ਸਿੱਖ ਕੈਦੀਆਂ ਦੀ ਤਬਦੀਲੀ ਨਾਲ ਸੂਬੇ ਦੀ ਸ਼ਾਂਤੀ ਨੂੰ ਕੋਈ ਖ਼ਤਰਾ ਨਹੀਂ – ਮੁੱਖ ਮੰਤਰੀ

news-en152*ਪ੍ਰਧਾਨ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਵਿੱਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ ਸੀ
ਮਾਣਕ (ਕਪੂਰਥਲਾ), 14 ਜੂਨ – ਸਿੱਖ ਕੈਦੀਆਂ ਦੀ ਹੋਰਾਂ ਰਾਜਾਂ ਦੀਆਂ ਜੇਲ੍ਹਾਂ ਤੋਂ ਤਬਦੀਲੀ ਨਾਲ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕੋਈ ਵੀ ਖ਼ਤਰਾ ਨਾ ਹੋਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਹਰੇਕ ਫ਼ੈਸਲਾ ਸੂਬੇ ਦੇ ਸ਼ਾਂਤੀ ਵਾਲੇ ਮਾਹੌਲ, ਭਾਈਚਾਰਕ ਏਕਤਾ ਅਤੇ ਸਦਭਾਵਨਾ ਨੂੰ ਮੂਹਰੇ ਰੱਖ ਕੇ ਲਿਆ ਜਾਂਦਾ ਹੈ।
ਅੱਜ ਵਿਧਾਨ ਸਭਾ ਹਲਕਾ ਫਗਵਾੜਾ ਦੇ ਪਿੰਡ ਮਾਣਕ ਵਿਖੇ ਕਈ ਪਿੰਡਾਂ ਦੇ ਸਾਂਝੇ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਕੋਈ ਵੀ ਫ਼ੈਸਲਾ ਸੂਬੇ ਦੀ ਸ਼ਾਂਤੀ, ਭਾਈਚਾਰਕ ਏਕਤਾ ਅਤੇ ਸਦਭਾਵਨਾ ਨੂੰ ਅੱਗੇ ਰੱਖ ਕੇ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੀਆਂ ਰਾਜ ਸਰਕਾਰਾਂ ਵੱਲੋਂ ਕੈਦੀਆਂ ਦੀ ਤਬਦੀਲੀ ਦੀ ਪਾਲਿਸੀ ਤਹਿਤ ਕੈਦੀਆਂ ਦਾ ਤਬਾਦਲਾ ਕੀਤਾ ਜਾ ਰਿਹਾ ਹੈ, ਜਿਸ ਤੋਂ ਪੰਜਾਬ ਨੂੰ ਲਾਂਭੇ ਨਹੀਂ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤੀ ਨੂੰ ਬਣਾਈ ਰੱਖਣ ਲਈ ਸੂਬਾ ਸਰਕਾਰ ਵਚਨਬੱਧ ਹੈ।
ਕਾਂਗਰਸ ਪਾਰਟੀ ‘ਤੇ ਅੱਤਵਾਦ ਦੇ ਨਾਮ ਉੱਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਕਾਂਗਰਸੀ ਨੇਤਾਵਾਂ ਤੋਂ ਪੁੱਛਣਾ ਚਾਹੀਦਾ ਹੈ ਕਿ ਬਿਮਾਰ ਸਿੱਖ ਕੈਦੀ ਪ੍ਰੋਫੈਸਰ ਦਵਿੰਦਰ ਸਿੰਘ ਭੁੱਲਰ ਦੀ ਪੰਜਾਬ ਦੀ ਜੇਲ੍ਹ ਵਿੱਚ ਤਬਦੀਲੀ ਨਾਲ ਸੂਬੇ ਵਿੱਚ ਅੱਤਵਾਦ ਕਿਵੇਂ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਭੁੱਲਰ ਦੇ ਪਰਿਵਾਰ ਨੇ ਕੇਂਦਰ ਤੇ ਰਾਜ ਸਰਕਾਰਾਂ ਨੂੰ ਬੇਨਤੀ ਕੀਤੀ ਸੀ ਕਿ ਭੁੱਲਰ ਦੀ ਪੰਜਾਬ ਦੀ ਜੇਲ੍ਹ ਵਿੱਚ ਤਬਦੀਲੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਦਾ ਪਰਿਵਾਰ ਮਿਲ ਸਕੇ। ਉਨ੍ਹਾਂ ਕਿਹਾ ਪ੍ਰੋਫੈਸਰ ਭੁੱਲਰ ਦੀ ਪੰਜਾਬ ਦੀ ਜੇਲ੍ਹ ਵਿੱਚ ਤਬਦੀਲੀ ਨਾਲ ਅੱਤਵਾਦ ਮੁੜ ਪਨਪਣ ਦੇ ਸ਼ੰਕੇ ਬਿਲਕੁਲ ਬੇਬੁਨਿਆਦ ਹਨ, ਜਦੋਂ ਕਿ ਕਾਂਗਰਸ ਪਾਰਟੀ ਵੱਲੋਂ ਇਸ ਮੁੱਦੇ ‘ਤੇ ਬੇਲੋੜਾ ਰੌਲਾ ਪਾ ਕੇ ਮੀਡੀਆ ਰਾਹੀਂ ਗ਼ਲਤਫ਼ਹਿਮੀ ਵਾਲਾ ਮਾਹੌਲ ਸਿਰਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸ੍ਰੀ ਆਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਵਿੱਚ ਸ਼ਾਮਿਲ ਹੋਣ ਬਾਰੇ ਉਨ੍ਹਾਂ ਦਾ ਨਿੱਜੀ ਸੱਦਾ ਕਬੂਲ ਕੀਤਾ ਸੀ ਅਤੇ ਭਰੋਸਾ ਦਿਵਾਇਆ ਸੀ ਕਿ ਉਹ ਇਸ ਸ਼ਾਨਾਮੱਤੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣਾ ਹਰੇਕ ਮੁੱਖ ਮੰਤਰੀ ਦਾ ਫ਼ਰਜ਼ ਹੁੰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਕਾਲੀ ਭਾਜਪਾ ਗੱਠਜੋੜ ਦੇ…… ਨੇਤਾਵਾਂ ਦੀ ਬਣੀ ਸਾਂਝੀ ਕਮੇਟੀ ਵੱਲੋਂ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ, ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਸੀ, ਜਿਨ੍ਹਾਂ ਵੱਲੋਂ ਸਮਾਗਮ ਵਿੱਚ ਸ਼ਿਰਕਤ ਕਰਨ ਦੀ ਸੰਭਾਵਨਾ ਹੈ।
ਉਨ੍ਹਾਂ ਦਾਅਵੇ ਨਾਲ ਕਿਹਾ ਕਿ ਸਰਕਾਰ ਨੂੰ ਚਲਾਉਣ ਦਾ ਹਰੇਕ ਫ਼ੈਸਲਾ ਅਕਾਲੀ ਭਾਜਪਾ ਗੱਠਜੋੜ ਸਰਕਾਰ ਵੱਲੋਂ ਸਰਬਸੰਮਤੀ ਨਾਲ ਲਿਆ ਜਾਂਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਦੋਵਾਂ ਭਾਈਵਾਲ ਪਾਰਟੀਆਂ ਵਿੱਚ ਹਰੇਕ ਮੁੱਦੇ ‘ਤੇ ਵਿਚਾਰਧਾਰਕ ਸਹਿਮਤੀ ਹੈ ਅਤੇ ਸਾਰੇ ਫ਼ੈਸਲੇ ਸਾਂਝੇ ਤੌਰ ‘ਤੇ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਚਿਰ ਸਦੀਵੀ ਹੈ ਅਤੇ ਦੋਵਾਂ ਪਾਰਟੀਆਂ ਨੂੰ ਹਰੇਕ ਮੁੱਦੇ ‘ਤੇ ਇੱਕ ਦੂਜੇ ‘ਤੇ ਪੂਰਨ ਵਿਸ਼ਵਾਸ ਅਤੇ ਭਰੋਸਾ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ਗੱਠਜੋੜ ਵੱਲੋਂ ਕੋਈ ਵੀ ਫ਼ੈਸਲਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਨੂੰ ਅੱਗੇ ਰੱਖ ਕੇ ਲਿਆ ਜਾਂਦਾ ਹੈ।
ਭੂਮੀ ਅਧਿਗ੍ਰਹਿਣ ਬਿੱਲ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਸੰਬੰਧੀ ਪਾਰਟੀ ਦੀ ਰਾਇ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ਮੀਨ ਪ੍ਰਾਪਤੀ ਨੀਤੀ ਨੂੰ ਕੌਮੀ ਪੱਧਰ ‘ਤੇ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਪੱਖੀ ਜ਼ਮੀਨ ਪ੍ਰਾਪਤੀ ਬਿੱਲ ਵਿੱਚ ਕਿਸਾਨਾਂ ਦੀ ਸਹਿਮਤੀ, ਬਣਦਾ ਮੁਆਵਜ਼ਾ ਅਤੇ ਮੁੜ ਵਸੇਬੇ ਨੂੰ ਸ਼ਾਮਿਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਐਨ. ਡੀ. ਏ. ਸਰਕਾਰ ਦੇ ਇੱਕ ਸਾਲ ਦੇ ਸਮੇਂ ਦੌਰਾਨ ਪੰਜਾਬ ਨੂੰ ਕਈ ਵੱਡੇ ਪ੍ਰੋਜੈਕਟ ਮਿਲੇ ਹਨ, ਜੋ ਕਿ ਭਵਿੱਖ ਵਿੱਚ ਸੂਬੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣਗੇ। ਉਨ੍ਹਾਂ ਸੂਬੇ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼), ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ. ਆਈ. ਐੱਮ.) ਅਤੇ ਪੋਸਟ ਗਰੈਜੂਏਟ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨਲ ਇੰਸਟੀਚਿਊਟ ਦੇਣ ਦੇ ਨਾਲ-ਨਾਲ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ‘ਤੇ ਐਨ. ਡੀ. ਏ. ਸਰਕਾਰ ਦੀ ਪ੍ਰਸੰਸਾ ਕੀਤੀ।
ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਐਨ. ਡੀ. ਏ. ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨਾਂ ਦੇ ਹਿਤਾਂ ਲਈ ਵੱਡੇ ਫ਼ੈਸਲੇ ਲਏ ਗਏ ਹਨ, ਜਿਨ੍ਹਾਂ ਦਾ ਉਨ੍ਹਾਂ ਨੂੰ ਬਹੁਤ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਮੰਗ ‘ਤੇ ਭਾਰਤ ਸਰਕਾਰ ਵੱਲੋਂ ਫ਼ਸਲਾਂ ਦੇ ਖ਼ਰਾਬੇ ਲਈ ਅਪਣਾਏ ਜਾਂਦੇ ਮਾਪਦੰਡਾਂ ਵਿੱਚ ਢਿੱਲ ਦਿੱਤੀ ਗਈ ਹੈ।
ਇਸ ਤੋਂ ਬਾਅਦ ਪਿੰਡ ਮਾਣਕ, ਲੱਖਪੁਰ ਅਤੇ ਖਲਿਆਣ ਵਿਖੇ ਸੰਗਤ ਦਰਸ਼ਨਾਂ ਦੌਰਾਨ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸੰਗਤ ਦਰਸ਼ਨ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਦਾ ਵਧੀਆ ਜਰੀਆ ਹੈ। ਉਨ੍ਹਾਂ ਕਿਹਾ ਕਿ ਉਹ ਦਫ਼ਤਰ ਵਿੱਚ ਬੈਠਣ ਦੀ ਬਿਜਾਏ ਲੋਕਾਂ ਵਿੱਚ ਜਾਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਹੱਲ ਕਰਨ ਨੂੰ ਪਹਿਲ ਦਿੰਦੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਿੰਡ ਨਾਰੰਗ ਸ਼ਾਹਪੁਰ ਵਿਖੇ ੬੬ ਕੇ. ਵੀ. ਸਬ ਸਟੇਸ਼ਨ ਦਾ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਸਰਕਾਰੀ ਆਈ. ਟੀ. ਆਈ. (ਲੜਕੀਆਂ) ਫਗਵਾੜਾ ਦੇ ਨਵੇਂ ਬਣੇ ਸਵਰਗੀ ਬੀਬੀ ਸੁਰਿੰਦਰ ਕੌਰ ਬਾਦਲ ਬਲਾਕ ਅਤੇ ਪਿੰਡ ਮਾਣਕ ਵਿਖੇ ੬੬ ਕੇ. ਵੀ. ਸਬ ਸਟੇਸ਼ਨ ਦਾ ਉਦਘਾਟਨ ਵੀ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਮੁੱਖ ਸੰਸਦੀ ਸਕੱਤਰ ਸ੍ਰੀ ਸੋਮ ਪ੍ਰਕਾਸ਼, ਮਾਰਕਫੈੱਡ ਦੇ ਚੇਅਰਮੈਨ ਸ. ਜਰਨੈਲ ਸਿੰਘ ਵਾਹਿਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸ਼ਰਮਾ, ਡੀ. ਆਈ. ਜੀ. ਸ੍ਰੀ ਕੁੰਵਰ ਵਿਜੇ ਪ੍ਰਤਾਪ ਅਤੇ ਹੋਰ ਹਾਜ਼ਰ ਸਨ।