ ਜ਼ਿਲ੍ਹਾ ਪ੍ਰੀਸ਼ਦ ਇੰਦਰਜੀਤ ਸਿੰਘ ਸੰਧੂ, ਸਕੱਤਰ ਟਰਾਂਸਪੋਰਟ ਮਨਦੀਪ ਸਿੰਘ, ਡੀ.ਆਈ.ਜੀ. ਐਮ.ਐਫ. ਫਾਰੂਕੀ, ਡਿਪਟੀ ਕਮਿਸ਼ਨਰ ਯਸ਼ਵੀਰ ਮਹਾਜਨ, ਐਸ. ਐਸ .ਪੀ. ਐਚ. ਐਸ. ਮਾਨ, ਵਧੀਕ ਡਿਪਟੀ ਕਮਿਸ਼ਨਰ ਪ੍ਰਦੀਪ ਸਿੰਘ ਕਾਲੇਕਾ, ਐਸ. ਡੀ. ਐਮ. ਬਸੀ ਪਠਾਣਾ ਸੁਖਦੇਵ ਸਿੰਘ, ਐਸ. ਓ. ਆਈ. ਦੇ ਕੌਮੀ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਾਬਕਾ ਵਿਧਾਇਕ ਗੁਰਦੇਵ ਸਿੰਘ ਸਿੱਧੂ, ਪ੍ਰਧਾਨ ਬਸੀ ਪਠਾਣਾ ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਮਲਕੀਤ ਸਿੰਘ ਮਠਾੜੂ, ਕਿਰਪਾਲ ਸਿੰਘ ਸੇਠੀ, ਨਗਰ ਕੌਂਸਲਰ, ਸਰਪੰਚ, ਪੰਚ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।