ਵੈੱਬ ਸੀਰੀਜ਼ ‘ਆਸ਼ਰਮ’ ਦੇ ਡਾਇਰੈਕਟਰ ਪ੍ਰਕਾਸ਼ ਝਾਅ ‘ਤੇ ਸਿਆਹੀ ਸੁੱਟੀ

ਭੁਪਾਲ, 25 ਅਕਤੂਬਰ – ਇੱਥੇ ਬਜਰੰਗ ਦਲ ਦੇ ਕਾਰਕੁਨਾਂ ਨੇ ਵੈੱਬ ਸੀਰੀਜ਼ ‘ਆਸ਼ਰਮ’ ਦੇ ਸੈੱਟ ‘ਤੇ ਪਹੁੰਚ ਕੇ ਭੰਨਤੋੜ ਕੀਤੀ ਤੇ ਇਸ ਵੈੱਬ ਸੀਰੀਜ਼ ਦੇ ਨਿਰਮਾਤਾ-ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ। ਇਨ੍ਹਾਂ ਕਾਰਕੁਨਾਂ ਨੇ ਦੋਸ਼ ਲਗਾਇਆ ਕਿ ਵੈੱਬ ਸੀਰੀਜ਼ ਵਿੱਚ ਹਿੰਦੂਆਂ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਵੈੱਬ ਸੀਰੀਜ਼ ‘ਆਸ਼ਰਮ’ ਦੇ ਤੀਜੇ ਸੀਜ਼ਨ ਦੀ ਇੱਥੇ ਸ਼ੂਟਿੰਗ ਚੱਲ ਰਹੀ ਹੈ।
ਪੁਲੀਸ ਅਨੁਸਾਰ ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ਦੇ ਕਲਾਕਾਰਾਂ ਦੀਆਂ ਦੋ ਬੱਸਾਂ ਦੇ ਸ਼ੀਸ਼ੇ ਵੀ ਤੋੜ ਦਿੱਤੇ ਤੇ ਸ਼ੂਟਿੰਗ ਰੋਕਣ ਦੀ ਧਮਕੀ ਦਿੱਤੀ। ਭੁਪਾਲ (ਦੱਖਣੀ) ਦੇ ਐੱਸਪੀ ਸਾਈ ਕ੍ਰਿਸ਼ਨਾ ਨੇ ਦੱਸਿਆ ਕਿ ਇਸ ਵੈੱਬ ਸੀਰੀਜ਼ ਦੀ ਸ਼ੂਟਿੰਗ ਪੁਰਾਣੇ ਜੇਲ੍ਹ ਕੰਪਲੈਕਸ ਵਿੱਚ ਹੋ ਰਹੀ ਸੀ। ਬਜਰੰਗ ਦਲ ਦੇ ਕਾਰਕੁਨਾਂ ਨੇ ਕਿਹਾ ਕਿ ਸੀਰੀਜ਼ ਵਿੱਚ ਅਸ਼ਲੀਲਤਾ ਕਾਰਨ ਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਫ਼ਿਲਹਾਲ ਇਸ ਕੇਸ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।