ਸੁਖਬੀਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਨੋਡਲ ਅਫਸਰ ਨਿਯੁਕਤ ਕਰਨ ਦੇ ਹੁਕਮ

# ਹਫਾਜਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, # ਹਮੁਆਵਜ਼ਾ ਦੇਣ ਲਈ ਗਿਰਦਾਵਰੀ ਜਲਦ ਮੁਕੰਮਲ ਕਰਨ ਦੇ ਹੁਕਮ
# ਹਭਾਖੜਾ ਬਿਆਸ ਪ੍ਰਬੰਧਨ ਬੋਰਡ ਨੂੰ ਸਤਲੁਜ ਵਿੱਚ ਪਾਣੀ ਨਿਯਮਤ ਮਾਤਰਾ ‘ਚ ਛੱਡਣ ਲਈ ਕਿਹਾ, # ਹਜਿਲ੍ਹਾ ਪ੍ਰਸ਼ਾਸਨ ਨੂੰ ਪਸ਼ੂਆਂ ਲਈ ਹਰਾ ਚਾਰਾ ਤੇ ਤੂੜੀ ਤੁਰੰਤ ਭੇਜਣ ਦੀ ਹਦਾਇਤ

ਕਾਂਵਾਵਾਲੀ ਪੱਤਣ (ਫਾਜਿਲਕਾ), 22 ਅਗਸਤ – ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪ੍ਰਭਾਵਿਤ ਜਿਲ੍ਹਿਆਂ ਵਿੱਚ ਰਾਹਤ ਕਾਰਜਾਂ ਦੀ 24 ਘੰਟੇ ਨਿਗਰਾਨੀ ਲਈ ਨੋਡਲ ਅਫਸਰ ਨਿਯੁਕਤ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਨਾਲ ਨਾਲ ਪ੍ਰਭਾਵਿਤ ਲੋਕਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾ ਸਕੇ। ਅੱਜ ਇਥੇ ਕਾਂਵਾਵਾਲੀ ਪੱਤਣ ਪਾਰ ਦੇ 26 ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਮੌਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸ. ਬਾਦਲ ਨੇ ਕਿਹਾ ਕਿ ਪਹਾੜੀ ਖੇਤਰਾਂ ਵਿਚ ਭਾਰੀ ਬਾਰਿਸ਼ ਕਾਰਨ ਅਜਿਹੀ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ ਨੂੰ ਕਿਹਾ ਗਿਆ ਹੈ ਕਿ ਉਹ ਸਤਲੁਜ ਦਰਿਆ ਵਿੱਚ ਪਾਣੀ ਨਿਯਮਿਤ ਮਾਤਰਾ ਨਾਲ ਛੱਡੇ ਅਤੇ ਜਿਆਦਾ ਪਾਣੀ ਛੱਡਣ ਦੀ ਸਥਿਤੀ ਵਿੱਚ ਜਿਲ੍ਹਾ ਪ੍ਰਸ਼ਾਸਨਾਂ ਨੂੰ ਅਗਾਉਂ ਚੇਤਾਵਨੀ ਜਾਰੀ ਕੀਤੀ ਜਾਵੇ।

ਸ. ਬਾਦਲ ਨੇ ਫਾਜਿਲਕਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਬਸੰਤ ਗਰਗ ਨੂੰ ਕਿਹਾ ਕਿ ਹੜ੍ਹ ਪ੍ਰਭਾਵਿਤ ਹਰ ਪਿੰਡ ਵਿੱਚ ਇੱਕ ਨੋਡਲ ਅਧਿਕਾਰੀ ਤਾਇਨਾਤ ਕੀਤਾ ਜਾਵੇ ਜੋ ਕਿ ਰਾਹਤ ਕਾਰਜਾਂ, ਮੁਆਵਜ਼ੇ ਦੀ ਵੰਡ ਤੋਂ ਇਲਾਵਾ ਪ੍ਰਭਾਵਿਤਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਤਾਲਮੇਲ ਕਰੇ। ਪ੍ਰਭਾਵਿਤ ਲੋਕਾਂ ਵਲੋਂ ਬਰਬਾਦ ਹੋਈਆਂ ਫਸਲਾਂ ਅਤੇ ਘਰਾਂ ਦਾ ਮੁਆਵਜ਼ਾ ਦੇਣ ਸਬੰਧੀ ਕੀਤੀ ਮੰਗ ਬਾਰੇ ਸ. ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ੨ ਦਿਨ ਪਹਿਲਾਂ ਹੀ ਪ੍ਰਭਾਵਿਤ ਫਸਲਾਂ ਸਬੰਧੀ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨੂੰ ਗਿਰਦਾਵਰੀ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਨੂੰ ਮੁਆਵਜ਼ਾ ਛੇਤੀ ਦਿੱਤਾ ਜਾ ਸਕੇ। ਸਿਹਤ ਵਿਭਾਗ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਾਉਣ ਦੇ ਹੁਕਮ ਦਿੰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਅਤੇ ਦਵਾਈਆਂ ਮੌਕੇ ‘ਤੇ ਹੀ ਦਿੱਤੀਆਂ ਜਾਣ। ਸਿਹਤ ਵਿਭਾਗ ਵਲੋਂ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕਲੋਰੀਨ ਦੀਆਂ ਗੋਲੀਆਂ ਵੰਡਣ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਪਿੰਡਾਂ ਵਿੱਚ ਵੈਟਰਨਰੀ ਡਾਕਟਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਗਏ ਹਨ। ਹੜ੍ਹ ਕਾਰਨ ਹਰੇ ਚਾਰੇ ਦੀ ਪੈਦਾ ਹੋਈ ਘਾਟ ਸਬੰਧੀ ਸ. ਬਾਦਲ ਨੇ ਜਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਹਰੇ ਚਾਰੇ ਅਤੇ ਤੂੜੀ ਮੁਹੱਈਆ ਕਰਵਾਈ ਜਾਵੇ।