ਸਿੱਟ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਚਾਰਜਸ਼ੀਟ ਦਾਇਰ, ਕੇਸ ਦੀ ਅਗਲੀ ਸੁਣਵਾਈ 6 ਮਾਰਚ ਨਿਰਧਾਰਤ

ਫਰੀਦਕੋਟ/ਚੰਡੀਗੜ੍ਹ, 24 ਫਰਵਰੀ – ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਸਿੱਟ ਨੇ ਅੱਜ ਚਲਾਨ ਪੇਸ਼ ਕੀਤਾ ਹੈ। ਸਿੱਟ ਵੱਲੋਂ 7000 ਪੰਨਿਆਂ ਦੀ ਚਾਰਜਸ਼ੀਟ ਫ਼ਰੀਦਕੋਰਟ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿਚ ਦਾਇਰ ਕਰਕੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀਨ ਡੀਜੀਪੀ ਸੁਮੇਧ ਸੈਣੀ ਕੋਟਕਪੂਰਾ ਗੋਲੀ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਸਨ।
ਸਿੱਟ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਆਈ.ਜੀ ਅਮਰ ਸਿੰਘ ਚਾਹਲ, ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ, ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਉਸ ਵੇਲੇ ਦੇ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਨੂੰ ਇਸ ਚਲਾਨ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ ਵੱਖ ਧਾਰਾਵਾਂ ਲਗਾਈਆਂ ਗਈਆਂ ਹਨ। ਅਦਾਲਤ ਨੇ ਦੋਸ਼ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਇਸ ਕੇਸ ਵਿੱਚ ਸੁਣਵਾਈ ਦੀ ਅਗਲੀ ਤਰੀਕ 6 ਮਾਰਚ ਨਿਰਧਾਰਤ ਕੀਤੀ ਹੈ। ਉਦੋਂ ਤੱਕ ਅਦਾਲਤ ਜਾਂਚ ਟੀਮ ਵੱਲੋਂ ਪੇਸ਼ ਕੀਤੇ ਦਸਤਾਵੇਜ਼ਾਂ ਦੀ ਘੋਖ ਪੜਤਾਲ ਕਰੇਗੀ।