ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਨੂੰ ਆਪਣੇ ਸਿਆਸੀ ਲਾਭ ਲੈਣ ਵਰਤਿਆ ਜਾਣਾ ਮੰਦਭਾਗਾ

ਸੈਕਰਾਮੈਂਟੋ, 11 ਜਨਵਰੀ (ਹੁਸਨ ਲੜੋਆ ਬੰਗਾ) – ਪੰਜਾਬ ਅਤੇ ਬਾਹਰਲੇ ਸੂਬਿਆਂ ਵਿੱਚ ਆਪਣੀਆਂ ਸਜ਼ਾ ਪੂਰੀਆਂ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਤੋਂ ਲੈ ਕੇ ਗਵਰਨਰ ਹਾਊਸ ਚੰਡੀਗੜ੍ਹ ਤੱਕ ਰੱਖੇ ਗਏ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਹੁੰਮਹੁਮਾ ਕੇ ਸ਼ਾਮਲ ਹੋਣ ਵਾਲੀਆਂ ਸਮੂਹ ਪੰਥਕ ਜਥੇਬੰਦੀਆਂ, ਧਾਰਮਿਕ ਸੰਸਥਾਵਾਂ, ਸਿੱਖ ਸਿਆਸੀ ਪਾਰਟੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਦਾ ਵਰਲਡ ਸਿੱਖ ਪਾਰਲੀਮੈਂਟ ਨੇ ਧੰਨਵਾਦ ਕਰਦਿਆਂ ਕਿਹਾ ਕਿ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਸਿੱਖਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਸਰਕਾਰ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਹ ਠੋਸ ਸੁਨੇਹਾ ਦਿੱਤਾ ਹੈ ਕਿ ਸਮੂਹ ਸਿੱਖਾਂ ਲਈ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਦੀ ਰਿਹਾਈ ਦਾ ਮੁੱਦਾ ਬਹੁਤ ਹੀ ਅਹਿਮ ਹੈ ਅਤੇ ਸਮੂਹ ਸਿੱਖਾਂ ਦੀ ਭਾਵਨਾਵਾਂ ਇਸ ਮਸਲੇ ਨਾਲ ਜੁੜੀਆਂ ਹੋਈਆਂ ਹਨ। ਵਰਲਡ ਸਿੱਖ ਪਾਰਲੀਮੈਂਟ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਅਤੇ ਭਾਰਤ ਦੀਆਂ ਸਿਆਸੀ ਪਾਰਟੀਆਂ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਦੀ ਰਿਹਾਈ ਦੇ ਮਸਲੇ ਨੂੰ ਆਪਣੇ ਸਿਆਸੀ ਲਾਭ ਲੈਣ ਵਰਤਿਆ ਜਾਣਾ ਬਹੁਤ ਹੀ ਮੰਦਭਾਗਾ ਹੈ ਅਤੇ ਸਿੱਖ ਬੰਦੀਆਂ ਨਾਲ ਲਗਾਤਾਰ ਕੀਤੀ ਜਾ ਰਹੀ ਬੇਇਨਸਾਫ਼ੀ ਨੂੰ ਸਿੱਖ ਕਦੇ ਵੀ ਅੱਖੋਂ ਪਰੋਖੇ ਨਹੀਂ ਕਰਨਗੇ। ਅੱਜ ਦੇ ਇਸ ਵਿਸ਼ਾਲ ਮਾਰਚ ਨੇ ਉਪਰੋਕਤ ਸੁਨੇਹਾ ਬਹੁਤ ਹੀ ਠੋਸ ਰੂਪ ਵਿੱਚ ਸਬੰਧਿਤ ਧਿਰਾਂ ਦੇ ਕੰਨਾਂ ਤੱਕ ਪਹੁੰਚਾ ਦਿੱਤਾ ਹੈ। ਵਰਲਡ ਸਿੱਖ ਪਾਰਲੀਮੈਂਟ ਸਮੂਹ ਸਿੱਖਾਂ ਨੂੰ ਵੀ ਅਪੀਲ ਕਰਦੀ ਹੈ ਕਿ ਉਹ ਜਦ ਤਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਦੀ ਰਿਹਾਈ ਨਹੀਂ ਹੋ ਜਾਂਦੀ ਇਸੇ ਤਰ੍ਹਾਂ ਹੀ ਇੱਕਜੁੱਟਤਾ ਦਾ ਪ੍ਰਗਟਾਵਾ ਕਰਕੇ ਸਮੂਹ ਬੰਦੀ ਸਿੰਘਾਂ ਅਤੇ ਸਿੱਖ ਨੌਜਵਾਨਾਂ ਦੇ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਖ਼ਿਲਾਫ਼ ਅਵਾਜ਼ ਉਠਾਉਂਦੇ ਰਹਿਣ।